Monday, December 23, 2024

ਵਿਕਾਸ ਕਾਰਜ਼ ਪੂਰੇ ਕਰਨ ‘ਚ ਬਿਨਾਂ ਕਾਰਨ ਦੇਰੀ ਨਾ ਕੀਤੀ ਜਾਵੇ – ਪ੍ਰਮੁੱਖ ਸਕੱਤਰ

ਵਿਕਾਸ ਕੰਮਾਂ ਲਈ ਫੰਡਾਂ ਵਿੱਚ ਕੋਈ ਕਮੀ ਨਹੀਂ, ਜਿਲ੍ਹੇ ਵਿੱਚ ਚੱਲ ਰਹੇ ਵਿਕਾਸ ਕਾਰਜ਼ਾਂ ਦੀ ਕੀਤੀ ਸਮੀਖਿਆ

ਅੰਮ੍ਰਿਤਸਰ, 27 ਅਕਤੂਬਰ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਜਿਲ੍ਹੇ ਅੰਦਰ ਜੋ ਵੀ ਵਿਕਾਸ ਕਾਰਜ਼ ਸ਼ੁਰੂ ਕੀਤੇ ਗਏ ਹਨ।ਉਨਾਂ ਵਿੱਚ ਬਿਨਾਂ ਕੋਈ ਠੋਸ ਕਾਰਨ ਦੇਰੀ ਨਾ ਕੀਤੀ ਜਾਵੇ ਅਤੇ ਮਿਥੇ ਸਮੇਂ ਦੌਰਾਨ ਹੀ ਸਾਰੇ ਕਾਰਜ਼ ਮੁਕੰਮਲ ਹੋਣ।ਇਨਾਂ ਸ਼ਬਦਾਂ ਦਾ ਪ੍ਰਗਟਾਵਾ ਰਾਮੇਸ਼ ਕੁਮਾਰ ਗੰਟਾ ਪ੍ਰਮੁੱਖ ਸਕੱਤਰ ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ ਭਲਾਈ ਵਿਭਾਗ-ਕਮ-ਇੰਚਾਰਜ਼ ਸਕੱਤਰ ਅੰਮ੍ਰਿਤਸਰ ਵਲੋਂ ਜਿਲ੍ਹੇ ਦੇ ਅਧਿਕਾਰੀਆਂ ਨਾਲ ਵਿਕਾਸ ਕਾਰਜ਼ਾਂ ਦੀ ਰੀਵਿਊ ਮੀਟਿੰਗ ਕਰਨ ਉਪਰੰਤ ਕੀਤਾ।
ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਨੇ ਜਿਲ੍ਹੇ ਵਿੱਚ ਚੱਲ ਰਹੇ ਵਿਕਾਸ ਕਾਰਜ਼ਾਂ ਤੋਂ ਇਲਾਵਾ ਝੋਨੇ ਦੀ ਖਰੀਦ, ਪਰਾਲੀ ਪ੍ਰਬੰਧਨ, ਬਾਓਗੈਸ ਪਲਾਂਟ, ਬੀ.ਆਰ.ਟੀ.ਸੀ ਪ੍ਰੋਜੈਕਟ, ਸਰਕਾਰੀ ਬਿਲਡਿੰਗਾਂ ਤੇ ਸੋਲਰ ਸਿਸਟਮ ਲਗਾਉਣ ਸਬੰਧੀ ਪ੍ਰੋਜੈਕਟ ਅਤੇ ਹੋਰ ਚੱਲ ਰਹੇ ਵਿਕਾਸ ਕਾਰਜ਼ਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਪ੍ਰਮੁੱਖ ਸਕੱਤਰ ਨੂੰ ਦਿੱਤੀ।
ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਗੰਟਾ ਨੇ ਸਮੂਹ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਵਿਕਾਸ ਕਾਰਜ਼ਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਢਿੱਲ ਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਸਾਰੇ ਵਿਕਾਸ ਕਾਰਜ਼ ਗੁਣਵੱਤਾ ਭਰਪੂਰ ਹੋਣੇ ਚਾਹੀਦੇ ਹਨ।ਉਨਾਂ ਦੱਸਿਆ ਕਿ ਸਰਕਾਰ ਵਲੋਂ ਜੀ-20 ਦੀ ਮੀਟਿੰਗ ਲਈ ਵੀ ਅੰਮ੍ਰਿਤਸਰ ਨੂੰ ਵਿਸ਼ੇਸ਼ ਤਰਜ਼ੀਹ ਦਿੱਤੀ ਜਾ ਰਹੀ ਹੈ, ਸੋ ਉਸ ਟੀਚੇ ਦੀ ਪੂਰਤੀ ਲਈ ਕੰਮ ਕਰਨ ਦੀ ਲੋੜ ਹੈ।ਉਨਾਂ ਕਿਹਾ ਕਿ ਜੇਕਰ ਕਿਸੇ ਵਿਕਾਸ ਕਾਰਜ਼ਾਂ ਵਿੱਚ ਸਮੱਸਿਆ ਪੇਸ਼ ਆਉਂਦੀ ਹੈ ਤਾਂ ਤੁਰੰਤ ਉਨਾਂ ਦੇ ਧਿਆਨ ਵਿੱਚ ਲਿਆਂਦਾ ਜਾਵੇ ਤਾਂ ਜੋ ਮੁੱਖ ਮੰਤਰੀ ਦੇ ਧਿਆਨ ਵਿਚ ਲਿਆ ਕੇ ਉਸਦਾ ਹੱਲ ਕੀਤਾ ਜਾ ਸਕੇ।
ਗੰਟਾ ਨੇ ਦੱਸਿਆ ਕਿ ਅੰਮ੍ਰਿਤਸਰ ਜਿਲ੍ਹਾ ਧਾਰਮਿਕ ਤੇ ਇਤਿਹਾਸਿਕ ਜਿਲ੍ਹਾ ਹੋਣ ਕਰਕੇ ਵੱਡੀ ਗਿਣਤੀ ‘ਚ ਸ਼ਰਧਾਲੂ ਰੋਜ਼ਾਨਾ ਇਥੇ ਆਉਂਦੇ ਹਨ।ਉਨਾਂ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਹੈਰੀਟੇਜ਼ ਸਟਰੀਟ ਵਿਖੇ ਯਾਤਰੂਆਂ ਦੀ ਸਹੂਲਤ ਲਈ ਨਾਜਾਇਜ਼ ਕਬਜ਼ੇ ਤੁਰੰਤ ਹਟਾਏ ਜਾਣ।ਉਨਾਂ ਪੁਲਿਸ ਅਧਿਕਾਰੀਆਂ ਨੂੰ ਵੀ ਹਦਾਇਤ ਕਰਦਿਆਂ ਕਿਹਾ ਕਿ ਸਨੈਚਿੰਗ ‘ਤੇ ਵੀ ਕਾਬੂ ਪਾਇਆ ਜਾਵੇ।
ਇਸ ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ ਜਨਰਲ ਸੁਰਿੰਦਰ ਸਿੰਘ, ਵਧੀਕ ਡਿਪਟੀ ਕਮਿਸ਼ਨਰ ਵਿਕਾਸ ਰਣਬੀਰ ਸਿੰਘ ਮੂਧਲ, ਏ.ਡੀ.ਸੀ ਸ਼ਹਿਰੀ ਵਿਕਾਸ ਸ੍ਰੀਮਤੀ ਅਮਨਦੀਪ ਕੌਰ, ਸਹਾਇਕ ਕਮਿਸ਼ਨਰ ਜਨਰਲ ਮੈਡਮ ਗੁਰਸਿਮਰਨ ਕੌਰ, ਸਹਾਇਕ ਕਮਿਸ਼ਨਰ ਸ਼ਿਕਾਇਤਾਂ ਸਚਿਨ ਪਾਠਕ, ਐਸ.ਡੀ.ਐਮ ਅੰਮ੍ਰਿਤਸਰ-1 ਮਨਕੰਵਲ ਸਿੰਘ, ਅਜਾਨਾਲਾ ਰਾਜੇਸ਼ ਸ਼ਰਮਾ, ਐਸ.ਪੀ ਹਰਜੀਤ ਸਿੰਘ ਧਾਲੀਵਾਲ, ਸਿਵਲ ਸਰਜਨ ਡਾ. ਚਰਨਜੀਤ ਸਿੰਘ, ਜਿਲ੍ਹਾ ਮੰਡੀ ਅਫ਼ਸਰ ਅਮਨਦੀਪ ਸਿੰਘ, ਐਸ.ਪੀ ਹੈਡਕੁਆਟਰ ਸ੍ਰੀਮਤੀ ਜਸਵੰਤ ਕੌਰ, ਜਿਲ੍ਹਾ ਮਾਲ ਅਫ਼ਸਰ ਸੰਜੀਵ ਸ਼ਰਮਾ, ਜਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸੰਦੀਪ ਕੁਮਾਰ, ਐਕਸੀਅਨ ਵਾਟਰ ਸਪਲਾਈ ਪੰਕਜ ਜੈਨ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

Check Also

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ

ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …