ਹਸਪਤਾਲ ਦੀ ਇਮਾਰਤ ਦਾ ਕੀਤਾ ਨਰੀਖਣ
ਅੰਮ੍ਰਿਤਸਰ, 21 ਫਰਵਰੀ (ਸੁਖਬੀਰ ਸਿੰਘ) – ਪੰਜਾਬ ਸਰਕਾਰ ਲੋਕਾਂ ਨੂੰ ਸਿਹਤ ਸੁਵਿਧਾਵਾਂ ਦੇਣ ਲਈ ਵਚਨਬੱਧ ਹੈ ਅਤੇ ਸਰਕਾਰੀ ਹਸਪਤਾਲਾਂ ਵਿੱਚ ਮਰੀਜਾਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ।ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਨੇ ਅੱਜ ਸਿਵਲ ਹਸਪਤਾਲ ਦਾ ਅਚਾਨਕ ਨਰੀਖਣ ਕਰਨ ਉਪਰੰਤ ਕੀਤਾ।
ਸੂਦਨ ਵੱਲੋਂ ਸਿਵਲ ਹਸਪਤਾਲ ਵਿਖੇ ਆਪਣਾ ਇਲਾਜ਼ਕਰਵਾਉਣ ਲਈ ਆਏ ਮਰੀਜ਼ਾਂ ਨਾਲ ਗੱਲਬਾਤ ਵੀ ਕੀਤੀ ਅਤੇ ਉਨ੍ਹਾਂ ਦੀਆਂ ਮੁਸ਼ਕਲਾਂ ਸੁਣੀਆਂ।ਸੂਦਨ ਨੇ ਸਿਵਲ ਹਸਪਤਾਲ ਦੇ ਡਾਕਟਰਾਂ ਨੂੰ ਹਦਾਇਤ ਜਾਰੀ ਕਰਦਿਆਂ ਕਿਹਾ ਕਿ ਇਲਾਜ ਕਰਵਾਉਣ ਲਈ ਆਉਣ ਵਾਲੇ ਮਰੀਜਾਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਨਾ ਆਉਣ ਦਿੱਤੀ ਜਾਵੇ।ਸੂਦਨ ਨੇ ਮੌਕੇ ਤੇ ਹੀ ਡਾਕਟਰਾਂ ਨੂੰ ਉਨ੍ਹਾਂ ਦੀਆਂ ਮੁਸ਼ਕਲਾਂ ਹੱਲ ਕਰਨ ਦੇ ਨਿਰਦੇਸ਼ ਦਿੱਤੇ।ਡਿਪਟੀ ਕਮਿਸ਼ਨਰ ਵੱਲੋਂ ਹਸਪਤਾਲ ਦੀ ਇਮਾਰਤ ਦਾ ਵੀ ਨਿਰੀਖਣ ਕੀਤਾ ਗਿਆ ਅਤੇ ਸਿਵਲ ਸਰਜਨ ਨੂੰ ਹਦਾਇਤ ਕਰਦਿਆਂ ਕਿਹਾ ਕਿ ਹਸਪਤਾਲ ਦੀ ਇਮਾਰਤ ਲਈ ਜੋ ਵੀ ਕੰਮ ਲੋੜੀਂਦੇ ਹਨ ਦਾ ਖਾਕਾ ਤਿਆਰ ਕਰਕੇ ਦਿੱਤਾ ਜਾਵੇ, ਤਾਂ ਜੋ ਸਰਕਾਰ ਪਾਸੋਂ ਫੰਡਾਂ ਦੀ ਮੰਗ ਕੀਤੀ ਜਾ ਸਕੇ।ਸੂਦਨ ਨੇ ਹਸਪਤਾਲ ਵਿਖੇ ਚੱਲ ਰਹੇ ਪ੍ਰਬੰਧਾਂ ਤੇ ਸੰਤੁਸ਼ਟੀ ਦਾ ਪ੍ਰਗਟਾਵਾ ਕੀਤਾ।
ਇਸ ਮੌਕੇ ਉਨ੍ਹਾਂ ਦੇ ਨਾਲ ਸਿਵਲ ਸਰਜਨ ਡਾਕਟਰ ਚਰਨਜੀਤ ਸਿੰਘ, ਐਸ:ਐਮ:ਓ ਡਾ: ਰਾਜੂ ਚੌਹਾਨ ਤੋਂ ਇਲਾਵਾ ਹੋਰ ਡਾਕਟਰ ਵੀ ਹਾਜ਼ਰ ਸਨ।