ਅੰਮ੍ਰਿਤਸਰ, 11 ਅਕਤੂਬਰ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਨੇ ਸਾਕਾ ਸ੍ਰੀ ਪੰਜਾ ਸਾਹਿਬ ਦੀ 100 ਸਾਲਾ ਸ਼ਤਾਬਦੀ ਸਬੰਧੀ ਕੀਤੇ ਜਾਣ ਵਾਲੇ ਵੱਖ-ਵੱਖ ਸਮਾਗਮਾਂ ਨੂੰ ਵੀ ਪ੍ਰਵਾਨਗੀ ਦਿੱਤੀ ਹੈ।ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਦੱਸਿਆ ਕਿ ਸ਼ਤਾਬਦੀ ਦਾ ਮੁੱਖ ਸਮਾਗਮ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਪਾਕਿਸਤਾਨ ਵਿਖੇ 30 ਅਕਤੂਬਰ ਨੂੰ ਕੀਤਾ ਜਾਵੇਗਾ, ਜਦਕਿ ਅੰਮ੍ਰਿਤਸਰ ਵਿਖੇ 26 ਤੇ 27 ਅਕਤੂਬਰ ਨੂੰ ਸਮਾਗਮ ਕੀਤੇ ਜਾਣਗੇ।ਉਨ੍ਹਾਂ ਦੱਸਿਆ ਕਿ ਪਾਕਿਸਤਾਨ ਵਿਖੇ ਜਾ ਕੇ ਸ਼੍ਰੋਮਣੀ ਕਮੇਟੀ ਵਫ਼ਦ ਨੇ ਪਾਕਿਸਤਾਨ ਗੁਰਦੁਆਰਾ ਕਮੇਟੀ ਅਤੇ ਔਕਾਫ ਬੋਰਡ ਨਾਲ ਸਲਾਹ ਮਸ਼ਵਰਾ ਕਰਕੇ ਸਮਾਗਮਾਂ ਦੀ ਰੂਪ ਰੇਖਾ ਤਹਿ ਕਰ ਲਈ ਹੈ, ਜਿਸ ਤਹਿਤ ਯਾਦਗਾਰੀ ਢੰਗ ਨਾਲ ਸ਼ਤਾਬਦੀ ਮਨਾਈ ਜਾਵੇਗੀ।ਗੁਰਦੁਆਰਾ ਸ੍ਰੀ ਪੰਜਾ ਸਾਹਿਬ ਵਿਖੇ ਮੁੱਖ ਸਮਾਗਮ ਦੌਰਾਨ ਪ੍ਰਸਿੱਧ ਢਾਡੀ ਰਾਗੀ ਜਥਿਆਂ ਦਾ ਪ੍ਰਬੰਧ ਕੀਤਾ ਜਾਵੇਗਾ ਅਤੇ ਵਿਸ਼ਾਲ ਅੰਮ੍ਰਿਤ ਸੰਚਾਰ ਵੀ ਹੋਵੇਗਾ। ਪਾਕਿਸਤਾਨ ਵਿਖੇ ਹੋਣ ਵਾਲੇ ਸਮਾਗਮਾਂ ਲਈ ਸ਼੍ਰੋਮਣੀ ਕਮੇਟੀ ਦਾ ਕਰੀਬ 200 ਮੈਂਬਰੀ ਜਥਾ ਜਾਵੇਗਾ, ਜਿਸ ਲਈ ਕਾਰਵਾਈ ਆਰੰਭੀ ਗਈ ਹੈ।ਉਨ੍ਹਾਂ ਦੱਸਿਆ ਕਿ ਹਸਨ ਅਬਦਾਲ ਦਾ ਰੇਵਲੇ ਸਟੇਸ਼ਨ ਜਿਥੇ ਸਾਕਾ ਵਾਪਰਿਆ ਸੀ, ਵਿਖੇ ਵੀ ਕੀਰਤਨ ਦਰਬਾਰ ਹੋਵੇਗਾ।
ਉਨ੍ਹਾਂ ਦੱਸਿਆ ਕਿ ਅੰਮ੍ਰਿਤਸਰ ਵਿਖੇ ਕੀਤੇ ਜਾਣ ਵਾਲੇ ਸਮਾਗਮ ਕੁਝ ਦਿਨ ਪਹਿਲਾਂ ਮੁਕੰਮਲ ਕਰ ਲਏ ਜਾਣਗੇ। ਇਥੇ 26 ਅਤੇ 27 ਅਕਤੂਬਰ ਨੂੰ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਦੋ ਦਿਨਾਂ ਸਮਾਗਮ ਕੀਤੇ ਜਾਣਗੇ, ਜਿਸ ਤਹਿਤ 26 ਅਕਤੂਬਰ ਨੂੰ ਸਿੱਖ ਮਿਸ਼ਨਰੀ ਕਾਲਜਾਂ ਦੇ 100 ਵਿਦਿਆਰਥੀ ਸਮੂਹਿਕ ਰੂਪ ਵਿਚ ਤੰਤੀ ਸਾਜ਼ਾਂ ਨਾਲ ਕੀਰਤਨ ਕਰਨਗੇ।27 ਅਕਤੂਬਰ ਨੂੰ ਅੰਮ੍ਰਿਤਸਰ ਵਿਖੇ ਮੁੱਖ ਸਮਾਗਮ ਹੋਵੇਗਾ, ਜਿਸ ਵਿਚ ਪੰਥ ਪ੍ਰਸਿੱਧ ਸ਼ਖ਼ਸੀਅਤਾਂ ਵੀ ਸ਼ਮੂਲੀਅਤ ਕਰਨਗੀਆਂ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …