ਅੰਮ੍ਰਿਤਸਰ, 20 ਮਈ (ਜਗਦੀਪ ਸਿੰਘ) – ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਦੇ ਸਾਕੇ ਸਮੇਂ ਸ਼ਹੀਦ ਹੋਏ ਸਿੰਘਾਂ ਦੀ ਯਾਦ ਵਿਚ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ
ਕਮੇਟੀ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਇਆ ਗਿਆ।ਜ਼ਿਕਰਯੋਗ ਹੈ ਕਿ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਛਰਨਛੋਹ ਪ੍ਰਾਪਤ ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਨੂੰ ਕੁਕਰਮੀ ਮਹੰਤਾਂ ਤੋਂ ਅਜ਼ਾਦ ਕਰਵਾਉਣ ਸਮੇਂ 22 ਮਈ 1964 ਨੂੰ ਵਾਪਰੇ ਸਾਕੇ ਸਮੇਂ ਨਿਹੰਗ ਸਿੰਘ ਜਥੇਬੰਦੀ ਮਿਸਲ ਸ਼ਹੀਦਾਂ ਤਰਨਾ ਦਲ ਦੇ 11 ਸਿੰਘ ਸ਼ਹੀਦ ਹੋਏ ਸਨ।
ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਮੀਡੀਆ ਕੁਲਵਿੰਦਰ ਸਿੰਘ ਰਮਦਾਸ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਹਰ ਸਾਲ ਸ੍ਰੀ ਪਾਉਂਟਾ ਸਾਹਿਬ ਦੇ ਸ਼ਹੀਦਾਂ ਦੀ ਯਾਦ ਵਿਚ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸਮਾਗਮ ਕੀਤੇ ਜਾਂਦੇ ਹਨ।ਇਸ ਸਬੰਧ ਵਿਚ ਅੱਜ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਹੋਈ ਹੈ, ਜਿਸ ਦੇ ਭੋਗ 22 ਮਈ ਨੂੰ ਪਾਏ ਜਾਣਗੇ, ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਹਾਜ਼ਰੀ ਭਰਨਗੀਆਂ।ਉਨ੍ਹਾਂ ਸੰਗਤਾਂ ਨੂੰ ਸ਼ਹੀਦਾਂ ਦੀ ਯਾਦ ‘ਚ ਹੋ ਰਹੇ ਸਮਾਗਮ ਸਮੇਂ ਸ਼ਾਮਲ ਦੀ ਅਪੀਲ ਵੀ ਕੀਤੀ।ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਮੌਕੇ ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸੁਲੱਖਣ ਸਿੰਘ ਭੰਗਾਲੀ, ਮੀਡੀਆ ਇੰਚਾਰਜ਼ ਹਰਭਜਨ ਸਿੰਘ ਵਕਤਾ, ਮੀਤ ਮੈਨੇਜਰ ਨਿਸ਼ਾਨ ਸਿੰਘ ਅਤੇ ਹੋਰ ਹਾਜ਼ਰ ਸਨ।
Check Also
ਪ੍ਰਿੰਸੀਪਲ ਡਾ. ਪੁਸ਼ਪਿੰਦਰ ਵਾਲੀਆ ਨੂੰ ਖੇਡਾਂ ਵਿੱਚ ਸ਼ਾਨਦਾਰ ਯੋਗਦਾਨ ਲਈ ਕੀਤਾ ਗਿਆ ਸਨਮਾਨਿਤ
ਅੰਮ੍ਰਿਤਸਰ, 18 ਮਾਰਚ (ਜਗਦੀਪ ਸਿੰਘ) – ਬੀ.ਬੀ.ਕੇ ਡੀ.ਏ.ਵੀ ਕਾਲਜ ਫਾਰ ਵੁਮੈਨ ਪ੍ਰਿੰਸੀਪਲ ਡਾ. ਪੁਸ਼ਪਿੰਦਰ ਵਾਲੀਆ …
Punjab Post Daily Online Newspaper & Print Media