ਪੰਜਾਬ ਦੀ ਜਨਤਾ ਭਗਵੰਤ ਮਾਨ ਸਰਕਾਰ ਦੇ ਕੁਸ਼ਾਸ਼ਨ ਦਾ ਭੋਗ ਰਹੀ ਹੈ ਸੰਤਾਪ- ਚੀਮਾ
ਅੰਮ੍ਰਿਤਸਰ, 21 ਜਨਵਰੀ (ਸੁਖਬੀਰ ਸਿੰਘ) – ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਪ੍ਰਧਾਨਗੀ ਹੇਠ ਅੱਜ ਮਾਧਵ ਵਿਦਿਆ ਨਿਕੇਤਨ ਸਕੂਲ ਵਿਖੇ ਭਾਰਤੀ ਜਨਤਾ ਪਾਰਟੀ ਪੰਜਾਬ ਦੀ ਦੋ ਰੋਜ਼ਾ ਸੂਬਾ ਕਾਰਜਕਾਰਨੀ ਸ਼ੂਰੂ ਹੋ ਰਹੀ ਹੈ।ਭਾਜਪਾ ਅੰਮ੍ਰਿਤਸਰ ਸ਼ਹਿਰੀ ਦੇ ਜਿਲ੍ਹਾ ਪ੍ਰਧਾਨ ਹਰਵਿੰਦਰ ਸਿੰਘ ਸੰਧੂ ਦੀ ਪ੍ਰਧਾਨਗੀ ਹੇਠ ਜਿਲਾ ਭਾਜਪਾ ਦਫਤਰ ਸ਼ਹੀਦ ਹਰਬੰਸ ਲਾਲ ਖੰਨਾ ਸਮਾਰਕ ਵਿਖੇ ਪ੍ਰੈਸ ਕਾਨਫਰੰਸ ਦੌਰਾਨ ਭਾਜਪਾ ਪੰਜਾਬ ਦੇ ਜਨਰਲ ਸਕੱਤਰ ਬਿਕਰਮਜੀਤ ਸਿੰਘ ਚੀਮਾ ਨੇ ਦੱਸਿਆ ਕਿ ਇਸ ਦੋ ਰੋਜ਼ਾ ਸੂਬਾ ਕਾਰਜਕਾਰਨੀ ਵਿੱਚ ਪਹਿਲੇ ਦਿਨ 150 ਦੇ ਕਰੀਬ ਡੈਲੀਗੇਟ ਭਾਗ ਲੈਣਗੇ।ਇਸ ਵਿੱਚ ਸੂਬਾ ਕੋਰ ਗਰੁੱਪ ਦੇ ਮੈਂਬਰ, ਸੂਬਾ ਅਹੁੱਦੇਦਾਰ, ਜਿਲ੍ਹਾ ਇੰਚਾਰਜ ਅਤੇ ਜਿਲ੍ਹਾ ਪ੍ਰਧਾਨ ਸ਼ਾਮਲ ਹੋਣਗੇ।ਦੂਜੇ ਦਿਨ ਸੂਬਾ ਕਾਰਜਕਾਰਨੀ ‘ਚ ਪੂਰੇ ਸੂਬੇ ‘ਤੋਂ ਆਏ 450 ਦੇ ਕਰੀਬ ਡੈਲੀਗੇਟ ਹਿੱਸਾ ਲੈਣਗੇ।ਇਸ ‘ਤੋਂ ਇਲਾਵਾ ਕੌਮੀ ਪੱਧਰ ਦੇ ਆਗੂ ਵੀ ਇਸ ਦੋ ਰੋਜ਼ਾਨਾ ਕਾਰਜਕਾਰਨੀ ਵਿੱਚ ਪਹੁੰਚਣਗੇ।
ਬਿਕਰਮਜੀਤ ਸਿੰਘ ਚੀਮਾ ਨੇ ਕਿਹਾ ਕਿ ਇਸ ਦੋ ਰੋਜ਼ਾ ਸੂਬਾ ਕਾਰਜਕਾਰਨੀ ਵਿੱਚ ਭਾਜਪਾ ਦੇ ਕੌਮੀ ਮੀਤ ਪ੍ਰਧਾਨ ਸੌਦਾਨ ਸਿੰਘ, ਸਾਬਕਾ ਮੁੱਖ ਮੰਤਰੀ ਤੇ ਭਾਜਪਾ ਪੰਜਾਬ ਦੇ ਇੰਚਾਰਜ ਵਿਜੇ ਰੁਪਾਨੀ, ਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ, ਭਾਜਪਾ ਦੇ ਕੌਮੀ ਸਕੱਤਰ ਤੇ ਭਾਜਪਾ ਪੰਜਾਬ ਦੇ ਸਹਿ-ਇੰਚਾਰਜ ਡਾ. ਨਰਿੰਦਰ ਸਿੰਘ ਰੈਨਾ, ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਸਮੇਤ ਪੰਜਾਬ ਦੀ ਸਮੁੱਚੀ ਸੀਨੀਅਰ ਲੀਡਰਸ਼ਿਪ ਵੀ ਸ਼ਿਰਕਤ ਕਰੇਗੀ।
ਬਿਕਰਮਜੀਤ ਸਿੰਘ ਚੀਮਾ ਨੇ ਪੱਤਰਕਾਰਾਂ ਦੇ ਸਵਾਲਾਂ ਦੇ ਜਵਾਬ ਦਿੰਦਿਆਂ ਆਮ ਆਦਮੀ ਪਾਰਟੀ `ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਅੱਜ ਪੰਜਾਬ ਦੇ ਲੋਕ ਭਗਵੰਤ ਮਾਨ ਸਰਕਾਰ ਦੇ ਕੁਸਾਸ਼ਨ ਦਾ ਸੰਤਾਪ ਭੋਗ ਰਹੇ ਹਨ।ਆਮ ਆਦਮੀ ਪਾਰਟੀ ਦੀਆਂ ਝੂਠੀਆਂ ਗਾਰੰਟੀਆਂ ਦੇ ਧੋਖੇ ‘ਚ ਆ ਕੇ ਜਨਤਾ ਨੇ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਾ ਲਈ, ਪਰ ਕੁੱਝ ਮਹੀਨਿਆਂ ਬਾਅਦ ਹੀ ਝੂਠ ਦਾ ਮੁਖੌਟਾ ਉਤਰ ਗਿਆ ਹੈ ਅਤੇ ਹੁਣ ਨਗਰ ਨਿਗਮ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੂੰ ਸਬਕ ਸਿਖਾਉਣ ਅਤੇ ਪੰਜਾਬ ਦੀ ਸਥਾਨਕ ਸਰਕਾਰ ਦੀ ਸੱਤਾ ਭਾਰਤੀ ਜਨਤਾ ਪਾਰਟੀ ਨੂੰ ਭਾਰੀ ਬਹੁਮਤ ਨਾਲ ਸੌਂਪਣ ਦਾ ਮਨ ਬਣਾ ਚੁੱਕੀ ਹੈ।
ਇਸ ਮੌਕੇ ਸੂਬਾ ਭਾਜਪਾ ਮੀਡੀਆ ਸਕੱਤਰ ਜਨਾਰਦਨ ਸ਼ਰਮਾ, ਜਿਲ੍ਹਾ ਮੀਤ ਪ੍ਰਧਾਨ ਐਡਵੋਕੇਟ ਕੁਮਾਰ ਅਮਿਤ, ਜਿਲ੍ਹਾ ਸਕੱਤਰ ਮਨੀਸ਼ ਸ਼ਰਮਾ ਆਦਿ ਵੀ ਮੌਜ਼ੂਦ ਸਨ।