ਪੁਰਖਿਆਂ ਵਲੋਂ ਸਿਰਜੇ ਇਤਿਹਾਸ ਤੋਂ ਪ੍ਰੇਰਣਾ ਲਵੇ ਨਵੀਂ ਪੀੜ੍ਹੀ – ਐਡਵੋਕੇਟ ਧਾਮੀ
ਅੰਮ੍ਰਿਤਸਰ, 6 ਅਗਸਤ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਿੱਖ ਇਤਿਹਾਸ ਦੇ ਅਹਿਮ ਦਿਹਾੜੇ ਮੋਰਚਾ ਗੁਰੂ ਕਾ ਬਾਗ ਦੀ 100 ਸਾਲਾ ਸ਼ਤਾਬਦੀ ਸਬੰਧੀ ਸਮਾਗਮਾਂ ਦੀ ਸ਼ੁਰੂਆਤ ਅੱਜ ਪੰਥਕ ਰਵਾਇਤਾਂ ਨਾਲ ਹੋਈ।ਅੰਮ੍ਰਿਤਸਰ ਦੇ ਕਸਬਾ ਘੁੱਕੇਵਾਲੀ ਵਿਖੇ ਸਥਿਤ ਗੁਰਦੁਆਰਾ ਗੁਰੂ ਕਾ ਬਾਗ ਵਿਖੇ ਸ਼ਤਾਬਦੀ ਸਮਾਗਮਾਂ ਦੇ ਪਹਿਲੇ ਦਿਨ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਅਧੀਨ ਚੱਲਦੇ ਵੱਖ-ਵੱਖ ਸਿੱਖ ਮਿਸ਼ਨਰੀ ਕਾਲਜਾਂ ਦੇ 100 ਵਿਦਿਆਰਥੀਆਂ ਨੇ ਇੱਕੋ ਸਮੇਂ ਤੰਤੀ ਸਾਜ਼ਾਂ ਨਾਲ ਕੀਰਤਨ ਕਰਕੇ ਅਲੌਕਿਕ ਦ੍ਰਿਸ਼ ਸਿਰਜਿਆ ਅਤੇ ਇਸੇ ਦੌਰਾਨ ਵੱਖ-ਵੱਖ ਸਕੂਲਾਂ ਕਾਲਜਾਂ ਦੇ ਵਿਦਿਆਰਥੀਆਂ ਦੇ ਧਾਰਮਿਕ ਮੁਕਾਬਲਿਆਂ ਦਾ ਵੀ ਆਯੋਜਨ ਕੀਤਾ ਗਿਆ।ਇਸ ਤੋਂ ਪਹਿਲਾਂ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਹੋਈ।
ਸ਼ਤਾਬਦੀ ਸਮਾਗਮਾਂ ਦੀ ਆਰੰਭਤਾ ਮੌਕੇ ਪੁੱਜੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਆਪਣੇ ਸੰਬੋਧਨ ਦੌਰਾਨ ਮੋਰਚਾ ਗੁਰੂ ਕਾ ਬਾਗ ਦੇ ਇਤਿਹਾਸ ਨੂੰ ਸਾਂਝਾ ਕਰਦਿਆਂ ਵਰਤਮਾਨ ਪੀੜ੍ਹੀ ਨੂੰ ਇਸ ਤੋਂ ਪ੍ਰੇਰਣਾ ਲੈਣ ਦੀ ਅਪੀਲ ਕੀਤੀ।ਉਨ੍ਹਾਂ ਆਖਿਆ ਕਿ ਇਹ ਬਿਖੜੇ ਸਮਿਆਂ ਵਿਚ ਕੀਤੇ ਗਏ ਸਿੱਖ ਸੰਘਰਸ਼ ਦੀ ਕਹਾਣੀ ਹੈ।ਐਡਵੋਕੇਟ ਧਾਮੀ ਨੇ ਕਿਹਾ ਕਿ ਸ਼ਤਾਬਦੀ ਦਿਹਾੜੇ ਸਿੱਖ ਕੌਮ ਵਲੋਂ ਆਪਣਾ ਮੰਥਨ ਕਰਨ ਲਈ ਅਤਿ ਅਹਿਮ ਹੁੰਦੇ ਹਨ, ਕਿਉਂਕਿ ਇਨ੍ਹਾਂ ਸਮਾਗਮਾਂ ਦੌਰਾਨ ਵੱਡੀ ਗਿਣਤੀ ਵਿਚ ਸਿੱਖ ਕੌਮ ਮਿਲ ਬੈਠ ਕੇ ਆਪਣੇ ਇਤਿਹਾਸ ਦੇ ਪੰਨੇ ਫਰੋਲਦੀ ਹੈ।
