Sunday, December 22, 2024

ਮੁੱਖ ਮੰਤਰੀ ਵਲੋਂ ਲੜਕੀਆਂ ਲਈ ਰੱਖੜੀ ਦਾ ਤੋਹਫ਼ਾ, ਆਂਗਨਵਾੜੀ ਵਰਕਰਾਂ ਦੀਆਂ 6000 ਆਸਾਮੀਆਂ ਭਰਨ ਦਾ ਐਲਾਨ

ਲੋਕਾਂ ਨੇ ਅਕਾਲੀਆਂ ਤੇ ਕਾਂਗਰਸੀਆਂ ਦੇ ਪੰਜਾਬ ਵਿਰੋਧੀ ਰੁਖ਼ ਕਾਰਨ ਉਨ੍ਹਾਂ ਦਾ ਸਾਥ ਛੱਡਿਆ

ਬਾਬਾ ਬਕਾਲਾ (ਅੰਮ੍ਰਿਤਸਰ), 12 ਅਗਸਤ (ਸੁਖਬੀਰ ਸਿੰਘ) – ਸੂਬੇ ਦੀਆਂ ਲੜਕੀਆਂ ਲਈ ਰੱਖੜੀ ਦੇ ਤੋਹਫ਼ੇ ਦਾ ਐਲਾਨ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੁੱਕਰਵਾਰ ਨੂੰ ਆਂਗਨਵਾੜੀ ਵਰਕਰਾਂ ਦੀਆਂ 6000 ਆਸਾਮੀਆਂ ਭਰਨ ਦਾ ਐਲਾਨ ਕੀਤਾ, ਜੋ ਪੂਰੀ ਤਰ੍ਹਾਂ ਮੈਰਿਟ ਦੇ ਆਧਾਰ ‘ਤੇ ਪਾਰਦਰਸ਼ੀ ਢੰਗ ਨਾਲ ਭਰੀਆਂ ਜਾਣਗੀਆਂ।
                    ਇੱਥੇ ਰੱਖੜ ਪੁੰਨਿਆ ਮੌਕੇ ਕਰਵਾਏ ਸਮਾਗਮ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਭਰਤੀ ਪ੍ਰਕਿਰਿਆ ਨੂੰ 45 ਦਿਨਾਂ ਵਿੱਚ ਮੁਕੰਮਲ ਕਰਨ ਦੀ ਤਿਆਰੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਸਮੁੱਚੀ ਭਰਤੀ ਪ੍ਰਕਿਰਿਆ ਮੈਰਿਟ ਦੇ ਆਧਾਰ ਉਤੇ ਪਾਰਦਰਸ਼ੀ ਤੇ ਨਿਰਪੱਖ ਢੰਗ ਨਾਲ ਨੇਪਰੇ ਚਾੜ੍ਹੀ ਜਾਵੇਗੀ, ਜਿਸ ਲਈ ਕਾਰਜਪ੍ਰਣਾਲੀ ਘੜੀ ਜਾ ਰਹੀ ਹੈ। ਭਗਵੰਤ ਮਾਨ ਨੇ ਕਿਹਾ ਕਿ ਇਨ੍ਹਾਂ ਤੋਂ ਇਲਾਵਾ ਪੰਜਾਬ ਪੁਲਿਸ ਵਿੱਚ ਹਾਲ ਹੀ ਵਿੱਚ 4300 ਆਸਾਮੀਆਂ ਭਰੀਆਂ ਗਈਆਂ ਹਨ ਅਤੇ ਚੁਣੇ ਗਏ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਅਗਲੇ ਦਿਨਾਂ ਵਿੱਚ ਦਿੱਤੇ ਜਾਣਗੇ।
                ਮੁੱਖ ਮੰਤਰੀ ਨੇ ਦ੍ਰਿੜ੍ਹਤਾ ਨਾਲ ਆਖਿਆ ਕਿ ਸੂਬਾ ਸਰਕਾਰ ਪੜ੍ਹੇ-ਲਿਖੇ ਨੌਜਵਾਨਾਂ ਦੇ ਵਿਦੇਸ਼ਾਂ ਨੂੰ ਜਾਣ ਦੇ ਰੁਝਾਨ ਨੂੰ ਰੋਕਣ ਲਈ ਵਚਨਬੱਧ ਹੈ।ਉਨ੍ਹਾਂ ਕਿਹਾ ਕਿ ਨੌਜਵਾਨਾਂ ਲਈ ਸਰਕਾਰੀ ਤੇ ਪ੍ਰਾਈਵੇਟ ਖੇਤਰ ‘ਚ ਰੋਜ਼ਗਾਰ ਦੇ ਹੋਰ ਮੌਕੇ ਪੈਦਾ ਕੀਤੇ ਜਾ ਰਹੇ ਹਨ।ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਇਸ ਮੰਤਵ ਦੀ ਪੂਰਤੀ ਲਈ ਦਿਨ-ਰਾਤ ਕੰਮ ਕਰ ਰਹੀ ਹੈ।
