Friday, November 22, 2024

ਸ਼੍ਰੋਮਣੀ ਕਮੇਟੀ ਦੇ ਇਜਲਾਸ ਨੇ ਹਰਿਆਣਾ ਗੁਰਦੁਆਰਾ ਐਕਟ ਰੱਦ ਕਰਨ ਦੀ ਕੀਤੀ ਮੰਗ

ਗਠਿਤ ਕੀਤੀ 6 ਮੈਂਬਰੀ ਕਮੇਟੀ ਭਾਰਤ ਦੇ ਸੰਸਦ ਮੈਂਬਰਾਂ ਤੱਕ ਕੀਤੀ ਜਾਵੇਗੀ ਪਹੁੰਚ-ਐਡਵੋਕੇਟ ਧਾਮੀ
ਅੰਮ੍ਰਿਤਸਰ, 3 ਮਾਰਚ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਬੁਲਾਏ ਗਏ ਵਿਸ਼ੇਸ਼ ਇਜਲਾਸ ਦੌਰਾਨ ਹਰਿਆਣਾ ਸਰਕਾਰ ਅਤੇ ਉਸ ਦੀ ਨਾਮਜ਼ਦ ਐਡਹਾਕ ਗੁਰਦੁਆਰਾ ਕਮੇਟੀ ਵੱਲੋਂ ਇਤਿਹਾਸਕ ਗੁਰਦੁਆਰਿਆਂ ਦੇ ਪ੍ਰਬੰਧਾਂ ’ਤੇ ਜਬਰੀ ਕਬਜ਼ਾ ਕਰਨ ਦੀ ਸਖ਼ਤ ਨਿੰਦਾ ਦਾ ਮਤਾ ਕਰਦਿਆਂ ਇਸ ਮਾਮਲੇ ’ਤੇ ਸੰਸਦ ਦਾ ਵਿਸ਼ੇਸ਼ ਇਜਲਾਸ ਸੱਦ ਕੇ ਹਰਿਆਣਾ ਸਿੱਖ ਗੁਰਦੁਆਰਾ ਮੈਨੇਜਮੈਂਟ ਐਕਟ 2014 ਰੱਦ ਕਰਨ ਦੀ ਭਾਰਤ ਸਰਕਾਰ ਪਾਸੋਂ ਮੰਗ ਕੀਤੀ ਗਈ ਹੈ।ਇਸ ਸਬੰਧ ਵਿੱਚ ਚਾਰਾਜ਼ੋਈ ਲਈ ਇਕ 6 ਮੈਂਬਰੀ ਕਮੇਟੀ ਦਾ ਗਠਨ ਵੀ ਕੀਤਾ ਗਿਆ, ਜੋ ਪੂਰੇ ਭਾਰਤ ਅੰਦਰ ਵੱਖ-ਵੱਖ ਪਾਰਟੀਆਂ ਅਤੇ ਸੰਸਦ ਦੇ ਦੋਵੇਂ ਸਦਨਾਂ ਦੇ ਮੈਂਬਰਾਂ ਨਾਲ ਰਾਬਤਾ ਕਰਕੇ ਸਿੱਖਾਂ ਦੀ ਸੰਵਿਧਾਨਕ ਸੰਸਥਾ ਸ਼੍ਰੋਮਣੀ ਕਮੇਟੀ ਨੂੰ ਜ਼ਬਰੀ ਖੰਡਤ ਕਰਨ ਬਾਰੇ ਅਵਾਜ਼ ਉਠਾਉਣ ਲਈ ਆਖੇਗੀ।ਇਜ਼ਲਾਸ ਅੰਦਰ ਭਾਰਤ ਦੇ ਸਮੂਹ ਸੰਸਦ ਮੈਂਬਰਾਂ ਨੂੰ ਇਸ ਸਬੰਧੀ ਪੱਤਰ ਲਿਖਣ ਦਾ ਫੈਸਲਾ ਕੀਤਾ ਗਿਆ।ਇਸ ਦੇ ਨਾਲ ਹੀ ਭਾਰਤੀ ਜਨਤਾ ਪਾਰਟੀ ਵੱਲੋਂ ਘੱਟਗਿਣਤੀਆਂ ਨਾਲ ਕੀਤੀ ਜਾ ਰਹੀ ਬੇਇਨਸਾਫ਼ੀ ਅਤੇ ਧੱਕੇਸ਼ਾਹੀ ਵਿਰੁੱਧ ਵੀ ਇੱਕ ਮਤਾ ਪਾਸ ਕੀਤਾ ਗਿਆ।