ਐਡਵੋਕੇਟ ਧਾਮੀ ਨੇ ਸਿੱਖ ਬੰਦੀਆਂ ਨਾਲ ਸਰਕਾਰਾਂ ਵੱਲੋਂ ਕੀਤੇ ਜਾ ਰਹੇ ਧੱਕੇ ਦੀ ਗੱਲ ਕਰਦਿਆਂ ਕਿਹਾ ਕਿ ਤਿੰਨ ਦਹਾਕਿਆਂ ਤੋਂ ਵੱਧ ਸਮਾਂ ਜੇਲ੍ਹਾਂ ਵਿਚ ਬਿਤਾਉਣ ਵਾਲੇ ਸਿੱਖਾਂ ਨਾਲ ਵਿਤਕਰਾ ਕਰਨਾ ਸਰਕਾਰਾਂ ਲਈ ਚੰਗਾ ਨਹੀਂ ਹੈ।ਸਰਕਾਰਾਂ ਨੂੰ ਬਿਨਾਂ ਦੇਰੀ ਸਿੱਖ ਬੰਦੀਆਂ ਨੂੰ ਰਿਹਾਅ ਕਰਨ ਦਾ ਐਲਾਨ ਕਰਨਾ ਚਾਹੀਦਾ ਹੈ। ਐਡਵੋਕੇਟ ਧਾਮੀ ਨੇ ਸੰਗਤ ਨੂੰ ਅਪੀਲ ਕੀਤੀ ਕਿ ਮੋਰਚਾ ਗੁਰੂ ਕਾ ਬਾਗ ਦੀ ਸ਼ਤਾਬਦੀ ਸਬੰਧੀ 8 ਅਗਸਤ ਨੂੰ ਹੋਣ ਵਾਲੇ ਮੁੱਖ ਸਮਾਗਮ ਵਿਚ ਉਤਸ਼ਾਹ ਨਾਲ ਪਹੁੰਚਣ ।
ਇਸੇ ਦੌਰਾਨ ਮੋਰਚਾ ਗੁਰੂ ਕਾ ਬਾਗ ਨਾਲ ਸਬੰਧਤ ਇਤਿਹਾਸ ਨੂੰ ਦਰਸਾਉਂਦੇ ਵੱਖ-ਵੱਖ ਚਿੱਤਰਾਂ ਦੀ ਪ੍ਰਦਰਸ਼ਨੀ ਵੀ ਲਗਾਈ ਗਈ, ਜਿਸ ਪ੍ਰਤੀ ਸੰਗਤ ਨੇ ਖ਼ਾਸ ਰੁਚੀ ਦਿਖਾਈ।ਪ੍ਰਦਰਸ਼ਨੀ ਵਿਚ 65 ਤਸਵੀਰਾਂ ਪ੍ਰਦਰਸ਼ਤ ਕੀਤੀਆਂ ਗਈਆਂ, ਜੋ ਸ਼੍ਰੋਮਣੀ ਕਮੇਟੀ ਵੱਲੋਂ ਚਿੱਤਰਕਲਾ ਵਰਕਸ਼ਾਪ ਲਗਾ ਕੇ ਤਿਆਰ ਕਰਵਾਈਆਂ ਗਈਆਂ ਹਨ।
ਸਮਾਗਮ ’ਚ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਕਮੇਟੀ ਮੈਂਬਰ ਜੋਧ ਸਿੰਘ ਸਮਰਾ, ਸ਼੍ਰੋਮਣੀ ਕਮੇਟੀ ਮੈਂਬਰ ਸੁਰਜੀਤ ਸਿੰਘ ਭਿੱਟੇਵਡ, ਭਾਈ ਮਨਜੀਤ ਸਿੰਘ, ਮੰਗਵਿੰਦਰ ਸਿੰਘ ਖਾਪੜਖੇੜੀ, ਕੁਲਦੀਪ ਸਿੰਘ ਤੇੜਾ, ਭਾਈ ਅਜਾਇਬ ਸਿੰਘ ਅਭਿਆਸੀ, ਸੁਖਵਰਸ਼ ਸਿੰਘ ਪੰਨੂ, ਬੀਬੀ ਸਰਵਨ ਕੌਰ ਤੇੜਾ, ਬਾਬਾ ਸਤਨਾਮ ਸਿੰਘ ਕਿਲ੍ਹਾ ਅਨੰਦਗੜ੍ਹ ਸਾਹਿਬ, ਬਾਬਾ ਚਰਨ ਸਿੰਘ, ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਪ੍ਰਤਾਪ ਸਿੰਘ, ਸੁਖਮਿੰਦਰ ਸਿੰਘ, ਓਐਸਡੀ ਸਤਬੀਰ ਸਿੰਘ ਧਾਮੀ, ਮੀਤ ਸਕੱਤਰ ਮੀਡੀਆ ਕੁਲਵਿੰਦਰ ਸਿੰਘ ਰਮਦਾਸ, ਆਦਿ ਮੌਜ਼ੂਦ ਸਨ।