Friday, October 18, 2024

ਚੰਡੀਗੜ੍ਹ ਯੂਨੀਵਰਸਿਟੀ ਵਰਗੀ ਕਿਸੇ ਵੀ ਸੰਭਾਵਿਤ ਸਥਿਤੀ ਬਾਰੇ ਵਿਧੀ-ਵਿਧਾਨ ਤਿਆਰ ਕਰਕੇ ਜਾਗਰੂਕਤਾ ਫੈਲਾਏ ਜਾਣ ਦੀ ਲੋੜ ਬਾਰੇ ਚਰਚਾ

ਪਟਿਆਲਾ, 22 ਸਤੰਬਰ (ਡਾ. ਜਸਵੰਤ ਸਿੰਘ ਪੁਰੀ) – ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਵਿਖੇ ਪਿਛਲੇ ਦਿਨਾਂ ਵਿੱਚ ਜਿਸ ਕਿਸਮ ਦਾ ਮਾਮਲਾ ਸਾਹਮਣੇ ਆਇਆ ਹੈ, ਅਜਿਹਾ ਕਿਸੇ ਵੀ ਤਰ੍ਹਾਂ ਦਾ ਮਾਮਲਾ ਪੰਜਾਬੀ ਯੂਨੀਵਰਸਿਟੀ ‘ਚ ਵਾਪਰਨ ਦੀ ਕਿਸੇ ਵੀ ਤਰ੍ਹਾਂ ਦੀ ਗੁੰਜਾਇਸ਼ ਬਾਰੇ ਨਿਸ਼ਾਨਦੇਹੀ ਕਰਨ ਅਤੇ ਸਮੇਂ ਸਿਰ ਲੋੜੀਂਦੀਆਂ ਪੇਸ਼ਬੰਦੀਆਂ ਕਰਨ ਦੀ ਲੋੜ ਨੂੰ ਮੁੱਖ ਰੱਖਦਿਆਂ, ਪੰਜਾਬੀ ਯੂਨੀਵਰਸਿਟੀ, ਪਟਿਆਲਾ ਵਿਖੇ ਉਚ ਅਧਿਕਾਰੀਆਂ ਵਲੋਂ ਇੱਕ ਮੀਟਿੰਗ ਕੀਤੀ ਗਈ।ਵਾਈਸ ਚਾਂਸਲਰ ਪ੍ਰੋ. ਅਰਵਿੰਦ ਦੀ ਅਗਵਾਈ ਵਿਚ ਹੋਈ ਇਸ ਮੀਟਿੰਗ ਦੌਰਾਨ ਅਜਿਹੀ ਕਿਸੇ ਵੀ ਸੰਭਾਵਿਤ ਸਥਿਤੀ ਬਾਰੇ ਮੁਕੰਮਲ ਵਿਧੀ-ਵਿਧਾਨ ਤਿਆਰ ਕੀਤੇ ਜਾਣ ਅਤੇ ਇਸ ਬਾਰੇ ਜਾਗਰੂਕਤਾ ਫੈਲਾਏ ਜਾਣ ਦੀ ਲੋੜ ਬਾਰੇ ਗੱਲਬਾਤ ਕੀਤੀ ਗਈ।ਵਿਚਾਰ ਵਟਾਂਦਰੇ ਦੌਰਾਨ ਇਸ ਸਬੰਧੀ ਇਕ ਜਾਗਰੂਕਤਾ ਮੁਹਿੰਮ ਚਲਾਏ ਜਾਣ ਦੀ ਲੋੜ ‘ਤੇ ਸਹਿਮਤੀ ਬਣੀ।
ਮੀਟਿੰਗ ਵਿੱਚ ਸਾਰੇ ਹੋਸਟਲਾਂ ਦੇ ਵਾਰਡਨ, ਡੀਨ ਵਿਦਿਆਰਥੀ ਭਲਾਈ, ਡੀਨ ਅਕਾਦਮਿਕ ਮਾਮਲੇ, ਡੀਨ ਖੋਜ, ਪ੍ਰੋਵੋਸਟ, ਡਾਇਰੈਕਟਰ ਲੋਕ ਸੰਪਰਕ ਵਿਭਾਗ ਅਤੇ ਸੁਰੱਖਿਆ ਅਫ਼ਸਰ ਹਾਜ਼ਰ ਰਹੇ।ਵੱਖ-ਵੱਖ ਅਧਿਕਾਰੀਆਂ ਨੇ ਇਸ ਸਥਿਤੀ ਸਬੰਧੀ ਕਿਸੇ ਵੀ ਤਰ੍ਹਾਂ ਦੀ ਗੁੰਜਾਇਸ਼ ਪੈਦਾ ਹੋਣ ਅਤੇ ਵੱਖ-ਵੱਖ ਇਹਤਿਆਤੀ ਕਦਮਾਂ ਬਾਰੇ ਆਪੋ ਆਪਣੇ ਤਜ਼ਰਬੇ ਦੇ ਅਧਾਰ ‘ਤੇ ਸੁਝਾਅ ਦਿੱਤੇ।ਡੀਨ ਵਿਦਿਆਰਥੀ ਭਲਾਈ ਪ੍ਰੋ. ਅਨੁਪਮਾ ਦੀ ਅਗਵਾਈ ਵਿੱਚ ਇਸ ਵਿਸ਼ੇ ‘ਤੇ ਨੁਕਤਾਵਾਰ ਪ੍ਰੋਗਰਾਮ ਬਣਾਉਣ ਦਾ ਐਲਾਨ ਕੀਤਾ ਗਿਆ।ਮੀਟਿੰਗ ਦੌਰਾਨ ਯੂਨੀਵਰਸਿਟੀ ਦੇ ਸਾਰੇ ਵਿਦਿਆਰਥੀਆਂ, ਵਿਸ਼ੇਸ਼ ਤੌਰ ‘ਤੇ ਹੋਸਟਲਾਂ ਦੇ ਵਿਦਿਆਰਥੀਆਂ ਅਤੇ ਯੂਨੀਵਰਸਿਟੀ ਨਾਲ ਸਬੰਧਤ ਸਾਰੀ ਬਰਾਦਰੀ ਨੂੰ ਇਸ ਸਬੰਧੀ ਜਾਗਰੂਕ ਕੀਤੇ ਜਾਣ ਦੀ ਲੋੜ ਮਹਿਸੂਸ ਕੀਤੀ ਗਈ।
ਵਾਈਸ ਚਾਂਸਲਰ ਪ੍ਰੋ. ਅਰਵਿੰਦ ਨੇ ਕਿਹਾ ਕਿ ਅਜਿਹੇ ਮਾਮਲਿਆਂ ਵਿੱਚ ਤੁਰੰਤ ਅਤੇ ਸਮਾਂਬੱਧ ਕਾਰਵਾਈ ਹੋਣੀ ਚਾਹੀਦੀ ਹੈ ਅਤੇ ਅਜਿਹੇ ਰੁਝਾਨ ਦਾ ਸ਼ਿਕਾਰ ਹੋਣ ਦੀ ਵਧੇਰੇ ਸੰਭਾਵਨਾ ਰੱਖਣ ਵਾਲੇ ਵਿਦਿਆਰਥੀਆਂ ਦੀ ਨਿਸ਼ਾਨਦੇਹੀ ਕਰਦਿਆਂ ਉਨ੍ਹਾਂ ਨੂੰ ਇਸ ਗੱਲ ਦਾ ਯਕੀਨ ਦਿਵਾਇਆ ਜਾਣਾ ਚਾਹੀਦਾ ਹੈ ਕਿ ਯੂਨੀਵਰਸਿਟੀ ਇੱਕ ਅਦਾਰੇ ਵਜੋਂ ਹਮੇਸ਼ਾਂ ਉਨ੍ਹਾਂ ਦੇ ਨਾਲ ਖੜ੍ਹੀ ਹੈ।ਉਨ੍ਹਾਂ ਇਹ ਵੀ ਕਿਹਾ ਕਿ ਜਿਹੜੇ ਵਿਦਿਆਰਥੀਆਂ ਦੇ ਅਜਿਹੇ ਮਾਮਲਿਆਂ ਵਿਚ ਸ਼ਿਕਾਰ ਹੋਣ ਦੀ ਵਧੇਰੇ ਗੁੰਜਾਇਸ਼ ਹੈ ਉਨ੍ਹਾਂ ਨੂੰ ਪਹਿਲ ਦੇ ਅਧਾਰ ’ਤੇ ਇਸ ਜਾਗਰੂਕਤਾ ਮੁਹਿੰਮ ਦੇ ਘੇਰੇ ਵਿੱਚ ਲਿਆਂਦਾ ਜਾਵੇ।ਉਨ੍ਹਾਂ ਕਿਹਾ ਕਿ ਅਜਿਹੇ ਮਾਮਲਿਆਂ ਵਿਚ ਵਧੇਰੇ ਵਿਦਿਆਰਥੀਆਂ ਨੂੰ ਪਤਾ ਹੀ ਨਹੀਂ ਹੁੰਦਾ ਕਿ ਉਨ੍ਹਾਂ ਵੱਲੋੰ ਜਾਣੇ ਅਣਜਾਣੇ ‘ਚ ਕੀਤਾ ਗਿਆ ਵਿਹਾਰ ਕਿਸੇ ਹੋਰ ਲਈ ਮੁਸ਼ਕਲ ਬਣ ਸਕਦਾ ਹੈ, ਜਾਂ ਉਨ੍ਹਾਂ ਨੂੰ ਖ਼ੁਦ ਨੂੰ ਅਪਰਾਧ ਦੇ ਘੇਰੇ ਵਿੱਚ ਲਿਆ ਸਕਦਾ ਹੈ।

Check Also

ਡਾ. ਓਬਰਾਏ ਦੇ ਯਤਨਾਂ ਸਦਕਾ ਹਰਵਿੰਦਰ ਸਿੰਘ ਦਾ ਮ੍ਰਿਤਕ ਸਰੀਰ ਦੁਬਈ ਤੋਂ ਭਾਰਤ ਪੁੱਜਾ

ਅੰਮ੍ਰਿਤਸਰ, 17 ਅਕਤੂਬਰ (ਜਗਦੀਪ ਸਿੰਘ) – ਖਾੜੀ ਮੁਲਕਾਂ ਅੰਦਰ ਲੋਕਾਂ ਦੇ ਮਸੀਹਾ ਵਜੋਂ ਜਾਣੇ ਜਾਂਦੇ …