Wednesday, December 11, 2024

ਤੁਰਕੀ ਤੇ ਸੀਰੀਆ ’ਚ ਭੁਚਾਲ ਪ੍ਰਭਾਵਿਤਾਂ ਲਈ ਸ਼੍ਰੋਮਣੀ ਕਮੇਟੀ ਨੇ ਸਹਾਇਤਾ ਦੀ ਕੀਤੀ ਪੇਸ਼ਕਸ਼

ਕੁਦਰਤੀ ਆਫ਼ਤਾਂ ਸਮੇਂ ਮਨੁੱਖਤਾ ਦੀ ਸੇਵਾ ਲਈ ਹਮੇਸ਼ਾ ਤਤਪਰ ਰਹੀ ਹੈ ਸ਼੍ਰੋਮਣੀ ਕਮੇਟੀ- ਐਡਵੋਕੇਟ ਧਾਮੀ

ਅੰਮ੍ਰਿਤਸਰ, 7 ਫ਼ਰਵਰੀ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਤੁਰਕੀ ਅਤੇ ਸੀਰੀਆ ’ਚ ਭੁਚਾਲ ਆਉਣ ਕਾਰਨ ਹੋਏ ਜਾਨੀ ਤੇ ਮਾਲੀ ਨੁਕਸਾਨ ’ਤੇ ਦੁੱਖ ਪ੍ਰਗਟ ਕਰਦਿਆਂ ਸ਼੍ਰੋਮਣੀ ਕਮੇਟੀ ਵੱਲੋਂ ਸਹਾਇਤਾ ਦੀ ਪੇਸ਼ਕਸ਼ ਕੀਤੀ ਹੈ।ਐਡਵੋਕੇਟ ਧਾਮੀ ਨੇ ਭਾਰਤ ਵਿੱਚ ਤੁਰਕੀ ਦੇ ਅੰਬੈਸਡਰ ਫਿਰਾਤ ਸੁਨੇਲ, ਤੁਰਕੀ ਵਿਚ ਭਾਰਤ ਦੇ ਅੰਬੈਸਡਰ ਡਾ. ਵਰਿੰਦਰਪਾਲ, ਸੀਰੀਆ ਵਿੱਚ ਭਾਰਤ ਦੀ ਅੰਬੈਸੀ ਦੇ ਇੰਚਾਰਜ ਸੁਰਿੰਦਰ ਕੁਮਾਰ ਯਾਦਵ ਅਤੇ ਭਾਰਤ ਵਿੱਚ ਸੀਰੀਆ ਦੇ ਐਬੰਸਡਰ ਡਾ. ਬੱਸਮ ਸਿਫੇਦੀਨ ਅਲਖਾਤਿਬ ਨੂੰ ਪੱਤਰ ਲਿਖ ਕੇ ਹਮਦਰਦੀ ਪ੍ਰਗਟਾਈ ਹੈ।ਉਨ੍ਹਾਂ ਕਿਹਾ ਕਿ ਸਿੱਖ ਧਰਮ ਵਿਚ ‘ਵੰਡ ਛਕਣਾ’ ਅਤੇ ‘ਸਰਬੱਤ ਦਾ ਭਲਾ’ ਗੁਰੂ ਸਾਹਿਬਾਨ ਵੱਲੋਂ ਬਖ਼ਸ਼ਿਸ਼ ਕੀਤੇ ਮਹੱਤਵਪੂਰਨ ਸਿਧਾਂਤ ਹਨ ਅਤੇ ਇਸੇ ਦੀ ਰੌਸ਼ਨੀ ਵਿਚ ਸਿੱਖਾਂ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਕਮੇਟੀ ਲੋੜਵੰਦਾਂ ਦੀ ਸਹਾਇਤਾ ਲਈ ਕਾਰਜ ਕਰਦੀ ਹੈ।ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਕੁਦਰਤੀ ਆਫ਼ਤਾਂ ਸਮੇਂ ਮਨੁੱਖਤਾ ਦੀ ਸੇਵਾ ਵਿਚ ਹਮੇਸ਼ਾ ਹੀ ਤਤਪਰ ਰਹੀ ਹੈ ਅਤੇ ਲੋੜ ਅਨੁਸਾਰ ਲੋੜਵੰਦਾਂ ਲਈ ਸਹਾਇਤਾ ਦੇ ਤੌਰ ’ਤੇ ਕੱਪੜੇ, ਰਾਸ਼ਨ ਤੇ ਹੋਰ ਲੋੜੀਂਦਾ ਸਮਾਨ ਮੁਹੱਈਆ ਕਰਵਾਉਂਦੀ ਰਹੀ ਹੈ।ਐਡਵੋਕੇਟ ਧਾਮੀ ਨੇ ਕਿਹਾ ਕਿ ਤੁਰਕੀ ਅਤੇ ਸੀਰੀਆ ਵਿਚ ਆਏ ਭੁਚਾਲ ਨਾਲ ਵੱਡਾ ਜਾਨੀ ਅਤੇ ਮਾਲੀ ਨੁਕਸਾਨ ਹੋਣ ਕਰਕੇ ਉਥੇ ਵੱਸਦੇ ਨਾਗਰਿਕਾਂ ਨਾਲ ਦਿਲੀ ਹਮਦਰਦੀ ਹੈ।ਉਹ ਅਜਿਹੇ ਸਮੇਂ ਲੋਕਾਂ ਦੇ ਦੁੱਖ ਵਿਚ ਸ਼ਰੀਕ ਹਨ ਅਤੇ ਉਥੋਂ ਦੀਆਂ ਸਰਕਾਰਾਂ ਨੂੰ ਸਿੱਖ ਸੰਸਥਾ ਵੱਲੋਂ ਸਹਾਇਤਾ ਦੀ ਪੇਸ਼ਕਸ਼ ਕਰਦਿਆਂ ਸ਼੍ਰੋਮਣੀ ਕਮੇਟੀ ਨਾਲ ਤਾਲਮੇਲ ਦੀ ਅਪੀਲ ਕਰਦੇ ਹਨ।

 

Check Also

ਨੈਸ਼ਨਲ ਪੱਧਰ ‘ਤੇ ਨਿਸ਼ਾਨੇਬਾਜ਼ੀ ‘ਚ ਭੁਪਿੰਦਰਜੀਤ ਸ਼ਰਮਾ ਦਾ ਤੀਜਾ ਸਥਾਨ

ਭੀਖੀ, 11 ਦਸੰਬਰ (ਕਮਲ ਜ਼ਿੰਦਲ) – ਪਿੱਛਲੇ ਦਿਨੀ ਪਿੰਡ ਫਰਵਾਹੀ ਦੇ ਨੌਜਵਾਨ ਭੁਪਿੰਦਰਜੀਤ ਸ਼ਰਮਾ ਪੁੱਤਰ …