ਬਜ਼ਟ ਸਬੰਧੀ ਵਿਚਾਰ ਦੇਣ ਲਈ ਸ਼੍ਰੋਮਣੀ ਕਮੇਟੀ ਨੇ ਜਾਰੀ ਕੀਤੀ ਈਮੇਲ
ਅੰਮ੍ਰਿਤਸਰ, 14 ਫ਼ਰਵਰੀ (ਜਗਦੀਪ ਸਿੰਘ ਸੱਗੂ) – ਇਸ ਸਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਬਜਟ ਤਿਆਰ ਕਰਨ ਲਈ ਸੰਗਤਾਂ ਦੇ ਸੁਝਾਅ ਵੀ ਅਹਿਮ
ਹੋਣਗੇ।ਬਜ਼ਟ ਦੇ ਸਬੰਧ ਵਿਚ ਵਿਚਾਰ ਅਤੇ ਸੁਝਾਅ ਭੇਜਣ ਵਾਸਤੇ ਸ਼੍ਰੋਮਣੀ ਕਮੇਟੀ ਵੱਲੋਂ ਪਹਿਲੀ ਵਾਰ ਇਕ ਈਮੇਲ ਜਾਰੀ ਕੀਤੀ ਗਈ ਹੈ।ਬਜ਼ਟ ਇਜਲਾਸ ਅਗਲੇ ਮਹੀਨੇ ਮਾਰਚ ਵਿਚ ਸੱਦਿਆ ਜਾਣਾ ਹੈ, ਜਿਸ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਇਕ ਸਬ-ਕਮੇਟੀ ਗਠਤ ਕੀਤੀ ਗਈ ਹੈ।ਇਸ ਕਮੇਟੀ ਵਿੱਚ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਬਲਦੇਵ ਸਿੰਘ ਕਾਇਮਪੁਰ, ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ, ਅੰਤ੍ਰਿੰਗ ਕਮੇਟੀ ਮੈਂਬਰ ਜਰਨੈਲ ਸਿੰਘ ਕਰਤਾਰਪੁਰ, ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਭਾਈ ਅਮਰਜੀਤ ਸਿੰਘ ਚਾਵਲਾ, ਭਾਈ ਗੁਰਬਖ਼ਸ਼ ਸਿੰਘ ਖਾਲਸਾ, ਸਰਵਨ ਸਿੰਘ ਕੁਲਾਰ ਤੇ ਕੁਲਵੰਤ ਸਿੰਘ ਮੰਨਣ ਸ਼ਾਮਲ ਹਨ।
ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਦੱਸਿਆ ਕਿ ਇਸ ਵਾਰ ਬਜਟ ਤਰਜੀਹਾਂ ਨਿਰਧਾਰਤ ਕਰਨ ਵਾਸਤੇ ਸਬ-ਕਮੇਟੀ ਦੇ ਵਿਚਾਰ ਮਸ਼ਵਰੇ ਤੋਂ ਇਲਾਵਾ ਸੰਗਤਾਂ ਦੇ ਸੁਝਾਅ ਵੀ ਲਏ ਜਾ ਰਹੇ ਹਨ।ਇਸ ਸਬੰਧ ਵਿਚ ਸ਼੍ਰੋਮਣੀ ਕਮੇਟੀ ਵੱਲੋਂ sgpcbudgetsuggestions@gmail.com ਈਮੇਲ ਜਾਰੀ ਕੀਤੀ ਗਈ ਹੈ।ਇਸ ਈਮੇਲ ਨੂੰ ਸ਼੍ਰੋਮਣੀ ਕਮੇਟੀ ਦੀ ਵੈੱਬਸਾਈਟ ਅਤੇ ਸੋਸ਼ਲ ਮੀਡੀਆ ਮੰਚਾਂ ’ਤੇ ਵੀ ਉਭਾਰਿਆ ਜਾ ਰਿਹਾ ਹੈ।ਉਨ੍ਹਾਂ ਸੰਗਤਾਂ ਨੂੰ ਅਪੀਲ ਹੈ ਕਿ ਬਜ਼ਟ ਨੂੰ ਲੈ ਕੇ ਆਪੋ-ਆਪਣੇ ਕੀਮਤੀ ਸੁਝਾਅ ਭੇਜਣ, ਤਾਂ ਜੋ ਸੰਗਤ ਦੀਆਂ ਭਾਵਨਾਵਾਂ ਅਨੁਸਾਰ ਬਜ਼ਟ ਤਿਆਰ ਕੀਤਾ ਜਾ ਸਕੇ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਬਣਾਈ ਗਈ ਬਜਟ ਸਬ-ਕਮੇਟੀ ਦੀਆਂ ਇਕੱਤਰਤਾਵਾਂ ਬੀਤੇ ਇੱਕ ਮਹੀਨੇ ਤੋਂ ਜਾਰੀ ਹਨ, ਜਿਸ ਦੌਰਾਨ ਵੱਖ-ਵੱਖ ਵਿੱਤੀ ਪਹਿਲੂਆਂ ਨੂੰ ਵਿਚਾਰਿਆ ਜਾ ਰਿਹਾ ਹੈ।ਇਸ ਦੇ ਨਾਲ ਹੀ ਹੁਣ ਸੰਗਤਾਂ ਦੇ ਸੁਝਾਅ ਵੀ ਅਤਿ ਅਹਿਮ ਹੋਣਗੇ।ਉਨ੍ਹਾਂ ਕਿਹਾ ਕਿ ਇਹ ਯਤਨ ਪਹਿਲੀ ਵਾਰ ਕੀਤਾ ਜਾ ਰਿਹਾ ਹੈ ਅਤੇ ਆਸ ਹੈ ਕਿ ਇਸ ਦੇ ਚੰਗੇ ਨਤੀਜੇ ਸਾਹਮਣੇ ਆਉਣਗੇ।ਭਾਈ ਗਰੇਵਾਲ ਅਨੁਸਾਰ ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸਾਹਿਬਾਨ, ਵਿਦਿਅਕ ਅਦਾਰਿਆਂ, ਧਰਮ ਪ੍ਰਚਾਰ ਕਮੇਟੀ, ਪ੍ਰੈਸਾਂ ਅਤੇ ਪਬਲੀਕੇਸ਼ਨ, ਟਰੱਸਟ ਆਦਿ ਲਈ ਬਜ਼ਟ ਤਿਆਰ ਕੀਤਾ ਜਾਵੇਗਾ।
Punjab Post Daily Online Newspaper & Print Media