Sunday, March 22, 2026

ਪੀ.ਜੀ.ਆਈ ਦੀ ਤਰਜ਼ ’ਤੇ ਗੁਰੂ ਨਾਨਕ ਦੇਵ ਹਸਪਤਾਲ ਦਾ ਕਰਾਂਗੇ ਵਿਕਾਸ – ਸਿਹਤ ਮੰਤਰੀ

ਮੈਡੀਕਲ ਕਾਲਜ ਦੀ ਥਾਂ ‘ਤੇ ਨਜਾਇਜ਼ ਕਬਜਿਆਂ ਦੀ ਕੀਤੀ ਜਾਵੇਗੀ ਜਾਂਚ

ਅੰਮ੍ਰਿਤਸਰ, 4 ਅਕਤੂਬਰ (ਸੁਖਬੀਰ ਸਿੰਘ) – ਗੁਰੂ ਨਾਨਕ ਦੇਵ ਹਸਪਤਾਲ ਦਾ ਪੀ.ਜੀ.ਆਈ ਤਰਜ਼ ਤੇ ਵਿਕਾਸ ਕੀਤਾ ਜਾਵੇਗਾ ਅਤੇ ਸਾਰੀਆਂ ਆਧੁਨਿਕ ਮਸ਼ੀਨਾਂ ਮੁਹੱਈਆ ਕਰਵਾਈਆਂ ਜਾਣਗੀਆਂ ਤਾਂ ਜੋ ਇਸ ਹਸਪਤਾਲ ਤੋਂ ਕਿਸੇ ਮਰੀਜ਼ ਨੂੰ ਦੂਜੇ ਹਸਪਤਾਲਾਂ ਵਿੱਚ ਰੈਫਰ ਨਾ ਕੀਤਾ ਜਾਵੇ।
ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਿਹਤ ਮੰਤਰੀ ਪੰਜਾਬ ਚੇਤਨ ਸਿੰਘ ਜੌੜਾਮਾਜਰਾ ਨੇ ਮੈਡੀਕਲ ਕਾਲਜ ਵਿਖੇ ਡਾਕਟਰਾਂ ਨਾਲ ਮੀਟਿੰਗ ਕਰਦਿਆਂ ਕੀਤਾ।ਸਿਹਤ ਮੰਤਰੀ ਨੇ ਆਪਣੇ ਸੰਬੋਧਨ ‘ਚ ਕਿਹਾ ਕਿ ਪੰਜਾਬ ਨੂੰ ਇਸ ਵੇਲੇ ਮੁੱਖ ਲੋੜ ਸਿਖਿਆ ਅਤੇ ਸਿਹਤ ਸੇਵਾਵਾਂ ਉਪਲਬੱਧ ਕਰਵਾਉਣ ਦੀ ਹੈ।ਸਭ ਤੋਂ ਵੱਡੀ ਜਰੂਰਤ ਹੈ ਕਿ ਸਰਕਾਰੀ ਹਸਪਤਾਲਾਂ ਦੇ ਬੁਨਿਆਦੀ ਢਾਂਚੇ ਦਾ ਸੁਧਾਰ ਕੀਤਾ ਜਾਵੇ ਅਤੇ ਇਨ੍ਹਾਂ ਵਿੱਚ ਪਾਈਆਂ ਜਾਂਦੀਆਂ ਕਮੀਆਂ ਨੂੰ ਦੂਰ ਕੀਤਾ ਜਾਵੇ।
ਸਿਹਤ ਮੰਤਰੀ ਨੇ ਡਾਕਟਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਕੋਈ ਵੀ ਮਰੀਜ਼ ਸਰਕਾਰੀ ਹਸਪਤਾਲ ਵਿੱਚ ਆਉਂਦਾ ਹੈ ਤਾਂ ਉਸ ਨੂੰ ਆਪਣੇ ਕਲਾਵੇ ਵਿੱਚ ਲਵੋ ਨਾ ਕਿ ਦੁਤਕਾਰੋ।ਉਨ੍ਹਾਂ ਕਿਹਾ ਕਿ ਮੱਧ ਵਰਗ ਅਤੇ ਗਰੀਬ ਵਰਗ ਦੇ ਲੋਕ ਹੀ ਸਰਕਾਰੀ ਹਸਪਤਾਲਾਂ ਵਿੱਚ ਆਉਂਦੇ ਹਨ ਅਤੇ ਸਾਡਾ ਸਭ ਦਾ ਫਰਜ ਬਣਦਾ ਹੈ ਕਿ ਅਸੀਂ ਉਨ੍ਹਾਂ ਨੂੰ ਚੰਗੀਆਂ ਸਿਹਤ ਸੇਵਾਵਾਂ ਮੁਹੱਈਆਂ ਕਰਵਾ ਸਕੀਏ।ਜੌੜਾ ਮਾਜਰਾ ਨੇ ਕਿਹਾ ਕਿ ਸਾਨੂੰ ਸਮੇਂ ਦੇ ਹਾੜੀ ਬਣਨਾ ਚਾਹੀਦਾ ਹੈ ਅਤੇ ਪੁਰਾਣੇ ਢਾਂਚੇ ਨੂੰ ਖਤਮ ਕਰੀਏ।ਸਿਹਤ ਵਿਭਾਗ ਕੋਲ ਫੰਡਾਂ ਦੀ ਕੋਈ ਕਮੀ ਨਹੀਂ ਤੁਹਾਡੀਆਂ ਜੋ ਵੀ ਜਰੂਰਤਾਂ ਹਨ ਨੂੰ ਪਹਿਲ ਦੇ ਅਧਾਰ ‘ਤੇ ਹੱਲ ਕੀਤਾ ਜਾਵੇਗਾ।
ਸਿਹਤ ਮੰਤਰੀ ਨੇ ਦੱਸਿਆ ਕਿ ਜਲਦ ਹੀ ਸੁਪਰਸਪੈਸ਼ਲਿਟੀ ਡਾਕਟਰਾਂ ਦੀ ਕਮੀ ਨੂੰ ਦੂਰ ਕੀਤਾ ਜਾਵੇਗਾ ਅਤੇ ਸਿਹਤ ਵਿਭਾਗ ਵਿੱਚ ਜੋ ਅਸਾਮੀਆਂ ਖਾਲੀ ਪਈਆਂ ਹਨ ਦੀ ਭਰਤੀ ਕੀਤੀ ਜਾਵੇਗੀ।ਸਿਹਤ ਮੰਤਰੀ ਨੇ ਕਿਹਾ ਕਿ ਇਸ ਗੱਲ ਦਾ ਖਾਸ ਧਿਆਨ ਰੱਖਿਆ ਜਾਵੇ ਕਿ ਹਸਪਤਾਲਾਂ ਦੀ ਜੋ ਨਵੀਆਂ ਇਮਾਰਤਾਂ ਬਣ ਰਹੀਆਂ ਹਨ, ਉਹ ਪੂਰੀ ਤਰ੍ਹਾਂ ਸੈਂਟਰਲ ਏ.ਸੀ ਹੋਣ ਅਤੇ ਉਨ੍ਹਾਂ ਦੇ ਸੋਲਰ ਸਿਸਟਮ ਜਰੂਰ ਲੱਗਾ ਹੋਵੇ।ਪ੍ਰਿੰਸੀਪਲ ਮੈਡੀਕਲ ਕਾਲਜ ਨੇ ਸਿਹਤ ਮੰਤਰੀ ਦੇ ਧਿਆਨ ਵਿੱਚ ਲਿਆਂਦਾ ਕਿ ਮੈਡੀਕਲ ਕਾਲਜ ਦੀਆਂ ਕਈ ਥਾਵਾਂ ‘ਤੇ ਨਜਾਇਜ਼ ਕਬਜ਼ੇ ਹੋਏ ਹਨ, ਜਿਸ ਤੇ ਤੁਰੰਤ ਕਾਰਵਾਈ ਕਰਦੇ ਹੋਏ ਸਿਹਤ ਮੰਤਰੀ ਨੇ ਕਿਹਾ ਕਿ ਮੈਡੀਕਲ ਕਾਲਜ ਜ਼ਮੀਨ ਦੀ ਨਿਸ਼ਾਨਦੇਹੀ ਕਰਵਾਈ ਜਾਵੇਗੀ ਅਤੇ ਲੋਕਾਂ ਵੱਲੋਂ ਜੋ ਨਜਾਇਜ਼ ਕਬਜ਼ੇ ਕੀਤੇ ਹੋਏ ਹਨ, ਉਨਾਂ ਨੂੰ ਛੁਡਾਇਆ ਜਾਵੇਗਾ।ਸਿਹਤ ਮੰਤਰੀ ਨੇ ਦੱਸਿਆ ਕਿ ਕਰੋਨਾ ਮਹਾਂਮਾਰੀ ਦੌਰਾਨ ਕੰਮ ਕਰਨ ਵਾਲੇ ਕਰਮਚਾਰੀਆਂ ਨੂੰ ਡਿਊਟੀ ਤੋਂ ਬਾਹਰ ਕੱਢ ਦਿੱਤਾ ਗਿਆ ਸੀ, ਉਨਾਂ ਨੂੰ ਵੀ ਜਲਦੀ ਐਡਜਸਟ ਕੀਤਾ ਜਾਵੇਗਾ। ਉਨ੍ਹਾਂ ਨੌਕਰੀ ਵਿੱਚੋ ਕੱਢੇ ਕਰਮਚਾਰੀਆਂ ਨੂੰ ਅਪੀਲ ਕੀਤੀ ਕਿ ਉਹ ਧਰਨੇ ਨਾ ਲਗਾਉਣ ਅਤੇ ਨਾ ਹੀ ਕਾਹਲੀ ਕਰਨ ਸਭ ਨੂੰ ਜਰੂਰ ਪੱਕਿਆਂ ਕੀਤਾ ਜਾਵੇਗਾ।ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਨੂੰ ਅਜੇ ਸੱਤਾ ਵਿੱਚ ਆਏ 6 ਮਹੀਨੇ ਹੀ ਹੋਏ ਹਨ ਅਤੇ ਅਸੀਂ 6 ਮਹੀਨਿਆਂ ਵਿੱਚ ਲੋਕਾਂ ਨਾਲ ਜੋ ਵਾਅਦੇ ਕੀਤੇ ਸਨ, ਉਹ ਪੂਰੇ ਕਰਨੇ ਸ਼ੁਰੂ ਕਰ ਦਿੱਤੇ ਹਨ।ਉਨ੍ਹਾਂ ਕਿਹਾ ਕਿ ਪਿਛਲੇ ਸਾਲਾਂ ਦੌਰਾਨ ਬਣੀਆਂ ਸਰਕਾਰੀ ਹਸਪਤਾਲਾਂ ਦੀਆਂ ਇਮਾਰਤਾਂ ਦੀ ਵੀ ਜਾਂਚ ਕੀਤੀ ਜਾਵੇਗੀ।ਸਿਹਤ ਮੰਤਰੀ ਵੱਲੋਂ ਹਰੇਕ ਡਾਕਟਰ ਨਾਲ ਗੱਲਬਾਤ ਕਰਕੇ ਮੁਸ਼ਕਲਾਂ ਨੂੰ ਸੁਣੀਆਂ।
ਸਿਹਤ ਮੰਤਰੀ ਵੱਲੋਂ ਗੁਰੂ ਨਾਨਕ ਦੇਵ ਹਸਪਤਾਲ ਵਿਖੇ ਬੇਬੇ ਨਾਨਕੀ ਵਾਰਡ ਅਤੇ ਐਮਰਜੈਂਸੀ ਵਾਰਡ ਦਾ ਦੌਰਾ ਵੀ ਕੀਤਾ ਗਿਆ।ਵਾਸ਼ਰੂਮਾਂ ਦੀ ਜਾਂਚ ਕਰਨ ਉਪਰੰਤ ਉਨਾਂ ਨਿਰਦੇਸ਼ ਦਿੱਤੇ ਕਿ ਇਨ੍ਹਾਂ ਦੀ ਸਾਫ ਸਫਾਈ ਨੂੰ ਯਕੀਨੀ ਬਣਾਇਆ ਜਾਵੇ ਤਾਂ ਜੋ ਲੋਕਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਨਾ ਆਵੇ। ਸਿਹਤ ਮੰਤਰੀ ਨੇ ਮਰੀਜ਼ਾਂ ਨਾਲ ਵੀ ਗੱਲਬਾਤ ਕੀਤੀ। ਸਿਹਤ ਮੰਤਰੀ ਵੱਲੋਂ ਹਸਪਤਾਲ ਵਿਖੇ ਚੱਲ ਰਹੀਂ ਕੰਟੀਨ ਦਾ ਵੀ ਦੌਰਾ ਕੀਤਾ ਅਤੇ ਉਥੇ ਸਾਫ ਸਫਾਈ ਦੇ ਪ੍ਰਬੰਧ ਨੂੰ ਲੈ ਕੇ ਮੈਡੀਕਲ ਸੁਪਰਡੈਂਟ ਨੂੰ ਨਿਰਦੇਸ਼ ਦਿੱਤੇ।
ਮੀਟਿੰਗ ਵਿੱਚ ਪ੍ਰਿੰਸੀਪਲ ਮੈਡੀਕਲ ਕਾਲਜ ਡਾ: ਵੀਨਾ ਚਤਰਥ, ਸਿਵਲ ਸਰਜਨ ਡਾ: ਚਰਨਜੀਤ ਸਿੰਘ, ਡਾ: ਰਾਜੀਵ ਦੇਵਗਨ, ਮੈਡੀਕਲ ਸੁਪਰਡੈਂਟ ਡਾ: ਕਰਮਜੀਤ ਸਿੰਘ, ਡਾ: ਕੇ.ਡੀ ਸਿੰਘ, ਡਾ: ਜੇ.ਐਸ ਕੁਲਾਰ, ਡਾ: ਨਰਿੰਦਰ ਸਿੰਘ, ਡਾ: ਕੰਵਲਜੀਤ ਸਿੰਘ, ਸ੍ਰੀਮਤੀ ਸੀਮਾ ਸੋਢੀ ਪ੍ਰਧਾਨ ਮਹਿਲਾ ਵਿੰਗ ਤੋਂ ਇਲਾਵਾ ਹੋਰ ਡਾਕਟਰ ਵੀ ਹਾਜ਼ਰ ਸਨ।

Check Also

ਡਾ. ਸਰਬਜੀਤ ਸਿੰਘ ਸਾਹਿਤ ਅਕੈਡਮੀ ਲੁਧਿਆਣਾ ਦੇ ਦੂਜੀ ਵਾਰ ਪ੍ਰਧਾਨ ਬਣੇ

ਲੁਧਿਆਣਾ, 21 ਮਾਰਚ (ਡਾ. ਗੁਰਵਿੰਦਰ ਅਮਨ) – ਡਾ. ਸਰਬਜੀਤ ਸਿੰਘ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਪ੍ਰਬੁੱਧ ਅਲੋਚਕ …