ਇਹ ਵਿਸ਼ੇਸ਼ ਇਜਲਾਸ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ‘ਚ ਹੋਇਆ, ਜਿਸ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਗਿਆਨੀ ਬਲਵਿੰਦਰ ਸਿੰਘ, ਗਿਆਨੀ ਬਲਜੀਤ ਸਿੰਘ ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਮੇਤ ਵੱਡੀ ਗਿਣਤੀ ਮੈਂਬਰਾਂ ਨੇ ਸ਼ਮੂਲੀਅਤ ਕੀਤੀ।
ਇਜਲਾਸ ਅੰਦਰ ਵੱਖ-ਵੱਖ ਬੁਲਾਰਿਆਂ ਨੇ ਆਪਣੇ ਵਿਚਾਰ ਪ੍ਰਗਟ ਕਰਦਿਆਂ ਹਰਿਆਣਾ ਦੀ ਸਰਕਾਰ ਵੱਲੋਂ ਆਪਣੀ ਨਾਮਜ਼ਦ ਐਡਹਾਕ ਗੁਰਦੁਆਰਾ ਕਮੇਟੀ ਰਾਹੀਂ ਗੁਰੂ ਘਰਾਂ ਦੀਆਂ ਗੋਲਕਾਂ ਦੇ ਤਾਲੇ ਕੱਟਣ, ਬਾਵਰਦੀ ਤੇ ਜੁੱਤੀਆਂ ਸਮੇਤ ਪੁਲਿਸ ਗੁਰੂ ਘਰਾਂ ਅੰਦਰ ਲੈਜਾਣ ਅਤੇ ਸੰਗਤਾਂ ਨੂੰ ਗੁਰੂ ਘਰੋਂ ਧੱਕੇ ਮਾਰ ਕੇ ਬਾਹਰ ਕਰਨ ਦੀ ਕਰੜੀ ਨਿੰਦਾ ਕਰਦਿਆਂ ਸਰਕਾਰਾਂ ਦੀਆਂ ਅਜਿਹੀਆਂ ਸਿੱਖ ਵਿਰੋਧੀ ਕਾਰਵਾਈਆਂ ਦਾ ਕਰੜਾ ਵਿਰੋਧ ਕੀਤਾ।ਬੁਲਾਰਿਆਂ ਨੇ ਸਾਫ਼ ਤੌਰ ’ਤੇ ਆਖਿਆ ਕਿ ਇਸ ਮਾਮਲੇ ’ਤੇ ਸਾਰੇ ਮੈਂਬਰ ਇਕਜੁਟ ਹਨ ਅਤੇ ਹਰਿਆਣਾ ਕਮੇਟੀ ਵਿਰੁੱਧ ਕੀਤੀ ਜਾਣ ਵਾਲੀ ਅਗਲੀ ਕਾਰਵਾਈ ਵਿਚ ਸਹਿਯੋਗੀ ਰਹਿਣਗੇ।ਆਪਣੇ ਸੰਬੋਧਨ ਵਿੱਚ ਮੈਂਬਰਾਂ ਨੇ ਕਿਹਾ ਕਿ ਗੁਰੂ ਘਰਾਂ ਅੰਦਰ ਸਰਕਾਰੀ ਦਖ਼ਲਅੰਦਾਜ਼ੀ ਲਈ ਸਿੱਧੇ ਤੌਰ ’ਤੇ ਭਾਰਤੀ ਜਨਤਾ ਪਾਰਟੀ ਜ਼ਿੰਮੇਵਾਰ ਹੈ।
