ਹਥਿਆਰਾਂ ਜਾਂ ਹਿੰਸਾ ਦੀ ਵਡਿਆਈ ਕਰਨ ਵਾਲੇ ਗੀਤਾਂ ’ਤੇ ਵੀ ਲੱਗੀ ਰੋਕ
ਅੰਮ੍ਰਿਤਸਰ, 18 ਨਵੰਬਰ (ਸੁਖਬੀਰ ਸਿੰਘ) – ਜ਼ਿਲ੍ਹੇ ਵਿੱਚ ਅਮਨ ਅਤੇ ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਣ ਵਾਸਤੇ ਡਿਪਟੀ ਕਮਿਸ਼ਨਰ ਪੁਲਿਸ-ਕਮ-
ਕਾਰਜ਼ਕਾਰੀ ਮੈਜਿਸਟਰੇਟ ਜਗਜੀਤ ਸਿੰਘ ਵਾਲੀਆ ਪੀ.ਪੀ.ਐਸ ਨੇ ਜ਼ਾਬਤਾ ਫ਼ੌਜ਼ਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਕਮਿਸ਼ਨਰੇਟ ਅੰਮ੍ਰਿਤਸਰ ਦੇ ਖੇਤਰ ਵਿੱਚ ਅਮਨ ਅਤੇ ਕਾਨੂੰਨ ਦੀ ਸਥਿਤੀ ਨੂੰ ਮੁੱਖ ਰੱਖਦੇ ਹੋਏ ਹਥਿਆਰਾਂ ਦੇ ਜਨਤਕ ਪ੍ਰਦਰਸ਼ਨ ‘ਤੇ ਪੂਰਨ ਪਾਬੰਦੀ ਲਗਾਈ ਹੈ ਅਤੇ ਇਹ ਪਾਬੰਦੀ ਸੋਸ਼ਲ ਮੀਡੀਆ ‘ਤੇ ਵੀ ਲਾਗੂ ਰਹੇਗੀ।ਇਸ ਤੋਂ ਇਲਾਵਾ ਵਿਆਹ ਸ਼ਾਦੀਆਂ/ਸਮਾਗਮਾਂ ਹੋਰ ਸਮਾਰੋਹਾਂ ਵਿੱਚ ਹਥਿਆਰਾਂ ਜਾਂ ਹਿੰਸਾ ਦੀ ਵਡਿਆਈ ਕਰਨ ਵਾਲੇ ਗੀਤਾਂ ‘ਤੇ ਪੂਰਨ ਪਾਬੰਦੀ ਲਗਾਈ ਗਈ ਹੈ। ਜਨਤਕ ਇਕੱਠਾਂ, ਧਾਰਮਿਕ ਸਥਾਨਾਂ, ਵਿਆਹ ਪਾਰਟੀਆਂ ਜਾਂ ਹੋਰ ਸਮਾਗਮਾਂ ਵਿੱਚ ਵੀ ਹਥਿਆਰ ਲਿਜਾਣ ਅਤੇ ਪ੍ਰਦਰਸ਼ਨ ਕਰਨ ‘ਤੇ ਪੂਰਨ ਪਾਬੰਦੀ ਰਹੇਗੀ ਅਤੇ ਕਿਸੇ ਵੀ ਭਾਈਚਾਰੇ ਵਿਰੁੱਧ ਨਫ਼ਰਤ ਭਰਿਆ ਭਾਸ਼ਣ ਦੇਣ ‘ਤੇ ਵੀ ਪਾਬੰਦੀ ਲਾਗੂ ਹੋਵੇਗੀ।ਇਹ ਹੁਕਮ 15 ਜਨਵਰੀ 2023 ਤੱਕ ਲਾਗੂ ਰਹੇਗਾ।
ਕਾਰਜ਼ਕਾਰੀ ਮੈਜਿਸਟਰੇਟ ਨੇ ਕਿਹਾ ਕਿ ਜੇਕਰ ਜ਼ਿਲ੍ਹੇ ਅੰਦਰ ਕੋਈ ਵੀ ਆਮ ਅਤੇ ਖਾਸ ਇਨ੍ਹਾਂ ਹੁਕਮਾਂ ਦੀ ਉਲੰਘਣਾ ਕਰਦਾ ਪਾਇਆ ਜਾਂਦਾ ਹੈ, ਤਾਂ ਉਸ ਦੇ ਵਿਰੁੱਧ ਬਣਦੀ ਕਾਨੂੰਨੀ ਕਾਰਵਾਈ ਤੁਰੰਤ ਅਮਲ ਵਿੱਚ ਲਿਆਂਦੀ ਜਾਵੇਗੀ।
Punjab Post Daily Online Newspaper & Print Media