Sunday, June 15, 2025
Breaking News

ਸ਼ੋ੍ਮਣੀ ਕਮੇਟੀ ਪਾਵਨ ਸਰੂਪ ਅਗਨ ਭੇਟ ਕਰਨ ਵਾਲਿਆਂ ਨੂੰ ਸਜ਼ਾ ਦਿਵਾਏਗੀ- ਜਥੇ: ਅਵਤਾਰ ਸਿੰਘ

ਘਿਨਾਉਣੀ ਹਰਕਤ ਕਰਨ ਵਾਲਿਆਂ ਨੂੰ ਕਿਸੇ ਵੀ ਕੀਮਤ ਤੇ ਬਖ਼ਸ਼ਿਆ ਨਹੀਂ ਜਾ ਸਕਦਾ-ਜਥੇਦਾਰ

PPN0412201411ਅੰਮ੍ਰਿਤਸਰ, 4 ਦਸੰਬਰ (ਗੁਰਪ੍ਰੀਤ ਸਿੰਘ)- ਤਰਨ-ਤਾਰਨ ਨੇੜਲੇ ਪਿੰਡ ਜੋਧਪੁਰ ਦੇ ਗੁਰਦੁਆਰਾ ਸਾਹਿਬ ਵਿਖੇ ਪੰਥ ਦੋਖੀਆਂ ਵੱਲੋਂ ਬੀਤੇ ਦਿਨੀਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਅਗਨ ਭੇਟ ਕਰਨ ਤੇ ਅਫ਼ਸੋਸ ਵਜੋਂ ਰਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਭਾਈ ਸਤਨਾਮ ਸਿੰਘ ਕੋਹਾੜਕਾ ਤੇ ਭਾਈ ਸੰਦੀਪ ਸਿੰਘ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਜਥੇ ਵੱਲੋਂ ਇਲਾਹੀ ਬਾਣੀ ਦਾ ਕੀਰਤਨ ਕੀਤਾ ਗਿਆ ਤੇ ਅਰਦਾਸ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਕੀਤੀ।ਉਪਰੰਤ ਖੁੱਲ੍ਹੇ ਪੰਡਾਲ ‘ਚ ਸਜੇ ਦੀਵਾਨ ‘ਚ ਸੰਗਤਾਂ ਨੂੰ ਸੰਬੋਧਨ ਕਰਦਿਆਂ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਮੁੱਚੀ ਲੋਕਾਈ ਦੇ ਰਹਿਬਰ ਹਨ, ਪਰ ਕੁਝ ਪੰਥ ਦੋਖੀ ਸ਼ਕਤੀਆਂ ਇਸ ‘ਤੇ ਹਮਲੇ ਕਰਕੇ ਸਿੱਖਾਂ ਦੇ ਜਜ਼ਬਾਤਾਂ ਨੂੰ ਭੜਕਾਉਣ ਦੀ ਕੋਸ਼ਿਸ਼ ਕਰ ਰਹੇ ਹਨ ਜੋ ਕਦਾਚਿਤ ਬਰਦਾਸ਼ਤ ਨਹੀਂ।ਉਨ੍ਹਾਂ ਕਿਹਾ ਕਿ ਪਿੰਡ ਜੋਧਪੁਰ ਦੇ ਗੁਰੂ-ਘਰ ਵਿੱਚ ਜਿਸ ਤਰ੍ਹਾਂ ਪਾਵਨ ਸਰੂਪ ਤੇ ਹੋਰ ਪੋਥੀਆਂ ਨੂੰ ਅਗਨ ਭੇਟ ਕੀਤਾ ਗਿਆ ਹੈ, ਇਹ ਬਹੁਤ ਹੀ ਘਿਨਾਉਣੀ ਤੇ ਮੰਦਭਾਗੀ ਘਟਨਾ ਹੈ।