Friday, October 18, 2024

ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਜਗਤਾਰ ਸਿੰਘ ਦਾ ਸੇਵਾ ਮੁਕਤ ਹੋਣ ’ਤੇ ਸਨਮਾਨ

ਅੰਮ੍ਰਿਤਸਰ, 26 ਨਵੰਬਰ (ਜਗਦੀਪ ਸਿੰਘ ਸੱਗੂ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸੇਵਾ ਮੁਕਤ ਹੋਏ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਦੇ ਸਨਮਾਨ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਗੁਰਦੁਆਰਾ ਸ੍ਰੀ ਮੰਜੀ ਸਾਹਿਬ, ਦੀਵਾਨ ਹਾਲ ਵਿਖੇ ਇਕ ਵਿਸ਼ੇਸ਼ ਸਮਾਗਮ ਆਯੋਜਿਤ ਕੀਤਾ ਗਿਆ।ਸਮਾਗਮ ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਨਵ-ਨਿਯੁੱਕਤ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਲੁਧਿਆਣੇ ਵਾਲੇ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਤਖ਼ਤ ਸ੍ਰੀ ਹਜ਼ੂਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਕਸ਼ਮੀਰ ਸਿੰਘ, ਦਮਦਮੀ ਟਕਸਾਲ ਦੇ ਮੁਖੀ ਗਿਆਨੀ ਹਰਨਾਮ ਸਿੰਘ ਖਾਲਸਾ, ਦਲ ਬਾਬਾ ਬਿਧੀਚੰਦ ਸੰਪਰਦਾ ਦੇ ਮੁਖੀ ਬਾਬਾ ਅਵਤਾਰ ਸਿੰਘ ਸੁਰਸਿੰਘ, ਤਰਨਾਦਲ ਦੇ ਮੁਖੀ ਬਾਬਾ ਗੱਜਣ ਸਿੰਘ ਸਮੇਤ ਵੱਖ-ਵੱਖ ਜਥੇਬੰਦੀਆਂ, ਸੰਪਰਦਾਵਾਂ ਤੇ ਸਭਾ-ਸੁਸਾਇਟੀਆਂ ਦੇ ਨੁਮਾਇੰਦੇ ਹਾਜ਼ਰ ਸਨ, ਜਿਨ੍ਹਾਂ ਨੇ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੂੰ ਸਨਮਾਨਿਤ ਕੀਤਾ।
ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸਿੱਖ ਕੌਮ ਦਾ ਕੇਂਦਰੀ ਧਾਰਮਿਕ ਅਸਥਾਨ ਹੈ, ਜਿਥੇ ਮੁੱਖ ਗ੍ਰੰਥੀ ਵਜੋਂ ਸੇਵਾ ਦਾ ਸੁਭਾਗ ਮਿਲਣਾ ਗੁਰੂ ਸਾਹਿਬ ਦੀ ਵੱਡੀ ਬਖਸ਼ਿਸ਼ ਹੈ।ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਇਹ ਅਹਿਮ ਸੇਵਾ ਨੂੰ ਕਰੀਬ 10 ਸਾਲ ਗੁਰੂ ਸਾਹਿਬ ਦੀ ਭੈਅ-ਭਾਵਨੀ ਵਿਚ ਰਹਿ ਕੇ ਨਿਭਾਈ।ਉਨ੍ਹਾਂ ਕਿਹਾ ਕਿ ਗਿਆਨੀ ਜਗਤਾਰ ਸਿੰਘ ਦੀਆਂ ਸੇਵਾਵਾਂ ਦੀ ਅੰਤ੍ਰਿੰਗ ਕਮੇਟੀ ਵੱਲੋਂ ਵੀ ਸ਼ਲਾਘਾ ਕੀਤੀ ਗਈ ਹੈ।
ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਲੁਧਿਆਣਾ, ਦਮਦਮੀ ਟਕਸਾਲ ਦੇ ਮੁਖੀ ਗਿਆਨੀ ਹਰਨਾਮ ਸਿੰਘ ਖਾਲਸਾ, ਦਲ ਬਾਬਾ ਬਿਧੀਚੰਦ ਸੰਪਰਦਾ ਦੇ ਮੁਖੀ ਬਾਬਾ ਅਵਤਾਰ ਸਿੰਘ ਸੁਰਸਿੰਘ, ਗਿਆਨੀ ਰਣਜੀਤ ਸਿੰਘ ਹੈਡ ਗ੍ਰੰਥੀ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਦਿੱਲੀ ਨੇ ਵੀ ਸੰਬੋਧਨ ਕਰਦਿਆਂ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਵੱਲੋਂ ਕੀਤੀਆਂ ਗਈਆਂ ਸੇਵਾਵਾਂ ਦੀ ਸ਼ਲਾਘਾ ਕੀਤੀ।ਹਾਜ਼ਰ ਪ੍ਰਮੁੱਖ ਸ਼ਖ਼ਸੀਅਤਾਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਨਵ-ਨਿਯੁੱਕਤ ਮੁੱਖ ਗ੍ਰੰਥੀ ਗਿਆਨੀ ਜਗਤਾਰ ਸਿੰਘ ਨੂੰ ਵੀ ਵਧਾਈ ਦਿੱਤੀ।
ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ, ਗਿਆਨੀ ਗੁਰਮਿੰਦਰ ਸਿੰਘ, ਗਿਆਨੀ ਰਾਜਦੀਪ ਸਿੰਘ, ਗਿਆਨੀ ਸੁਲਤਾਨ ਸਿੰਘ, ਗਿਆਨੀ ਬਲਜੀਤ ਸਿੰਘ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੈਡ ਗ੍ਰੰਥੀ ਗਿ: ਗੁਰਮੁਖ ਸਿੰਘ, ਗਿ: ਮਲਕੀਤ ਸਿੰਘ, ਸੱਚਖੰਡ ਸ੍ਰੀ ਹਜ਼ੂਰ ਸਾਹਿਬ ਦੇ ਹੈੱਡ ਗ੍ਰੰਥੀ ਗਿ: ਕਸ਼ਮੀਰ ਸਿੰਘ, ਬਾਬਾ ਗੱਜਣ ਸਿੰਘ ਤਰਨਾਦਲ ਬਾਬਾ ਬਕਾਲਾ, ਬਾਬਾ ਸੁਖਮਿੰਦਰ ਸਿੰਘ ਭੂਰੀਵਾਲੇ, ਬਾਬਾ ਸਤਨਾਮ ਸਿੰਘ ਕਿਲ੍ਹਾ ਅਨੰਦਗੜ੍ਹ, ਬਾਬਾ ਬਲਬੀਰ ਸਿੰਘ ਮੁਖੀ ਬੁੱਢਾ ਦਲ ਵੱਲੋਂ ਦਿਲਜੀਤ ਸਿੰਘ ਬੇਦੀ ਤੇ ਬਾਬਾ ਭਗਤ ਸਿੰਘ, ਸਾਬਕਾ ਜਥੇਦਾਰ ਗਿਆਨੀ ਗੁਰਬਚਨ ਸਿੰਘ, ਗਿ: ਜਸਵੰਤ ਸਿੰਘ, ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਬਾਵਾ ਸਿੰਘ ਗੁਮਾਨਪੁਰਾ, ਮੈਂਬਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਕੁਲਵੰਤ ਸਿੰਘ ਮੰਨਣ, ਅਮਰਜੀਤ ਸਿੰਘ ਬੰਡਾਲਾ, ਰਣਜੀਤ ਸਿੰਘ ਕਾਹਲੋਂ, ਬਾਬਾ ਹਰੀ ਸਿੰਘ ਨਾਨਕਸਰ ਕਲੇਰਾਂ, ਬਾਬਾ ਹਰਦੀਪ ਸਿੰਘ, ਸ਼੍ਰੋਮਣੀ ਕਮੇਟੀ ਸਕੱਤਰ ਪ੍ਰਤਾਪ ਸਿੰਘ, ਓ.ਐਸ.ਡੀ ਸਤਬੀਰ ਸਿੰਘ ਧਾਮੀ ਅਤੇ ਵੱਖ-ਵੱਖ ਸੰਪਰਦਾਵਾਂ, ਜਥੇਬੰਦੀਆਂ ਤੇ ਸਭਾ-ਸੁਸਾਇਟੀਆਂ ਦੇ ਨੁਮਾਇੰਦੇ ਹਾਜ਼ਰ ਸਨ।

Check Also

ਡਾ. ਓਬਰਾਏ ਦੇ ਯਤਨਾਂ ਸਦਕਾ ਹਰਵਿੰਦਰ ਸਿੰਘ ਦਾ ਮ੍ਰਿਤਕ ਸਰੀਰ ਦੁਬਈ ਤੋਂ ਭਾਰਤ ਪੁੱਜਾ

ਅੰਮ੍ਰਿਤਸਰ, 17 ਅਕਤੂਬਰ (ਜਗਦੀਪ ਸਿੰਘ) – ਖਾੜੀ ਮੁਲਕਾਂ ਅੰਦਰ ਲੋਕਾਂ ਦੇ ਮਸੀਹਾ ਵਜੋਂ ਜਾਣੇ ਜਾਂਦੇ …