Saturday, March 21, 2026

ਸੰਗਰੂਰ ‘ਚ ਵੋਟਾਂ ਦੀ ਗਿਣਤੀ ਲਈ ਸਾਰੇ ਪ੍ਰਬੰਧ ਮੁਕੰਮਲ – ਰਿਟਰਨਿੰਗ ਅਫ਼ਸਰ

ਸਵੇਰੇ 8-00 ਵਜੇ ਤੋਂ ਸ਼ੁਰੂ ਹੋਵੇਗੀ ਗਿਣਤੀ ਪ੍ਰਕਿਰਿਆ

ਸੰਗਰੂਰ, 25 ਜੂਨ (ਜਗਸੀਰ ਲੌਂਗੋਵਾਲ) – ਸੰਗਰੂਰ ਲੋਕ ਸਭਾ ਹਲਕੇ ਦੀ ਬੀਤੀ 23 ਜੂਨ ਨੂੰ ਜ਼ਿਮਨੀ ਚੋਣ ਲਈ ਪਈਆਂ ਵੋਟਾਂ ਦੀ 26 ਜੂਨ ਦਿਨ ਐਤਵਾਰ ਨੂੰ ਹੋਣ ਵਾਲੀ ਗਿਣਤੀ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ।ਲੋਕ ਸਭਾ ਹਲਕੇ `ਚ ਪੈਂਦੇ ਸੰਗਰੂਰ ਜ਼ਿਲ੍ਹੇ ਦੇ 5 ਵਿਧਾਨ ਸਭਾ ਹਲਕਿਆਂ ਦੇ ਨਾਲ-ਨਾਲ ਮਲੇਰਕੋਟਲਾ ਵਿਧਾਨ ਸਭਾ ਹਲਕੇ ਦੀਆਂ ਵੋਟਾਂ ਦੀ ਗਿਣਤੀ ਵੀ ਦੇਸ਼ ਭਗਤ ਕਾਲਜ ਬਰੜਵਾਲ, ਧੂਰੀ ਵਿਖੇ ਬਣਾਏ ਗਏ ਵੱਖ-ਵੱਖ ਕਾਉਂਟਿੰਗ ਹਾਲਾਂ `ਚ ਕਰਵਾਈ ਜਾਵੇਗੀ।
                      ਚੋਣ ਲੜ ਰਹੇ ਉਮੀਦਵਾਰਾਂ, ਗਿਣਤੀ ਪ੍ਰਕਿਰਿਆ ਨਾਲ ਸਬੰਧਤ ਸਮੁੱਚੇ ਚੋਣ ਅਮਲੇ, ਪੁਲਿਸ ਤੇ ਪ੍ਰਸ਼ਾਸਨਿਕ ਅਧਿਕਾਰੀਆਂ ਅਤੇ ਮੀਡੀਆ ਨੁਮਾਇੰਦਿਆਂ ਲਈ ਕੀਤੇ ਗਏ ਸਮੱਚੇ ਪ੍ਰਬੰਧਾਂ ਬਾਰੇ ਜਾਣਕਾਰੀ ਦਿੰਦਿਆਂ ਰਿਟਰਨਿੰਗ ਅਫ਼ਸਰ ਜਤਿੰਦਰ ਜੋਰਵਾਲ ਨੇ ਦੱਸਿਆ ਕਿ ਜਿਲ੍ਹਾ ਸੰਗਰੂਰ ਨਾਲ ਸਬੰਧਤ ਸਾਰੇ ਵਿਧਾਨ ਸਭਾ ਹਲਕਿਆਂ ਅਤੇ ਮਲੇਰਕੋਟਲਾ ਹਲਕੇ ਦੀਆਂ ਵੋਟਾਂ ਦੀ ਗਿਣਤੀ ਦੇਸ਼ ਭਗਤ ਕਾਲਜ ਬਰੜਵਾਲ ਵਿਖੇ ਸਥਾਪਤ ਕੀਤੇ ਗਏ ਗਿਣਤੀ ਕੇਂਦਰਾਂ ਵਿੱਚ ਕੀਤੀ ਜਾਵੇਗੀ।ਉਨ੍ਹਾਂ ਕਿਹਾ ਕਿ ਇਸਦੇ ਨਾਲ ਹੀ ਬਰਨਾਲਾ ਜ਼ਿਲ੍ਹੇ ਨਾਲ ਸਬੰਧਤ ਤਿੰਨ ਵਿਧਾਨ ਸਭਾ ਹਲਕਿਆਂ, ਬਰਨਾਲਾ, ਭਦੌੜ ਤੇ ਮਹਿਲ ਕਲਾਂ ਦੀਆਂ ਵੋਟਾਂ ਦੀ ਗਿਣਤੀ ਐਸ.ਡੀ ਕਾਲਜ ਬਰਨਾਲਾ ਵਿਖੇ ਬਣਾਏ ਗਏ ਕਾਉਂਟਿੰਗ ਹਾਲਾਂ ਵਿੱਚ ਕੀਤੀ ਜਾਵੇਗੀ।