ਉਨ੍ਹਾਂ ਕਿਹਾ ਕਿ ਇਸ ਘਟਨਾ ਲਈ ਜਿੰਮੇਵਾਰ ਚਾਹੇ ਨੂਰਮਹਿਲੀਏ ਹੋਣ ਜਾਂ ਕੋਈ ਹੋਰ ਹੋਵੇ ਸ਼੍ਰੋਮਣੀ ਕਮੇਟੀ ਉਨ੍ਹਾਂ ਨੂੰ ਸਖ਼ਤ ਸਜ਼ਾ ਦਿਵਾਏਗੀ।ਉਨ੍ਹਾਂ ਕਿਹਾ ਕਿ ਸਮੁੱਚੇ ਪੰਥ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਛਤਰ-ਛਾਇਆ ਹੇਠ ਇਕੱਠੇ ਹੋਣਾ ਚਾਹੀਦਾ ਹੈ ਤੇ ਇਨ੍ਹਾਂ ਹਮਲਿਆਂ ਦਾ ਮੁਕਾਬਲਾ ਸਬਰ ਨਾਲ ਕਰਨਾ ਚਾਹੀਦਾ ਹੈ।
ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਨੇ ਕਿਹਾ ਕਿ ਅਜਿਹੀ ਘਿਨਾਉਣੀ ਹਰਕਤ ਕਰਨ ਵਾਲਿਆਂ ਨੂੰ ਕਿਸੇ ਵੀ ਕੀਮਤ ਤੇ ਬਖ਼ਸ਼ਿਆ ਨਹੀਂ ਜਾ ਸਕਦਾ।ਇਸ ਲਈ ਪ੍ਰਸਾਸ਼ਨ ਨੂੰ ਚਾਹੀਦਾ ਹੈ ਕਿ ਦੋਸ਼ੀਆਂ ਖਿਲਾਫ ਕਤਲ ਦੀਆਂ ਧਾਰਾਵਾਂ ਹੇਠ ਪਰਚਾ ਦਰਜ ਕਰੇ ਕਿਉਂਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਜੀਵਤ ਗੁਰੂ ਦਾ ਦਰਜਾ ਪ੍ਰਾਪਤ ਹੈ।ਉਨ੍ਹਾਂ ਸਮੁੱਚੀ ਕੌਮ ਨੂੰ ਜ਼ੋਰਦਾਰ ਸੁਨੇਹਾ ਦਿੱਤਾ ਕਿ ਸਬਰ ਤੋਂ ਕੰਮ ਲਿਆ ਜਾਵੇ ਕਿਉਂਕਿ ਪੰਥ ਵਿਰੋਧੀਆਂ ਵੱਲੋਂ ਇਹ ਕੋਈ ਨਵੀਂ ਗੱਲ ਨਹੀਂ।ਉਨ੍ਹਾਂ ਕਿਹਾ ਕਿ ਇਤਿਹਾਸ ਗਵਾਹ ਹੈ ਕਿ ਜ਼ਾਲਮਾਂ ਨੇ ਜਦੋਂ ਸ੍ਰੀ ਗੁਰੂ ਅਰਜਨ ਦੇਵ ਜੀ ਨੂੰ ਤੱਤੀ ਤਵੀਂ ਤੇ ਬਿਠਾਇਆ ਸੀ, ਤਾਂ ਉਨ੍ਹਾਂ ਨੇ ਸੀ ਨਹੀਂ ਸੀ ਕੀਤੀ ਤੇ ਜਬਰ ਦਾ ਮੁਕਾਬਲਾ ਸਬਰ ਨਾਲ ਕੀਤਾ ਸੀ।ਉਸ ਸਮੇਂ ਜ਼ੁਲਮ ਕਰਨ ਵਾਲਿਆ ਦਾ ਅੱਜ ਨਾਮੋ-ਨਿਸ਼ਾਨ ਹੀ ਮਿਟ ਗਿਆ ਹੈ।