Thursday, March 26, 2026

ਸ਼੍ਰੋਮਣੀ ਕਮੇਟੀ ਵੱਲੋਂ ਗੁ. ਸ੍ਰੀ ਰਾਮਸਰ ਸਾਹਿਬ ਵਿਖੇ ਮਨਾਇਆ ਪੰਚਮ ਪਾਤਸ਼ਾਹ ਜੀ ਦਾ ਸ਼ਹੀਦੀ ਦਿਹਾੜਾ 

ਅੰਮ੍ਰਿਤਸਰ, 3 ਜੂਨ (ਜਗਦੀਪ ਸਿੰਘ ਸੱਗੂ) – ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਵਿਖੇ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ।ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ, ਉਪਰੰਤ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਨਿਰਮਲ ਸਿੰਘ ਦੇ ਜਥੇ ਵੱਲੋਂ ਇਲਾਹੀ ਬਾਣੀ ਦਾ ਕੀਰਤਨ ਕੀਤਾ ਗਿਆ।
                  ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਵਧੀਕ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਲੁਧਿਆਣਾ ਨੇ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਦੇ ਇਤਿਹਾਸ ਸਬੰਧੀ ਕਥਾ ਵਿਚਾਰ ਕੀਤੀ।ਉਨ੍ਹਾਂ ਸੰਗਤਾਂ ਨੂੰ ਗੁਰੂ ਸਾਹਿਬ ਜੀ ਦੇ ਜੀਵਨ ਇਤਿਹਾਸ ਤੋਂ ਪ੍ਰੇਰਨਾ ਲੈਣ ਦੀ ਅਪੀਲ ਕਰਦਿਆਂ ਬਾਣੀ ਤੇ ਬਾਣੇ ਨਾਲ ਜੁੜਨ ਲਈ ਪ੍ਰੇਰਿਆ।ਸਜਾਏ ਗਏ ਗੁਰਮਤਿ ਸਮਾਗਮ ਸਮੇਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ ਨੇ ਕਥਾ ਵਿਚਾਰਾਂ ਕੀਤੀਆਂ ਅਤੇ ਹਜ਼ੂਰੀ ਰਾਗੀ ਜਥਿਆਂ ਵੱਲੋਂ ਗੁਰਬਾਣੀ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ ਗਿਆ।ਸਮਾਗਮ ਸਮੇਂ ਢਾਡੀ, ਕਵੀਸ਼ਰ ਤੇ ਪ੍ਰਚਾਰਕ ਸਿੰਘਾਂ ਨੇ ਸੰਗਤਾਂ ਨੂੰ ਗੁਰ-ਇਤਿਹਾਸ ਸਰਵਨ ਕਰਵਾਇਆ ਅਤੇ ਕਵੀਆਂ ਵੱਲੋਂ ਗੁਰੂ ਸਾਹਿਬ ਜੀ ਨਾਲ ਸਬੰਧਤ ਕਵਿਤਾਵਾਂ ਪੇਸ਼ ਕੀਤੀਆਂ ਗਈਆਂ।
                  ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਮਨਜੀਤ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸੁਲੱਖਣ ਸਿੰਘ ਭੰਗਾਲੀ, ਮੈਨੇਜਰ ਸੁਖਰਾਜ ਸਿੰਘ, ਪ੍ਰਚਾਰਕ ਭਾਈ ਦਿਲਬਾਗ ਸਿੰਘ, ਭਾਈ ਹਰਪ੍ਰੀਤ ਸਿੰਘ ਸਮੇਤ ਸੰਗਤਾਂ ਹਾਜ਼ਰ ਸਨ।

Check Also

ਖ਼ਾਲਸਾ ਕਾਲਜ ਵਿਖੇ ਐਗਰੀ ਫੈਸਟ-2026 ਕਰਵਾਇਆ ਗਿਆ

ਅੰਮ੍ਰਿਤਸਰ, 25 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਖੇਤੀਬਾੜੀ ਵਿਭਾਗ ਅਤੇ ਖੇਤੀਬਾੜੀ ਸੁਸਾਇਟੀ …