                  ਸ਼੍ਰੋਮਣੀ ਅਕਾਲੀ ਦਲ ਤੇ ਕਾਂਗਰਸ ਉਤੇ ਨਿਸ਼ਾਨਾ ਸੇਧਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਦੋਵਾਂ ਪਾਰਟੀਆਂ ਦੇ ਪੰਜਾਬ ਵਿਰੋਧੀ ਸਟੈਂਡ ਕਾਰਨ ਸੂਬੇ ਦੇ ਲੋਕਾਂ ਨੇ ਇਨ੍ਹਾਂ ਪਾਰਟੀਆਂ ਤੋਂ ਮੂੰਹ ਮੋੜਿਆ।ਉਨ੍ਹਾਂ ਕਿਹਾ ਕਿ ਇਨ੍ਹਾਂ ਪਾਰਟੀਆਂ ਨੇ ਸੂਬੇ ਦੇ ਅਸਾਸਿਆਂ ਨੂੰ ਬੇਰਹਿਮੀ ਨਾਲ ਲੁੱਟਿਆ, ਜਿਸ ਕਾਰਨ ਲੋਕ ਉਨ੍ਹਾਂ ਤੋਂ ਖ਼ਫ਼ਾ ਹਨ। ਭਗਵੰਤ ਮਾਨ ਨੇ ਕਿਹਾ ਕਿ ਲੋਕਾਂ ਵਲੋਂ ਰੱਦ ਕੀਤੇ ਇਨ੍ਹਾਂ ਆਗੂਆਂ ਨੂੰ ਹੁਣ ਲੋਕਾਂ ਵਿੱਚ ਜਾਣ ਦੀ ਹਿੰਮਤ ਨਹੀਂ ਕਰਨੀ ਚਾਹੀਦੀ।ਇੱਥੋਂ ਤੱਕ ਕਿ ਉਨ੍ਹਾਂ ਨੂੰ ਹੁਣ ਇਥੇ ਕਾਨਫਰੰਸਾਂ ਵੀ ਨਹੀਂ ਕਰਨੀਆਂ ਚਾਹੀਦੀਆਂ।
              ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਕਰੜੇ ਹੱਥੀਂ ਲੈਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਆਗੂ ਆਪਣੇ ਮਹਿਲਾਂ ਦੀਆਂ ਉਚੀਆਂ ਕੰਧਾਂ ਦੇ ਅੰਦਰ ਰਹੇ ਅਤੇ ਕਦੇ ਵੀ ਆਮ ਆਦਮੀ ਦੀ ਪਰਵਾਹ ਨਹੀਂ ਕੀਤੀ।ਉਨ੍ਹਾਂ ਕਿਹਾ ਕਿ ਸੱਤਾ ਦੇ ਲੋਭੀ ਇਨ੍ਹਾਂ ਆਗੂਆਂ ਨੇ ਸਿਰਫ਼ ‘ਹਵਾਈ ਕਿਲੇ’ ਹੀ ਉਸਾਰੇ ਅਤੇ ਜਨਤਾ ਦੇ ਪੈਸੇ ਦੀ ਬੇਰਹਿਮੀ ਨਾਲ ਲੁੱਟ ਕੀਤੀ।ਭਗਵੰਤ ਮਾਨ ਨੇ ਕਿਹਾ ਕਿ ਇਸ ਦੇ ਨਤੀਜੇ ਵਜੋਂ ਲੋਕਾਂ ਨੇ ਇਨ੍ਹਾਂ ਆਗੂਆਂ ਨੂੰ ਸਿਆਸੀ ਗੁਮਨਾਮੀ ਵਿੱਚ ਧੱਕ ਦਿੱਤਾ ਹੈ।