ਉਨ੍ਹਾਂ ਕਿਹਾ ਕਿ ਜੋਧਪੁਰ ਦੀ ਇਸ ਘਟਨਾ ਦੇ ਅਫ਼ਸੋਸ ਵਜੋਂ ਚਾਰ ਸ੍ਰੀ ਅਖੰਡ ਪਾਠ ਸਾਹਿਬ ਹੋਰ ਕਰਵਾਏ ਜਾਣਗੇ ਤੇ ਆਖਰੀ ਸਮਾਗਮ 12 ਦਸੰਬਰ ਨੂੰ ਹੋਵੇਗਾ।ਇਸ ਤੋਂ ਪਹਿਲਾ ਸਿੰਘ ਸਾਹਿਬ ਗਿਆਨੀ ਮੱਲ ਸਿੰਘ ਜਥੇਦਾਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਸਿੰਘ ਸਾਹਿਬ ਗਿਆਨੀ ਬਲਵੰਤ ਸਿੰਘ ਨੰਦਗੜ੍ਹ ਜਥੇਦਾਰ ਤਖ਼ਤ ਸ੍ਰੀ ਦਮਦਮਾ ਸਾਹਿਬ, ਬਾਬਾ ਅਵਤਾਰ ਸਿੰਘ ਸੁਰਸਿੰਘ ਵਾਲੇ ਤੇ ਹੋਰ ਪੰਥਕ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਵੀ ਸੰਗਤਾਂ ਨੂੰ ਸੰਬੋਧਨ ਕੀਤਾ।
ਇਸ ਮੌਕੇ ਸ. ਰਜਿੰਦਰ ਸਿੰਘ ਮਹਿਤਾ ਤੇ ਸ. ਗੁਰਬਚਨ ਸਿੰਘ ਕਰਮੂਵਾਲ ਅੰਤਿ੍ਰੰਗ ਮੈਂਬਰ, ਭਾਈ ਰਾਮ ਸਿੰਘ ਮੈਂਬਰ ਸ਼ੋ੍ਰਮਣੀ ਕਮੇਟੀ, ਸ. ਮਨਜੀਤ ਸਿੰਘ ਸਕੱਤਰ ਸ਼ੋ੍ਰਮਣੀ ਕਮੇਟੀ, ਸ. ਪਰਮਜੀਤ ਸਿੰਘ ਸਰੋਆ ਤੇ ਸ. ਕੇਵਲ ਸਿੰਘ ਵਧੀਕ ਸਕੱਤਰ, ਸ. ਸਤਿੰਦਰ ਸਿੰਘ ਨਿੱਜੀ ਸਹਾਇਕ ਪ੍ਰਧਾਨ ਸਾਹਿਬ, ਸ. ਜਸਵਿੰਦਰ ਸਿੰਘ ਦੀਨਪੁਰ ਮੀਤ ਸਕੱਤਰ, ਸ. ਕੁਲਵਿੰਦਰ ਸਿੰਘ ਰਮਦਾਸ ਇੰਚਾਰਜ ਪਬਲੀਸਿਟੀ, ਸ. ਰਵਿੰਦਰ ਸਿੰਘ ਬ੍ਰਹਮਪੁਰਾ, ਭਾਈ ਧਿਆਨ ਸਿੰਘ ਮੰਡ ਸਾਬਕਾ ਐਮ. ਪੀ, ਭਾਈ ਅਮਰੀਕ ਸਿੰਘ ਅਜਨਾਲਾ (ਟਕਸਾਲ), ਸ. ਕੰਵਰਪਾਲ ਸਿੰਘ ਦਲ ਖਾਲਸਾ ਤੇ ਹੋਰ ਬਹੁਤ ਸਾਰੀਆਂ ਜਥੇਬੰਦੀਆਂ ਦੇ ਨੁਮਾਇੰਦੇ ਸ਼ਾਮਲ ਸਨ।

Check Also

ਖਾਲਸਾ ਕਾਲਜ ਲਾਅ ਵੱਲੋਂ ‘ਸਖਸ਼ੀਅਤ ਵਿਕਾਸ ਅਤੇ ਨਿਖਾਰ’ ਵਰਕਸ਼ਾਪ ਕਰਵਾਈ ਗਈ

ਅੰਮ੍ਰਿਤਸਰ, 14 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ ਲਾਅ ਵਿਖੇ ਵਿਦਿਆਰਥਣਾਂ ਲਈ ਵਿਸਪਰ, …

Leave a Reply