Sunday, March 8, 2026

ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਪ੍ਰਿੰ: ਸੁਰਿੰਦਰ ਸਿੰਘ ਦਾ ਚਲਾਣਾ ਵੱਡਾ ਪੰਥਕ ਘਾਟਾ – ਐਡਵੋਕੇਟ ਧਾਮੀ

ਪ੍ਰਿੰ: ਸੁਰਿੰਦਰ ਸਿੰਘ ਨਮਿਤ ਸ਼ੋਕ ਸਭਾ ਕਰਕੇ ਦਿੱਤੀ ਸ਼ਰਧਾਜਲੀ, ਦਫ਼ਤਰ ਰਹੇ ਬੰਦ

ਅੰਮ੍ਰਿਤਸਰ, 14 ਜੂਨ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਪ੍ਰਿੰਸੀਪਲ ਸੁਰਿੰਦਰ ਸਿੰਘ ਦੇ ਅਕਾਲ ਚਲਾਣਾ ਕਰ ਜਾਣ ’ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਐਡਵੋਕੇਟ ਧਾਮੀ ਨੇ ਆਖਿਆ ਕਿ ਪ੍ਰਿੰਸੀਪਲ ਸੁਰਿੰਦਰ ਦੀਆਂ ਪੰਥਕ ਅਤੇ ਧਰਮ ਪ੍ਰਚਾਰ ਸੇਵਾਵਾਂ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ।ਉਨ੍ਹਾਂ ਕਿਹਾ ਕਿ ਪੂਰਾ ਜੀਵਨ ਸਿੱਖੀ ਪ੍ਰਚਾਰ ਨੂੰ ਸਮਰਪਿਤ ਕਰਨ ਵਾਲੀ ਸ਼ਖ਼ਸੀਅਤ ਦੇ ਤੁਰ ਜਾਣ ਨਾਲ ਵੱਡਾ ਪੰਥਕ ਘਾਟਾ ਪਿਆ ਹੈ, ਜੋ ਪੂਰਾ ਨਹੀਂ ਹੋ ਸਕਦਾ। ਐਡਵੋਕੇਟ ਧਾਮੀ ਨੇ ਕਿਹਾ ਕਿ ਇਕ ਵਿਦਵਾਨ ਸਿੱਖ ਸਕਾਲਰ ਵਜੋਂ ਆਪਣੀ ਪਛਾਣ ਬਣਾਉਣ ਦੇ ਨਾਲ-ਨਾਲ ਪ੍ਰਿੰਸੀਪਲ ਸੁਰਿੰਦਰ ਸਿੰਘ ਨੇ ਸ਼੍ਰੋਮਣੀ ਕਮੇਟੀ ਦੇ ਪ੍ਰਬੰਧਕੀ ਕਾਰਜਾਂ ਵਿਚ ਵੀ ਅਹਿਮ ਭੂਮਿਕਾ ਨਿਭਾਈ ਅਤੇ ਉਹ ਸੰਸਥਾ ਦੀ ਚੜ੍ਹਦੀ ਕਲਾ ਲਈ ਸੇਧਮਈ ਸਲਾਹ ਦਿੰਦੇ ਸਨ। ਪ੍ਰਿੰਸੀਪਲ ਸੁਰਿੰਦਰ ਸਿੰਘ ਦੇ ਅਕਾਲ ਚਲਾਣੇ ’ਤੇ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਰਘੂਜੀਤ ਸਿੰਘ ਵਿਰਕ, ਜਨਰਲ ਸਕੱਤਰ ਜਥੇਦਾਰ ਕਰਨੈਲ ਸਿੰਘ ਪੰਜੋਲੀ ਸਮੇਤ ਹੋਰਨਾਂ ਪੰਥਕ ਸ਼ਖ਼ਸੀਅਤਾਂ ਨੇ ਵੀ ਅਫ਼ਸੋਸ ਪ੍ਰਗਟ ਕੀਤਾ।
                    ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਵਿਖੇ ਸਥਿਤ ਤੇਜਾ ਸਿੰਘ ਸਮੁੰਦਰੀ ਹਾਲ ਵਿਚ ਪ੍ਰਿੰਸੀਪਲ ਸੁਰਿੰਦਰ ਸਿੰਘ ਨਮਿਤ ਸ਼ੋਕ ਸਭਾ ਕੀਤੀ ਗਈ, ਜਿਸ ਵਿਚ ਮੂਲ-ਮੰਤਰ ਅਤੇ ਗੁਰ-ਮੰਤਰ ਦਾ ਜਾਪ ਕਰਕੇ ਵਿਛੜੀ ਰੂਹ ਨੂੰ ਸ਼ਰਧਾਂਜਲੀ ਭੇਟ ਕੀਤੀ।ਸ਼ੋਕ ਸਭਾ ਮਗਰੋਂ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਬੰਦ ਕਰ ਦਿੱਤੇ ਗਏ।ਸ਼ੋਕ ਸਭਾ ਮੌਕੇ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਬਲਵਿੰਦਰ ਸਿੰਘ ਵੇਈਂਪੂਈਂ, ਅਮਰਜੀਤ ਸਿੰਘ ਬੰਡਾਲਾ, ਮੈਂਬਰ ਭਾਈ ਮਨਜੀਤ ਸਿੰਘ ਭੂਰਾਕੋਹਨਾ, ਭਗਵੰਤ ਸਿੰਘ ਸਿਆਲਕਾ, ਵਧੀਕ ਸਕੱਤਰ ਪ੍ਰਤਾਪ ਸਿੰਘ, ਮੀਤ ਸਕੱਤਰ ਕੁਲਵਿੰਦਰ ਸਿੰਘ ਰਮਦਾਸ, ਬਲਵਿੰਦਰ ਸਿੰਘ ਕਾਹਲਵਾਂ, ਸਕੱਤਰ ਸਿੰਘ, ਗੁਰਿੰਦਰ ਸਿੰਘ ਮਥਰੇਵਾਲ, ਗੁਰਮੀਤ ਸਿੰਘ ਬੁੱਟਰ, ਤੇਜਿੰਦਰ ਸਿੰਘ ਪੱਡਾ, ਸੁਪਰਡੈਂਟ ਮਲਕੀਤ ਸਿੰਘ ਬਹਿੜਵਾਲ ਸਮੇਤ ਸ਼੍ਰੋਮਣੀ ਕਮੇਟੀ, ਧਰਮ ਪ੍ਰਚਾਰ ਕਮੇਟੀ ਤੇ ਸ੍ਰੀ ਦਰਬਾਰ ਸਾਹਿਬ ਦਾ ਸਟਾਫ਼ ਹਾਜ਼ਰ ਸੀ।

Check Also

ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀ ਵਿਦਿਆਰਥਣ ਨੇ ਨਗਦ ਇਨਾਮ ਪ੍ਰਾਪਤ ਕੀਤਾ

ਅੰਮ੍ਰਿਤਸਰ, 5 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਸਲ ਅਧੀਨ ਖਾਲਸਾ ਕਾਲਜ ਗਰਲਜ਼ …