Saturday, August 15, 2026

ਜੂਨ 1984 ‘ਚ ਜ਼ਖ਼ਮੀ ਹੋਏ ਪਾਵਨ ਸਰੂਪ ਦੇ ਸੰਗਤਾਂ ਨੂੰ 2 ਤੋਂ 5 ਜੂਨ ਤੱਕ ਕਰਵਾਏ ਜਾਣਗੇ ਦਰਸ਼ਨ

ਐਡਵੋਕੇਟ ਧਾਮੀ ਵੱਲੋਂ 6 ਜੂਨ ਦਾ ਸ਼ਹੀਦੀ ਸਮਾਗਮ ਕੌਮੀ ਇਕਜੁੱਟਤਾ ਨਾਲ ਮਨਾਉਣ ਦੀ ਅਪੀਲ
ਅੰਮ੍ਰਿਤਸਰ, 1 ਜੂਨ (ਜਗਦੀਪ ਸਿੰਘ ਸੱਗੂ) – ਜੂਨ 1984 ’ਚ ਭਾਰਤ ਦੀ ਕਾਂਗਰਸ ਸਰਕਾਰ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ’ਤੇ ਕੀਤੇ ਗਏ ਫ਼ੌਜੀ ਹਮਲੇ ਦੌਰਾਨ ਜ਼ਖ਼ਮੀ ਹੋਏ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਦੇ ਇਸ ਵਾਰ ਵੀ 2 ਜੂਨ ਤੋਂ 5 ਜੂਨ ਤੱਕ ਸੰਗਤਾਂ ਨੂੰ ਦਰਸ਼ਨ ਕਰਵਾਏ ਜਾਣਗੇ।ਇਸ ਪਾਵਨ ਸਰੂਪ ਦੇ ਬੀਤੇ ਸਾਲ ਪਹਿਲੀ ਵਾਰ ਸੰਗਤ ਨੂੰ ਦਰਸ਼ਨ ਕਰਵਾਏ ਗਏ ਸਨ।ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਜੂਨ 1984 ਦਾ ਫ਼ੌਜੀ ਹਮਲਾ ਸਿੱਖ ਮਾਨਸਿਕਤਾ ਦਾ ਸਦੀਵ ਹਿੱਸਾ ਬਣ ਚੁੱਕਾ ਹੈ ਅਤੇ ਹਰ ਸਾਲ ਜੂਨ ਮਹੀਨਾ ਚੜ੍ਹਦਿਆਂ ਹੀ ਸਿੱਖ ਕੌਮ ਦੇ ਇਹ ਅੱਲ੍ਹੇ ਜ਼ਖ਼ਮ ਰਿਸਣ ਲੱਗਦੇ ਹਨ।ਉਨ੍ਹਾਂ ਕਿਹਾ ਕਿ ਇਸ ਫ਼ੌਜੀ ਹਮਲੇ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੁਸ਼ੋਭਿਤ ਪਾਵਨ ਸਰੂਪ ਨੂੰ ਗੋਲੀ ਨਾਲ ਜ਼ਖ਼ਮੀ ਕਰ ਦਿੱਤਾ ਗਿਆ ਸੀ, ਜਿਸ ਦੇ ਸੰਗਤ ਨੂੰ ਦਰਸ਼ਨ ਕਰਵਾਏ ਜਾਣਗੇ।ਉਨ੍ਹਾਂ ਦੱਸਿਆ ਕਿ ਇਸ ਪਾਵਨ ਸਰੂਪ ਨੂੰ 2 ਤੋਂ 5 ਜੂਨ ਤੱਕ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਨਜ਼ਦੀਕ ਸਥਿਤ ਗੁਰਦੁਆਰਾ ਸ਼ਹੀਦ ਬਾਬਾ ਗੁਰਬਖ਼ਸ਼ ਸਿੰਘ ਵਿਖੇ ਸੁਸ਼ੋਭਿਤ ਕੀਤਾ ਜਾਵੇਗਾ।ਇਨ੍ਹਾਂ 4 ਦਿਨਾਂ ਵਿਚ ਸਵੇਰੇ ਤੋਂ ਲੈ ਕੇ ਸ਼ਾਮ ਤੱਕ ਸੰਗਤਾਂ ਪਾਵਨ ਸਰੂਪ ਦੇ ਦਰਸ਼ਨ ਕਰ ਸਕਣਗੀਆਂ।
              ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਜੂਨ 1984 ’ਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖਤ ਸਾਹਿਬ ’ਤੇ ਸਮੇਂ ਦੀ ਕਾਂਗਰਸ ਸਰਕਾਰ ਵੱਲੋਂ ਕੀਤੇ ਗਏ ਫ਼ੌਜੀ ਹਮਲੇ ਦੇ ਸ਼ਹੀਦਾਂ ਨੂੰ ਸ਼ਰਧਾ ਤੇ ਸਤਿਕਾਰ ਭੇਟ ਕਰਨ ਲਈ ਸ੍ਰੀ ਅਕਾਲ ਤਖਤ ਸਾਹਿਬ ’ਤੇ 6 ਜੂਨ ਦੇ ਸ਼ਹੀਦੀ ਸਮਾਗਮ ਨੂੰ ਕੌਮੀ ਇਕਜੁੱਟਤਾ ਨਾਲ ਮਨਾਉਣ ਦੀ ਅਪੀਲ ਕੀਤੀ ਹੈ।ਉਨ੍ਹਾਂ ਸਮੁੱਚੀਆਂ ਸਿੱਖ ਜਥੇਬੰਦੀਆਂ ਤੇ ਸੰਗਤਾਂ ਨੂੰ 6 ਜੂਨ ਦਾ ਸ਼ਹੀਦੀ ਸਮਾਗਮ ਪੰਥਕ ਇਕਜੁੱਟਤਾ ਨਾਲ ਮਨਾਉਣ ਦਾ ਸੱਦਾ ਦਿੱਤਾ।

Check Also

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ 6.50 ਲੱਖ ਬੂਟੇ ਲਗਾਉਣ ਦੀ ਮੁਹਿੰਮ ਜਾਰੀ

ਅੰਮ੍ਰਿਤਸਰ, 13 ਅਗਸਤ (ਸੁਖਬੀਰ ਸਿੰਘ)¸-  ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ …