ਨੈਸ਼ਨਲ ਹਾਈਵੇ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ
ਅੰਮ੍ਰਿਤਸਰ, 4 ਅਪ੍ਰੈਲ (ਸੁਖਬੀਰ ਸਿੰਘ) – ਕਰ ਅਤੇ ਆਬਕਾਰੀ ਵਿਭਾਗ ਦੇ ਅੰਮ੍ਰਿਤਸਰ ਸਥਿਤ ਦਫਤਰ ਨੂੰ ਡਿਪਟੀ ਕਮਿਸ਼ਨਰ ਦਫਤਰ ‘ਚ ਤਬਦੀਲ ਕਰਨ ਲਈ ਦੂਸਰੀ ਮੰਜ਼ਿਲ ‘ਤੇ ਕਮਰੇ ਅਲਾਟ ਕਰ ਦਿੱਤੇ ਗਏ ਹਨ ਅਤੇ ਛੇਤੀ ਹੀ ਇਹ ਦਫਤਰ ਇੱਥੇ ਤਬਦੀਲ ਹੋ ਜਾਣਾ ਚਾਹੀਦਾ ਹੈ।ਇਹ ਪ੍ਰਗਟਾਵਾ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਕਰ ਤੇ ਆਬਕਾਰੀ ਦਫਤਰ ਲਈ ਬਣ ਰਹੀ ਇਮਾਰਤ ਦਾ ਜਾਇਜ਼ਾ ਲੈਣ ਮੌਕੇ ਕੀਤਾ।ਉਨਾਂ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕੰਮ ਵਿੱਚ ਨਾ ਤਾਂ ਦੇਰੀ ਹੋਵੇ ਅਤੇ ਨਾ ਹੀ ਕੰਮ ਦੀ ਗੁਣਵੱਤਾ ਵਿੱਚ ਕੋਈ ਕਮੀ ਰਹੇ।ਹਰਭਜਨ ਸਿੰਘ ਨੇ ਕਿਹਾ ਕਿ ਇੰਨਾਂ ਵਿਭਾਗਾਂ ਦੇ ਦਫਤਰ ਸ਼ਹਿਰ ਵਿੱਚ ਦੋ ਵੱਖ-ਵੱਖ ਥਾਵਾਂ ‘ਤੇ ਕਿਰਾਏ ਦੀਆਂ ਇਮਾਰਤਾਂ ਵਿੱਚ ਕੰਮ ਕਰ ਰਹੇ ਹਨ, ਜਿੰਨਾ ਦਾ ਸਰਕਾਰੀ ਖਜ਼ਾਨੇ ਵਿਚੋਂ ਕਰੀਬ 2 ਲੱਖ ਰੁਪਏ ਪ੍ਰਤੀ ਮਹੀਨਾ ਕਿਰਾਇਆ ਦਿੱਤਾ ਜਾ ਰਿਹਾ ਹੈ।ਇਹ ਇਮਾਰਤਾਂ ਵੀ ਜ਼ਰ-ਜ਼ਰ ਹੋ ਚੁੱਕੀਆਂ ਹਨ ਅਤੇ ਲੋਕਾਂ ਨੂੰ ਆਪਣੇ ਕੰਮਾਂ ਲਈ ਵੱਖ-ਵੱਖ ਦਫਤਰਾਂ ਦੇ ਚੱਕਰ ਮਾਰਨੇ ਪੈ ਰਹੇ ਹਨ।ਇਸ ਲਈ ਇਨਾ ਦਫਤਰਾਂ ਨੂੰ ਛੇਤੀ ਤਿਆਰ ਕੀਤਾ ਜਾਵੇ। ਉਨਾਂ ਦੱਸਿਆ ਕਿ ਸਰਕਾਰ ਨੇ ਇਸ ਕੰਮ ਲਈ ਕਰੀਬ 5 ਕਰੋੜ ਰੁਪਏ ਦੀ ਰਕਮ ਜਾਰੀ ਕਰ ਦਿੱਤੀ ਹੈ।
ਇਸ ਉਪਰੰਤ ਪੀ.ਡਬਲਿਯੂ.ਡੀ ਮੰਤਰੀ ਨੇ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿੱਚ ਨੈਸ਼ਨਲ ਹਾਈਵੇ ਦੇ ਅਧਿਕਾਰੀਆਂ ਨਾਲ ਮੀਟਿੰਗ ਵੀ ਕੀਤੀ ਅਤੇ ਸਬੰਧਤ ਅਧਿਕਾਰੀਆਂ ਨੂੰ ਕਿਹਾ ਕਿ ਉਹ ਤੁਰੰਤ ਨੈਸ਼ਨਲ ਹਾਈਵੇ ‘ਤੇ ਚੱਲ ਰਹੇ ਕੰਮਾਂ ਨੂੰ ਮੁਕੰਮਲ ਕਰਨ ਤਾਂ ਜੋ ਰਾਹਗੀਰਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।ਉਨ੍ਹਾਂ ਨੈਸ਼ਨਲ ਹਾਈਵੇ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸੜਕ ਕਿਨਾਰੇ ਮਲਬੇ ਨੂੰ ਤੁਰੰਤ ਹਟਾਇਆ ਜਾਵੇ, ਕਿਉਂਕਿ ਇਸ ਨਾਲ ਦੁਰਘਟਨਾਵਾਂ ਹੋਣ ਦਾ ਖਦਸ਼ਾ ਬਣਿਆ ਰਹਿੰਦਾ ਹੈ।
ਉਨਾਂ ਨਾਲ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ, ਵਧੀਕ ਡਿਪਟੀ ਕਮਿਸ਼ਨਰ ਸੁਰਿੰਦਰ ਸਿੰਘ, ਐਕਸੀਅਨ ਦਿਆਲ ਸ਼ਰਮਾ, ਏ.ਈ.ਟੀ.ਸੀ ਸ੍ਰੀਮਤੀ ਸੁਪਨੰਦਨ ਅਤੇ ਹੋਰ ਅਧਿਕਾਰੀ ਹਾਜ਼ਰ ਸਨ।