Sunday, December 22, 2024

ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਪਾਏ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ

ਅੰਮ੍ਰਿਤਸਰ, 8 ਨਵੰਬਰ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਗੁਰਦੁਆਰਾ ਕਮੇਟੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ।ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਮੇਤ ਪ੍ਰਮੁੱਖ ਸ਼ਖ਼ਸ਼ੀਅਤਾਂ ਨੇ ਹਾਜ਼ਰੀ ਭਰੀ।ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਭਾਈ ਗੁਰਬਚਨ ਸਿੰਘ ਦੇ ਰਾਗੀ ਜਥੇ ਵੱਲੋਂ ਇਲਾਹੀ ਗੁਰਬਾਣੀ ਕੀਰਤਨ ਕੀਤਾ ਗਿਆ।ਅਰਦਾਸ ਭਾਈ ਗੁਰਚਰਨ ਸਿੰਘ ਨੇ ਕੀਤੀ ਅਤੇ ਸੰਗਤ ਨੂੰ ਪਾਵਨ ਹੁਕਮਨਾਮਾ ਭਾਈ ਸੁਖਵਿੰਦਰ ਸਿੰਘ ਭੰਗਾਲਾ ਨੇ ਸਰਵਣ ਕਰਵਾਇਆ।
ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸੰਗਤਾਂ ਨੂੰ ਸ੍ਰੀ ਗੁਰੂ ਸਾਹਿਬ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦਿਆਂ ਗੁਰੂ ਸਾਹਿਬ ਦੀਆਂ ਸਿੱਖਿਆਵਾਂ ’ਤੇ ਚੱਲਣ ਦੀ ਪ੍ਰੇਰਣਾ ਕੀਤੀ।ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੇ ਪ੍ਰਕਾਸ਼ ਤੋਂ ਪਹਿਲਾਂ ਸੰਸਾਰ ’ਤੇ ਅਗਿਆਨਤਾ ਦਾ ਹਨੇਰਾ ਪਸਰਿਆ ਹੋਇਆ ਸੀ, ਜਿਸ ਨੂੰ ਗੁਰੂ ਸਾਹਿਬ ਨੇ ਗੁਰਬਾਣੀ ਦੇ ਚਾਨਣ ਰਾਹੀਂ ਦੂਰ ਕੀਤਾ।ਗੁਰੂ ਸਾਹਿਬ ਨੇ ਸੰਸਾਰ ’ਤੇ ਫੈਲੀ ਜਾਤ-ਪਾਤ, ਵਰਣ-ਵੰਡ ਦੀ ਬੁਰਾਈ ਨੂੰ ਦੂਰ ਕਰਦਿਆਂ ਮਨੁੱਖਤਾ ਨੂੰ ਏਕੇ ਵਿਚ ਪਰੋਇਆ।ਇਸ ਦੇ ਨਾਲ ਹੀ ਉਨ੍ਹਾਂ ਔਰਤਾਂ ਨੂੰ ਸਮਾਜ ਅੰਦਰ ਉਚਾ ਅਤੇ ਬਰਾਬਰ ਸਨਮਾਨ ਦਿੱਤਾ।ਉਨ੍ਹਾਂ ਆਖਿਆ ਕਿ ਸਾਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਵੱਲੋਂ ਦਰਸਾਏ ਮਾਰਗ ’ਤੇ ਚੱਲਦਿਆਂ ਸਰਬ ਸਾਂਝੇ ਸਮਾਜ ਦੀ ਸਿਰਜਣਾ ਲਈ ਯਤਨਸ਼ੀਲ ਹੋਣਾ ਚਾਹੀਦਾ ਹੈ।ਉਨ੍ਹਾਂ ਸੰਗਤਾਂ ਨੂੰ ਗੁਰਬਾਣੀ ਅਨੁਸਾਰ ਜੀਵਨ ਬਤੀਤ ਕਰਨ ਦੀ ਅਪੀਲ ਵੀ ਕੀਤੀ।

Check Also

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ

ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …