
ਤਸਵੀਰ : ਜਸਵਿੰਦਰ ਜੱਸੀ
ਬਠਿੰਡਾ, 5 ਦਸੰਬਰ (ਜਸਪਾਲ ਸਿੰਘ ਸਿੱਧੂ / ਅਵਤਾਰ ਸਿੰਘ ਕੈਂਥ) – ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼, ਬਠਿੰਡਾ ਇਸ ਖਿੱਤੇ ਵਿੱਚ ਗੁਣਵੱਤਾ ਭਰਪੂਰ ਸਿੱਖਿਆ ਪ੍ਰਦਾਨ ਕਰਨ ਦੇ ਨਾਲ-ਨਾਲ ਸਮਾਜ ਪ੍ਰਤੀ ਆਪਣੀ ਨੈਤਿਕ ਜਿੰਮੇਵਾਰੀ ਨੂੰ ਸਮਝਦਿਆਂ ਹਮੇਸ਼ਾ ਮੋਹਰੀ ਹੋ ਕੇ ਸਮਾਜਕ ਕਾਰਜਾਂ ਵਿੱਚ ਆਪਣਾ ਯੋਗਦਾਨ ਪਾਉਂਦਾ ਰਿਹਾ ਹੈ। ਇਸ ਵਾਰ ਵੀ ਸੰਸਥਾ ਜੰਮੂ ਅਤੇ ਕਸ਼ਮੀਰ ਦੇ ਹੜ੍ਹ ਪੀੜਤਾਂ ਦੇ ਦੁੱਖ ਵਿੱਚ ਸ਼ਰੀਕ ਹੈ। ਇਸ ਲਈ ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼, ਬਠਿੰਡਾ ਦੇ ਚੇੇਅਰਮੈਨ ਸ. ਗੁਰਮੀਤ ਸਿੰਘ ਧਾਲੀਵਾਲ ਦੀ ਪ੍ਰੇਰਨਾ ਸਦਕਾ ਮੈਨੇਜਮੇਂਟ ਅਤੇ ਵਿਦਿਆਰਥੀਆਂ ਵੱਲੋਂ ਜੰਮੂ ਕਸ਼ਮੀਰ ਦੇ ਹੜ੍ਹ ਪੀੜਤਾਂ ਲਈ ਸਹਾਇਤਾ ਰਾਸ਼ੀ ਇਕੱਤਰ ਕਰਕੇ ਯੋਗਦਾਨ ਪਾਇਆ ਗਿਆ ਜਦੋ ਕਿ ਸੰਸਥਾ ਦੇ ਸਮੂਹ ਕਰਮਚਾਰੀਆਂ ਨੇ ਆਪਣੀ ਇੱਕ ਦਿਨ ਦੀ ਤਨਖ਼ਾਹ ਜੰਮੂ ਕਸ਼ਮੀਰ ਦੇ ਹੜ੍ਹ ਪੀੜਤਾਂ ਦੀ ਸਹਾਇਤਾ ਲਈ ਦਿੱਤੀ ਹੈ । ਅੱਜ ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼, ਬਠਿੰਡਾ ਦੇ ਚੇੇਅਰਮੈਨ ਸ. ਗੁਰਮੀਤ ਸਿੰਘ ਧਾਲੀਵਾਲ ਨੇ ਮੈਨੇਜਮੇਂਟ, ਵਿਦਿਆਰਥੀਆਂ ਅਤੇ ਸੰਸਥਾ ਦੇ ਸਮੂਹ ਕਰਮਚਾਰੀਆਂ ਵੱਲੋਂ ਇਕੱਠੀ ਹੋਈ ਸੱਤ ਲੱਖ ਰੁਪਏ (7,00,000 ਰੁਪਏ) ਦੀ ਸਹਾਇਤਾ ਰਾਸ਼ੀ ਦਾ ਚੈੱਕ ਡਾ. ਬਸੰਤ ਗਰਗ, ਡਿਪਟੀ ਕਮਿਸ਼ਨਰ, ਬਠਿੰਡਾ ਨੂੰ ਪ੍ਰਧਾਨ ਮੰਤਰੀ ਰਿਲੀਫ਼ ਫੰਡ ਲਈ ਭੇਂਟ ਕੀਤਾ ।
ਸ. ਧਾਲੀਵਾਲ ਨੇ ਡਿਪਟੀ ਕਮਿਸ਼ਨਰ, ਬਠਿੰਡਾ ਨੂੰ ਦੱਸਿਆ ਕਿ ਸਮਾਜ ਭਲਾਈ ਦੇ ਕਾਰਜਾਂ ਲਈ ਬਾਬਾ ਫ਼ਰੀਦ ਗਰੁੱਪ ਹਮੇਸ਼ਾ ਤੱਤਪਰ ਰਹਿੰਦਾ ਹੈ ਅਤੇ ਜਦੋਂ ਵੀ ਲੋੜ ਪੈਂਦੀ ਹੈ ਤਾਂ ਸੰਸਥਾ ਵੱਲੋਂ ਆਪਣਾ ਯੋਗਦਾਨ ਜ਼ਰੂਰ ਪਾਇਆ ਜਾਂਦਾ ਹੈ। ਉਨਾਂ ਨੇ ਕਿਹਾ ਕਿ ਇਹ ਸਾਡੀ ਛੋਟੀ ਜਿਹੀ ਕੋਸ਼ਿਸ਼ ਹੈ ਅਤੇ ਅਸੀਂ ਉਮੀਦ ਕਰਦੇ ਹਾਂ ਕਿ ਅਜਿਹੀਆਂ ਕੋਸ਼ਿਸ਼ਾਂ ਸਦਕਾ ਜੰਮੂ ਕਸ਼ਮੀਰ ਦੇ ਹੜ੍ਹ ਪੀੜਤਾਂ ਦਾ ਜਨਜੀਵਨ ਜਲਦੀ ਹੀ ਪਹਿਲਾਂ ਵਾਂਗ ਖੁਸ਼ਹਾਲ ਹੋ ਜਾਵੇਗਾ। ਇਸ ਮੌਕੇ ਸੰਸਥਾ ਦੇ ਡਿਪਟੀ ਡਾਇਰੈਕਟਰ (ਐਕਟੀਵਿਟੀਜ਼) ਬੀ.ਡੀ.ਸ਼ਰਮਾਂ, ਡਿਪਟੀ ਡਾਇਰੈਕਟਰ (ਸਹੂਲਤ ਪ੍ਰਬੰਧਨ) ਸ. ਹਰਪਾਲ ਸਿੰਘ ਵੀ ਹਾਜ਼ਰ ਸਨ। ਡਾ. ਬਸੰਤ ਗਰਗ, ਡਿਪਟੀ ਕਮਿਸ਼ਨਰ, ਬਠਿੰਡਾ ਨੇ ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਦੇ ਇਸ ਉਪਰਾਲੇ ਦੀ ਭਰਪੂਰ ਸਲਾਘਾ ਕੀਤੀ ਅਤੇ ਸੰਸਥਾ ਦੀ ਮੈਨੇਜਮੇਂਟ, ਵਿਦਿਆਰਥੀਆਂ ਤੇ ਸਟਾਫ਼ ਦਾ ਧੰਨਵਾਦ ਕੀਤਾ।
Punjab Post Daily Online Newspaper & Print Media