                    ਜਤਿੰਦਰ ਜੋਰਵਾਲ ਨੇ ਦੱਸਿਆ ਕਿ ਸਮੂਹ ਟੀਮਾਂ ਨੂੰ ਚੋਣ ਕਮਿਸ਼ਨ ਵਲੋਂ ਦਿੱਤੇ ਗਏ ਹੁਕਮਾਂ ਦੀ ਇੰਨ ਬਿੰਨ ਪਾਲਣਾ ਨੂੰ ਯਕੀਨੀ ਬਣਾਉਣ ਦੇ ਆਦੇਸ਼ ਦਿੱਤੇ ਗਏ ਹਨ।ਵੋਟਾਂ ਦੀ ਗਿਣਤੀ ਪ੍ਰਕਿਰਿਆ ਸਵੇਰੇ 8-00 ਵਜੇ ਤੋਂ ਆਰੰਭ ਹੋਵੇਗੀ।ਉਨਾਂ ਦੱਸਿਆ ਕਿ ਹਰੇਕ ਗਿਣਤੀ ਕੇਂਦਰ ਵਿੱਚ 14 ਟੇਬਲ ਲਗਾਏ ਗਏ ਹਨ ਅਤੇ ਸਮੂਹ ਚੋਣ ਅਮਲੇ ਨੂੰ ਸ਼ਨਾਖਤੀ ਕਾਰਡ ਜਾਰੀ ਕੀਤੇ ਗਏ ਹਨ ਅਤੇ ਜਿੰਨ੍ਹਾਂ ਤੋਂ ਬਿਨਾਂ ਕਿਸੇ ਵੀ ਵਿਅਕਤੀ ਦਾ ਦਾਖਲਾ ਨਹੀਂ ਹੋ ਸਕੇਗਾ।ਉਨ੍ਹਾਂ ਦੱਸਿਆ ਕਿ ਸਮੁੱਚੀ ਗਿਣਤੀ ਪ੍ਰਕਿਰਿਆ ਦੀ ਬਕਾਇਦਾ ਵੀਡੀਓਗ੍ਰਾਫੀ ਕਰਵਾਈ ਜਾਵੇਗੀ।
               ਰਿਟਰਨਿੰਗ ਅਫ਼ਸਰ ਨੇ ਦੱਸਿਆ ਕਿ ਦੇਸ਼ ਭਗਤ ਕਾਲਜ ਵਿਖੇ ਮੀਡੀਆ ਸੈਂਟਰ ਸਥਾਪਤ ਕੀਤਾ ਗਿਆ ਹੈ ਜਿਸ ਵਿੱਚ ਪੱਤਰਕਾਰਾਂ ਦੀ ਸੁਵਿਧਾ ਲਈ ਪ੍ਰੋਜੈਕਟਰ ਦੀ ਮਦਦ ਨਾਲ ਸਕਰੀਨ ’ਤੇ ਸਾਰੇ ਗਿਣਤੀ ਕੇਂਦਰਾਂ ਤੋਂ ਆਉਣ ਵਾਲੇ ਨਤੀਜੇ ਨਾਲੋ-ਨਾਲ ਡਿਸਪਲੇਅ ਕੀਤੇ ਜਾਣਗੇ।ਸਮੁੱਚੇ ਪ੍ਰਬੰਧਾਂ ਨੂੰ ਨੇਪਰੇ ਚੜਾਉਣ ਲਈ ਸਿਵਲ, ਪੰਜਾਬ ਪੁਲਿਸ ਅਤੇ ਕੇਂਦਰੀ ਸੁਰੱਖਿਆ ਬਲਾਂ ਦੇ ਅਧਿਕਾਰੀ ਤੇ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ।
                 ਜਤਿੰਦਰ ਜੋਰਵਾਲ ਨੇ ਕਿਹਾ ਕਿ 23 ਜੂਨ ਨੂੰ ਸੰਗਰੂਰ ਲੋਕ ਸਭਾ ਹਲਕੇ `ਚ ਕੱਲ 45.30% ਵੋਟਿੰਗ ਹੋਈ ਸੀ।ਉਨ੍ਹਾਂ ਦੱਸਿਆ ਕਿ ਵੋਟਾਂ ਦੀ ਗਿਣਤੀ ਮੁਕੰਮਲ ਹੋਣ ਤਕ ਡਰਾਈ ਡੇਅ ਦੇ ਹੁਕਮ ਲਾਗੂ ਰਹਿਣਗੇ।

Check Also

ਡਾ. ਸਰਬਜੀਤ ਸਿੰਘ ਸਾਹਿਤ ਅਕੈਡਮੀ ਲੁਧਿਆਣਾ ਦੇ ਦੂਜੀ ਵਾਰ ਪ੍ਰਧਾਨ ਬਣੇ

ਲੁਧਿਆਣਾ, 21 ਮਾਰਚ (ਡਾ. ਗੁਰਵਿੰਦਰ ਅਮਨ) – ਡਾ. ਸਰਬਜੀਤ ਸਿੰਘ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਪ੍ਰਬੁੱਧ ਅਲੋਚਕ …