ਇਜਲਾਸ ਉਪਰੰਤ ਮੀਡੀਆ ਦੇ ਰੂਬਰੂ ਹੁੰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਅੱਜ ਦੇ ਇਜ਼ਲਾਸ ਦੌਰਾਨ ਸਭ ਦੀ ਸਹਿਮਤੀ ਨਾਲ ਦੋ ਅਹਿਮ ਮਤੇ ਪਾਸ ਕੀਤੇ ਗਏ ਹਨ।ਉਨ੍ਹਾਂ ਦੱਸਿਆ ਕਿ ਇੱਕ ਮਤੇ ਵਿਚ ਭਾਰਤ ਸਰਕਾਰ ਨੂੰ ਅਪੀਲ ਕੀਤੀ ਗਈ ਹੈ ਕਿ ਹਰਿਆਣਾ ਗੁਰਦੁਆਰਾ ਐਕਟ 2014 ਰੱਦ ਕਰਕੇ ਉਥੋਂ ਦੇ ਗੁਰਦੁਆਰਿਆਂ ਦਾ ਪ੍ਰਬੰਧ ਸ਼੍ਰੋਮਣੀ ਕਮੇਟੀ ਨੂੰ ਵਾਪਸ ਦਿਵਾਉਣ ਲਈ ਸੰਸਦ ਅੰਦਰ ਕਾਰਵਾਈ ਕੀਤੀ ਜਾਵੇ, ਕਿਉਂਕਿ ਸਿੱਖ ਗੁਰਦੁਆਰਾ ਐਕਟ 1925 ਅੱਜ ਵੀ ਬਰਕਰਾਰ ਹੈ।ਇਸ ਐਕਟ 1925 ਅਨੁਸਾਰ ਹਰਿਆਣਾ ਅੰਦਰ ਸ਼੍ਰੋਮਣੀ ਕਮੇਟੀ ਦੇ ਚੁਣੇ ਹੋਏ ਮੈਂਬਰ ਕਾਰਜਸ਼ੀਲ ਹਨ ਅਤੇ ਗੁਰਦੁਆਰਾ ਸਾਹਿਬਾਨ ਵੀ ਸੂਚੀਬੱਧ ਹਨ।ਸੁਪਰੀਮ ਕੋਰਟ ਦੇ ਫੈਸਲੇ ਅਨੁਸਾਰ ਹਰਿਆਣਾ ਦੇ ਗੁਰਦੁਆਰਾ ਐਕਟ 2014 ਨੂੰ ਮਾਨਤਾ ਜ਼ਰੂਰ ਦਿੱਤੀ ਗਈ ਹੈ, ਪ੍ਰੰਤੂ ਸਰਕਾਰ ਦੀ ਨਾਮਜ਼ਦ ਐਡਹਾਕ ਕਮੇਟੀ ਨੇ ਬਿਨਾਂ ਕਿਸੇ ਅਧਿਕਾਰ ਦੇ ਸਰਕਾਰੀ ਤਾਕਤ ਦੀ ਦੁਰਵਰਤੋਂ ਕਰਦਿਆਂ ਗੈਰ ਕਾਨੂੰਨੀ ਤਰੀਕੇ ਨਾਲ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਵਾਲੇ ਇਤਿਹਾਸਕ ਅਤੇ ਨੋਟੀਫਾਇਡ ਗੁਰਦੁਆਰਿਆਂ ਦਾ ਪ੍ਰਬੰਧ ਧੱਕੇ ਨਾਲ ਪ੍ਰਾਪਤ ਕੀਤਾ।ਭਾਰਤ ਵਰਗੇ ਲੋਕਤੰਤਰੀ ਦੇਸ਼ ਅੰਦਰ ਸਰਕਾਰੀ ਪ੍ਰਸਾਸ਼ਨ ਅਤੇ ਸਰਕਾਰੀ ਮਸ਼ੀਨਰੀ ਦੀ ਦੁਰਵਰਤੋਂ ਕੀਤੀ ਗਈ, ਜਿਸ ਨੇ ਸਿੱਖ ਹਿਰਦਿਆਂ ਨੂੰ ਸੱਟ ਮਾਰੀ ਹੈ।ਸਰਕਾਰ ਦੀ ਇਹ ਕਾਰਵਾਈ ਸਿੱਖ ਗੁਰਦੁਆਰਾ ਐਕਟ 1925 ਦੀ ਸਿੱਧੀ ਤੌਹੀਨ ਹੈ।ਐਕਟ 1925 ਅਨੁਸਾਰ ਸ਼੍ਰੋਮਣੀ ਕਮੇਟੀ ਪੂਰਨ ਤੌਰ ’ਤੇ ਇਕ ਅਜ਼ਾਦ ਸੰਸਥਾ ਵਜੋਂ ਕੰਮ ਕਰਦੀ ਹੋਣ ਕਰਕੇ ਸਰਕਾਰ ਦੀਆਂ ਅੱਖਾਂ ਵਿਚ ਰੜਕਦੀ ਹੈ।ਇਸੇ ਕਰਕੇ ਸਰਕਾਰਾਂ ਵੱਲੋਂ ਸਮੇਂ ਸਮੇਂ ’ਤੇ ਇਸ ਨੂੰ ਢਾਹ ਲਗਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾਂਦੀਆਂ ਹਨ।ਹਰਿਆਣਾ ਕਮੇਟੀ ਵੀ ਇਸੇ ਚਾਲ ਦਾ ਹੀ ਇਕ ਹਿੱਸਾ ਹੈ।ਇਹ ਸਿੱਖ ਸ਼ਕਤੀ ਨੂੰ ਖੋਰਾ ਲਗਾਉਣ ਅਤੇ ਵੰਡਣ ਲਈ ਕਾਂਗਰਸ ਦੀ ਇਕ ਚਾਲ ਸੀ, ਜਿਸ ਵਿਚ ਅੱਜ ਭਾਰਤੀ ਜਨਤਾ ਪਾਰਟੀ ਵੀ ਸ਼ਾਮਲ ਹੋ ਚੁੱਕੀ ਹੈ।ਹਰਿਆਣਾ ਕਮੇਟੀ ਐਕਟ ਬਿਨਾਂ ਕੇਂਦਰ ਸਰਕਾਰ ਦੀ ਮਨਜ਼ੂਰੀ ਲਿਆ ਬਣਾਇਆ ਗਿਆ ਅਤੇ ਇਹ ਭਾਰਤੀ ਸੰਵਿਧਾਨ ਦੇ ਬਿਲਕੁਲ ਵਿਰੁੱਧ ਹੈ।ਸੰਵਿਧਾਨ ਦੇ ਆਰਟੀਕਲ 246 ਸ਼ਡਿਊਲ 7 ਦੇ ਲਿਸਟ 1 ਵਿੱਚ ਕਾਨੂੰਨ ਬਣਾਉਣ ਦਾ ਅਧਿਕਾਰ ਕੇਵਲ ਭਾਰਤ ਸਰਕਾਰ ਪਾਸ ਹੈ, ਜਦਕਿ ਹਰਿਆਣਾ ਸਰਕਾਰ ਨੇ ਇਸ ਆਰਟੀਕਲ ਦੇ ਸਡਿਊਲ ਦੀ ਲਿਸਟ 2 ਦੇ ਹਵਾਲੇ ਦੀ ਗਲਤ ਵਰਤੋਂ ਕਰਕੇ ਹਰਿਆਣਾ ਗੁਰਦੁਆਰਾ ਐਕਟ ਬਣਾਇਆ ਹੈ।ਇਹ ਸੰਵਿਧਾਨ ਦੇ ਬਿਲਕੁੱਲ ਵਿਰੁੱਧ ਹੈ।
ਐਡਵੋਕੇਟ ਧਾਮੀ ਨੇ ਦੱਸਿਆ ਕਿ ਇਜਲਾਸ ਵੱਲੋਂ ਪਾਸ ਕੀਤੇ ਦੂਸਰੇ ਮਤੇ ਵਿਚ ਘੱਟਗਿਣਤੀ ਕੌਮਾਂ ਨੂੰ ਦਬਾਉਣ ਲਈ ਸਰਕਾਰਾਂ ਦੀਆਂ ਚਾਲਾਂ ਦੀ ਆਲੋਚਨਾ ਕੀਤੀ ਗਈ ਹੈ।ਐਡਵੋਕੇਟ ਧਾਮੀ ਅਨੁਸਾਰ ਮਤੇ ਵਿਚ ਕਿਹਾ ਗਿਆ ਹੈ ਕਿ ਵੋਟ ਦੀ ਰਾਜਨੀਤੀ ’ਤੇ ਚੱਲਦਿਆਂ ਭਾਰਤ ਨੂੰ ਹਿੰਦੂ ਰਾਸ਼ਟਰ ਬਣਾਉਣ ਲਈ ਸਰਕਾਰ ਵੱਲੋਂ ਹਰ ਹੀਲਾ ਵਰਤਿਆ ਜਾ ਰਿਹਾ ਹੈ।ਇਸੇ ਤਹਿਤ ਹੀ ਭਾਜਪਾ ਆਪਣੇ ਮੋਹਰਿਆਂ ਰਾਹੀਂ ਗੁਰਦੁਆਰਾ ਸਾਹਿਬਾਨ ਦੇ ਪੰਥਕ ਪ੍ਰਬੰਧ ਨੂੰ ਤੋੜ ਕੇ ਆਪਣੇ ਅਨੁਸਾਰ ਚਲਾਉਣਾ ਚਾਹੁੰਦੀ ਹੈ।ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਦੱਸਿਆ ਕਿ ਇਸ ਮਤੇ ਰਾਹੀਂ ਸਰਕਾਰ ਨੂੰ ਸਖ਼ਤ ਤਾੜਨਾ ਕੀਤੀ ਗਈ ਹੈ ਕਿ ਘੱਟਗਿਣਤੀਆਂ ਦੇ ਧਾਰਮਿਕ ਮਾਮਲਿਆਂ ਵਿਚ ਦਖ਼ਲ ਬੰਦ ਕਰੇ।
ਹਰਿਆਣਾ ਗੁਰਦੁਆਰਾ ਕਮੇਟੀ ਦੇ ਮਾਮਲੇ ’ਤੇ ਇਜਲਾਸ ਦੌਰਾਨ ਬਣਾਈ ਗਈ 6 ਮੈਂਬਰੀ ਕਮੇਟੀ ਬਾਰੇ ਐਡਵੋਕੇਟ ਧਾਮੀ ਨੇ ਦੱਸਿਆ ਕਿ ਇਸ ਵਿਚ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਬਲਦੇਵ ਸਿੰਘ ਕਾਇਮਪੁਰ, ਜੂਨੀਅਰ ਮੀਤ ਪ੍ਰਧਾਨ ਅਵਤਾਰ ਸਿੰਘ ਰਿਆ, ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ, ਸੀਨੀਅਰ ਅਕਾਲੀ ਆਗੂ ਬਲਵਿੰਦਰ ਸਿੰਘ ਭੂੰਦੜ, ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਅਤੇ ਡਾ. ਦਲਜੀਤ ਸਿੰਘ ਚੀਮਾ ਸ਼ਾਮਲ ਕੀਤੇ ਗਏ ਹਨ।ਉਨ੍ਹਾਂ ਦੱਸਿਆ ਕਿ ਇਹ ਕਮੇਟੀ ਤੁਰੰਤ ਕਾਰਜ਼ ਸ਼ੁਰੂ ਕਰੇਗੀ।ਉਨ੍ਹਾਂ ਇਹ ਵੀ ਦੱਸਿਆ ਕਿ ਜੇਕਰ ਲੋੜ ਪਈ ਤਾਂ ਇਸ ਵਿਸ਼ੇ ’ਤੇ ਸ਼੍ਰੋਮਣੀ ਕਮੇਟੀ ਵੱਲੋਂ ਅੰਤਰਰਾਸ਼ਟਰੀ ਸਿੱਖ ਸੰਮੇਲਨ ਵੀ ਬੁਲਾਇਆ ਜਾਵੇਗਾ।

Check Also

ਹਾਫ ਮੈਰਾਥਨ ਸਮੇਂ 24 ਨਵੰਬਰ ਨੂੰ ਸਵੇਰ ਤੋਂ ਦੁਪਹਿਰ ਤੱਕ ਬੰਦ ਰਹੇਗੀ ਅਟਾਰੀ-ਅੰਮ੍ਰਿਤਸਰ ਸੜਕ – ਸਹਾਇਕ ਕਮਿਸ਼ਨਰ

ਅੰਮ੍ਰਿਤਸਰ, 21 ਨਵੰਬਰ (ਸੁਖਬੀਰ ਸਿੰਘ) – ਭਾਰਤੀ ਫੌਜ ਜਿਲ੍ਹਾ ਪ੍ਰਸਾਸ਼ਨ ਅੰਮ੍ਰਿਤਸਰ ਦੇ ਸਹਿਯੋਗ ਨਾਲ 24 …