                ਮੁੱਖ ਮੰਤਰੀ ਨੇ ਕਿਹਾ ਕਿ ਜਦੋਂ ਉਨ੍ਹਾਂ ਕੋਲ ਫਾਈਲਾਂ ਆਉਂਦੀਆਂ ਹਨ ਤਾਂ ਇਨ੍ਹਾਂ ਫਾਈਲਾਂ ਰਾਹੀਂ ਇਨ੍ਹਾਂ ਨੇਤਾਵਾਂ ਦੇ ਕਾਰਜ਼ਕਾਲ ਦੌਰਾਨ ਸੂਬੇ ਦੀ ਹੋਈ ਤਰਸਯੋਗ ਸਥਿਤੀ ਨੂੰ ਦੇਖ ਕੇ ਉਨ੍ਹਾਂ ਦਾ ਮਨ ਬਹੁਤ ਉਦਾਸ ਤੇ ਦੁਖੀ ਹੁੰਦਾ ਹੈ।ਮੁੱਖ ਮੰਤਰੀ ਨੇ ਤਨਜ਼ ਕੱਸਦੇ ਹੋਏ ਕਿਹਾ ਕਿ ਇਨ੍ਹਾਂ ਆਗੂਆਂ ਨੇ ਆਪਣੇ ਕਾਰਜ਼ਕਾਲ ਦੌਰਾਨ ਜੇਲ੍ਹਾਂ ਦੀ ਹਾਲਤ ਸੁਧਾਰਨ ਵੱਲ ਧਿਆਨ ਨਹੀਂ ਦਿੱਤਾ।ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਨੂੰ ਲੁੱਟਣ ਵਾਲਿਆਂ ਨੂੰ ਸਲਾਖਾਂ ਪਿੱਛੇ ਡੱਕਣ ਲਈ ਸੂਬਾ ਸਰਕਾਰ ਕੋਈ ਕਸਰ ਬਾਕੀ ਨਹੀਂ ਛੱਡੇਗੀ।
                  ਮੁੱਖ ਮੰਤਰੀ ਨੇ ਸਪੱਸ਼ਟ ਤੌਰ `ਤੇ ਕਿਹਾ ਕਿ ਇਨ੍ਹਾਂ ਆਗੂਆਂ ਨੇ ਟੈਕਸ ਭਰਨ ਵਾਲਿਆਂ ਦੀ ਧਨ-ਦੌਲਤ ਲੁੱਟ ਕੇ ਆਲੀਸ਼ਾਨ ਮਹਿਲ ਉਸਾਰ ਲਏ।ਪਰ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਤੋਂ ਵਿਰਵਾ ਕਰ ਦਿੱਤਾ। ਭਗਵੰਤ ਮਾਨ ਨੇ ਕਿਹਾ ਕਿ ਸੂਬੇ ਦੀ ਆਮ ਆਦਮੀ ਦੀ ਸਰਕਾਰ ਜਨਤਾ ਦੇ ਇਕ-ਇਕ ਪੈਸੇ ਦੀ ਸਹੀ ਵਰਤੋਂ ਨੂੰ ਯਕੀਨੀ ਬਣਾਉਣ ਲਈ ਸੁਹਿਰਦ ਹੈ।
                    ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਆਪਣੀ ਐਸ਼ਪ੍ਰਸਤੀ ਲਈ ਕੇਂਦਰ ਤੋਂ ਮਿਲੇ ਫੰਡਾਂ ਦੀ ਦੁਰਵਰਤੋਂ ਕੀਤੀ, ਜਿਸ ਕਾਰਨ ਕੇਂਦਰ ਸਰਕਾਰ ਸੂਬੇ ਦੇ ਬਣਦੇ ਹੱਕ ਦੇ ਬਾਵਜ਼ੂਦ ਫੰਡ ਜਾਰੀ ਨਹੀਂ ਕਰ ਰਹੀ। ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਨੇ ਕੇਂਦਰ ਸਰਕਾਰ ਨਾਲ ਇਸ ਮੁੱਦੇ ਨੂੰ ਵਿਚਾਰਿਆ, ਜਿਸ ਤੋਂ ਬਾਅਦ ਸੂਬੇ ਲਈ 1760 ਕਰੋੜ ਜਾਰੀ ਕੀਤੇ ਗਏ, ਜੋ ਸਿਰਫ਼ ਲੋਕਾਂ ਦੀ ਭਲਾਈ `ਤੇ ਖਰਚ ਕੀਤੇ ਜਾਣਗੇ।ਸੂਬੇ ਦੇ ਬਹੁਮੁੱਲੇ ਪਾਣੀ ਅਤੇ ਵਾਤਾਵਰਨ ਨੂੰ ਬਚਾਉਣ ਲਈ ਲੋਕਾਂ ਦੇ ਸਹਿਯੋਗ ਦੀ ਮੰਗ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਫਸਲੀ ਵਿਭਿੰਨਤਾ ਨੂੰ ਅਪਨਾਉਣਾ ਸਮੇਂ ਦੀ ਮੁੱਖ ਲੋੜ ਹੈ। ਉਨਾਂ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਤੋਂ ਗੁਰੇਜ਼ ਕਰਨ ਦੀ ਵੀ ਅਪੀਲ ਕੀਤੀ ।
                  ਮੁੱਖ ਮੰਤਰੀ ਨੇ ਕਿਹਾ ਕਿ ਆਉਣ ਵਾਲੇ ਪੰਜ ਸਾਲਾਂ ਵਿੱਚ 16 ਨਵੇਂ ਮੈਡੀਕਲ ਕਾਲਜ ਬਣਾਏ ਜਾਣਗੇ, ਜਿਸ ਨਾਲ ਮੈਡੀਕਲ ਕਾਲਜਾਂ ਦੀ ਕੁੱਲ ਗਿਣਤੀ 25 ਹੋ ਜਾਵੇਗੀ ਉਨ੍ਹਾਂ ਦੀ ਸਰਕਾਰ ਦਾ ਧਿਆਨ ਹਰ ਜ਼ਿਲ੍ਹੇ ਵਿਚ ਮੈਡੀਕਲ ਕਾਲਜ ਬਣਾਉਣ ਵੱਲ ਹੈ।
                 ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਆਗਾਮੀ ਖਰੀਦ ਸੀਜ਼ਨ ਦੌਰਾਨ ਝੋਨੇ ਦੀ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਲਈ ਪੁਖਤਾ ਪ੍ਰਬੰਧ ਕੀਤੇ ਹਨ।ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਸਰਹੱਦੀ ਖੇਤਰ ਦੇ ਵਿਕਾਸ `ਤੇ ਜ਼ੋਰ ਦੇ ਰਹੀ ਹੈ।ਗੁਰਦਾਸਪੁਰ ਜ਼ਿਲ੍ਹੇ ਦੇ ਕਲਾਨੌਰ ਲਈ ਪਹਿਲਾਂ ਹੀ ਇਕ ਖੇਤੀਬਾੜੀ ਕਾਲਜ ਮਨਜੂਰ ਹੋ ਚੁੱਕਾ ਹੈ।ਮਾਨ ਨੇ ਕਿਹਾ ਕਿ ਸਥਾਨਕ ਸਿਵਲ ਹਸਪਤਾਲ ਦੇ ਨਾਲ-ਨਾਲ ਬਾਬਾ ਬਕਾਲਾ ਵਿਖੇ ਆਈ.ਟੀ.ਆਈ ਦਾ ਪੱਧਰ ਵੀ ਉੱਚਾ ਚੱਕਿਆ ਜਾਵੇਗਾ।ਇਸ ਤੋਂ ਪਹਿਲਾਂ ਸਥਾਨਕ ਵਿਧਾਇਕ ਦਲਬੀਰ ਸਿੰਘ ਟੌਂਗ ਨੇ ਮੁੱਖ ਮੰਤਰੀ ਤੇ ਹੋਰ ਸ਼ਖ਼ਸੀਅਤਾਂ ਦਾ ਸਵਾਗਤ ਕੀਤਾ।
               ਸਮਾਗਮ ਦੌਰਾਨ ਕੈਬਨਿਟ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜ਼ਰ, ਕੁਲਦੀਪ ਸਿੰਘ ਧਾਲੀਵਾਲ, ਲਾਲ ਚੰਦ ਕਟਾਰੂਚੱਕ ਤੇ ਹਰਭਜਨ ਸਿੰਘ ਈ.ਟੀ.ਓ ਤੋਂ ਇਲਾਵਾ ਵਿਧਾਇਕ ਸਰਵਨ ਸਿੰਘ ਧੁੰਨ, ਸ਼ੈਰੀ ਕਲਸੀ, ਡਾ. ਅਜੈ ਗੁਪਤਾ, ਜਸਬੀਰ ਸਿੰਘ ਸੰਧੂ, ਜਸਵਿੰਦਰ ਸਿੰਘ ਰਾਮਦਾਸ, ਅਮਰਪਾਲ ਸਿੰਘ, ਡਾ. ਕਸ਼ਮੀਰ ਸਿੰਘ ਸੋਹਲ ਆਦਿ ਹਾਜ਼ਰ ਸਨ।

Check Also

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ

ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …