ਸਿਲੇਬਸ ਜਰੀਏ ਨੌਜੁਆਨੀ ਨੂੰ ਸਿੱਖ ਵਿਰੋਧੀ ਵਿਚਾਰ ਨਾਲ ਜੋੜਨ ਦੀ ਸਾਜ਼ਿਸ਼ -ਐਡਵੋਕੇਟ ਧਾਮੀ
ਅੰਮ੍ਰਿਤਸਰ, 13 ਜੁਲਾਈ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾਬੀ ਯੂਨੀਵਰਸਿਟੀ
ਪਟਿਆਲਾ ਦੇ ਡਿਸਟੈਂਸ ਐਜੂਕੇਸ਼ਨ ਵਿਭਾਗ ਵੱਲੋਂ ਰਾਜਨੀਤੀ ਵਿਗਿਆਨ ਦੇ ਸਿਲੇਬਸ ਵਿਚ ਸਿੱਖ ਜਰਨੈਲ ਸੰਤ ਜਰਨੈਲ ਸਿੰਘ ਭਿੰਡਰਾਂਵਾਲੇ ਨੂੰ ਅੱਤਵਾਦੀ ਲਿਖਣ ਦਾ ਸਖ਼ਤ ਨੋਟਿਸ ਲੈਂਦਿਆਂ ਇਸ ਮਾਮਲੇ ਵਿਚ ਕਰੜੀ ਕਾਰਵਾਈ ਕਰਨ ਦਾ ਆਦੇਸ਼ ਦਿੱਤਾ ਹੈ।ਇਹ ਵਿਵਾਦਿਤ ਸ਼ਬਦਾਵਲੀ ਪੰਜਾਬੀ ਯੂਨੀਵਰਸਿਟੀ ਵੱਲੋਂ ਰਾਜਨੀਤੀ ਸ਼ਾਸਤਰ ਦੇ ਚੌਥੇ ਸਮੈਸਟਰ ਵਿਚ ਵਰਤੀ ਗਈ ਹੈ।ਸਬੰਧਤ ਪੁਸਤਕ ਦੇ ਪੰਨਾ ਨੰਬਰ 26 ਅਤੇ 27 ’ਤੇ ਪੰਜਾਬ ਦੇ ਸਿੱਖ ਜੰਗਜ਼ੂ ਅੰਦੋਲਨ ਦਾ ਵਿਸ਼ਲੇਸ਼ਣ ਕਰਦਿਆਂ ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਨੂੰ ਨਿਸ਼ਾਨੇ ’ਤੇ ਲਿਆ ਗਿਆ ਹੈ ਅਤੇ ਪਾਠਕ੍ਰਮ ਵਿਚ ਸਿੱਖ ਸੰਘਰਸ਼ ਬਾਰੇ ਹੋਰ ਕਈ ਤਰ੍ਹਾਂ ਦੀ ਵਿਵਾਦਿਤ ਜਾਣਕਾਰੀ ਵੀ ਦਰਜ਼ ਹੈ।
ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਦਿੱਤੇ ਆਦੇਸ਼ਾਂ ਜਾਰੀ ਕੀਤੇ ਹਨ, ਜਿਸ ਤਹਿਤ ਸ਼੍ਰੋਮਣੀ ਕਮੇਟੀ ਨੇ ਪੰਜਾਬੀ ਯੂਨੀਵਰਸਿਟੀ ਦੇ ਉੱਪ ਕੁਲਪਤੀ ਅਤੇ ਵਿਭਾਗ ਦੇ ਮੁਖੀ ਨੂੰ ਪੱਤਰ ਲਿਖ ਕੇ ਸਪੱਸ਼ਟ ਕਰਨ ਲਈ ਕਿਹਾ ਹੈ।
ਐਡਵੋਕੇਟ ਧਾਮੀ ਨੇ ਆਖਿਆ ਕਿ ਪੰਜਾਬੀ ਯੂਨੀਵਰਸਿਟੀ ਵੱਲੋਂ ਅਜਿਹੀ ਹਰਕਤ ਕੀਤੀ ਜਾਣੀ ਉਸ ਦੀ ਪੰਜਾਬ ਅਤੇ ਸਿੱਖ ਵਿਰੋਧੀ ਮਨਸ਼ਾ ਦਾ ਪ੍ਰਗਟਾਵਾ ਹੈ ਜਿਸ।ਉਨ੍ਹਾਂ ਸਪੱਸ਼ਟ ਕਿਹਾ ਕਿ ਇਹ ਬੇਹੱਦ ਸੰਗੀਨ ਮਸਲਾ ਹੈ, ਜਿਸ ਜਰੀਏ ਨੌਜੁਆਨੀ ਨੂੰ ਸਿਲੇਬਸ ਦੇ ਬਹਾਨੇ ਸਿੱਖ ਵਿਰੋਧੀ ਵਿਚਾਰ ਨਾਲ ਜੋੜਨ ਦੀ ਗੈਰ-ਜ਼ਿੰਮੇਵਾਰਾਨਾ ਹਰਕਤ ਕੀਤੀ ਗਈ ਹੈ।ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਆਖਿਆ ਕਿ ਸੰਤ ਜਰਨੈਲ ਸਿੰਘ ਭਿੰਡਰਾਂਵਾਲੇ ਕੌਮੀ ਸ਼ਹੀਦ ਹਨ, ਜਿਨ੍ਹਾਂ ਨੇ ਸਿੱਖਾਂ ਦੀਆਂ ਹੱਕੀ ਮੰਗਾਂ ਲਈ ਸੰਘਰਸ਼ ਲੜਿਆ ਅਤੇ ਗੁਰਧਾਮਾਂ ਦੀ ਬੇਅਦਬੀ ਲਈ ਚੜ੍ਹ ਕੇ ਆਈ ਫ਼ੌਜ਼ ਨਾਲ ਟੱਕਰ ਲੈਂਦਿਆਂ ਸ਼ਹਾਦਤ ਪ੍ਰਾਪਤ ਕੀਤੀ।ਐਡਵੋਕੇਟ ਧਾਮੀ ਨੇ ਕਿਹਾ ਕਿ ਯੂਨੀਵਰਸਿਟੀ ਵੱਲੋਂ ਜੇਕਰ ਇਸ ਵਿਚ ਸੋਧ ਕਰਕੇ ਮੁਆਫੀ ਨਾ ਮੰਗੀ ਗਈ ਤਾਂ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
Punjab Post Daily Online Newspaper & Print Media