ਅੰਮ੍ਰਿਤਸਰ, 27 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਫਿਜ਼ੀਕਲ ਐਜੂਕੇਸ਼ਨ ਵਿਖੇ ‘ਗਲੋਬਲ ਹੈਲਥ ਅਤੇ ਵਾਤਾਵਰਣ’ ਵਿਸ਼ੇ ’ਤੇ ਦੋ-ਰੋਜ਼ਾ
ਸੈਮੀਨਾਰ ਦੇ ਉਦਘਾਟਨੀ ਸੈਸ਼ਨ ਦੌਰਾਨ ਇਕੱਤਰ ਹੋਏ ਮਾਹਿਰਾਂ ਨੇ ਕਿਹਾ ਕਿ ਹੁਣ ਸਮਾਂ ਨਹੀਂ ਬਚਿਆ ਹੈ ਅਤੇ ਵਾਤਾਵਰਣ ਦੀ ਸੁਰੱਖਿਆ ਲਈ ਹਰ ਯਤਨ ਤੇ ਹੀਲਾ ਤੇਜ਼ ਕਰਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਵਾਤਾਵਰਣ ਦਾ ਨਿਘਾਰ ਆਪਣੀ ਚਰਮ ਸੀਮਾ ’ਤੇ ਪਹੁੰਚ ਗਿਆ ਹੈ ਅਤੇ ਸਮਾਜ, ਸਰਕਾਰ ਤੇ ਹਰੇਕ ਵਿਅਕਤੀ ਨੂੰ ਘਟਦੇ ਪਾਣੀ, ਮਿੱਟੀ ਅਤੇ ਹਵਾ ਦੇ ਪ੍ਰਦੂਸ਼ਣ ਨੂੰ ਬਚਾਉਣ ਲਈ ਸਮੂਹਿਕ ਯਤਨ ਕਰਨ ਦੀ ਜ਼ਰੂਰਤ ਹੈ।
ਆਪਣੇ ਮੁੱਖ ਭਾਸ਼ਣ ’ਚ ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ ਪਟਿਆਲਾ ਦੇ ਉਪ ਕੁਲਪਤੀ ਸੇਵਾਮੁਕਤ ਲੈਫ਼. ਜਨਰਲ ਡਾ. ਜੇ.ਐਸ ਚੀਮਾ ਨੇ ਕਿਹਾ ਕਿ ਵਾਤਾਵਰਣ ਅਤੇ ਸਿਹਤ ਇਕ ਸਿੱਕੇ ਦੇ ਦੋ ਪਹਿਲੂ ਹਨ।ਪਰ ਤ੍ਰਾਸਦੀ ਇਹ ਹੈ ਕਿ ਅਸੀਂ ਵਾਤਾਵਰਣ ਨਾਲ ਖਿਲਵਾੜ ਕਰ ਰਹੇ ਹਾਂ ਤੇ ਚੰਗੀ ਸਿਹਤ ਦੀ ਆਸ ਰੱਖਦੇ ਹਾਂ।ਇਹ ਸੰਭਵ ਨਹੀਂ ਅਤੇ ਕਾਰਬਨ ਨਿਕਾਸ ਨੂੰ ਹਰ ਪੱਧਰ ’ਤੇ ਰੋਕਣਾ ਹੋਵੇਗਾ।ਉਨ੍ਹਾਂ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਖੇਤਾਂ ’ਚ ਪਰਾਲੀ ਨੂੰ ਅੱਗ ਨਾ ਲਗਾਉਣ।
ਖਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਸੰਯੁਕਤ ਸਕੱਤਰ (ਵਿੱਤ) ਗੁਨਬੀਰ ਸਿੰਘ ਨੇ ਕਿਹਾ ਕਿ ਸੈਮੀਨਾਰ ਜੋ ਕਿ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ (ਪੀ.ਪੀ.ਸੀ.ਬੀ) ਪਟਿਆਲਾ ਦੇ ਸਹਿਯੋਗ ਨਾਲ ਆਯੋਜਿਤ ਕੀਤਾ ਗਿਆ ਹੈ, ਦਾ ਉਦੇਸ਼ ਵਧ ਰਹੇ ਪ੍ਰਦੂਸ਼ਣ ਬਾਰੇ ਜਾਗਰੂਕਤਾ ਪੈਦਾ ਕਰਨਾ ਅਤੇ ਇਸ ਦੇ ਹੱਲ ਲੱਭਣਾ ਸੀ।ਪੀ.ਪੀ.ਸੀ.ਬੀ ਦੇ ਚੇਅਰਮੈਨ ਡਾ. ਆਦਰਸ਼ ਪਾਲ ਵਿਗ ਨੇ ਹਵਾ, ਪਾਣੀ ਅਤੇ ਜਲਵਾਯੂ ਦੇ ਵਿਗਾੜ ਸਮੇਤ ਵਾਤਾਵਰਣ ਦੇ ਖਤਰਿਆਂ ਨਾਲ ਨਜਿੱਠਣ ਲਈ ਲੋੜੀਂਦੇ ਯਤਨਾਂ ’ਤੇ ਵੀ ਜ਼ੋਰ ਦਿੱਤਾ।ਉਨ੍ਹਾਂ ਕਿਹਾ ਕਿ ਇਕ ਦੂਜੇ ’ਤੇ ਦੋਸ਼ ਲਗਾਉਣ ਨਾਲ ਮੁਸ਼ਕਿਲਾਂ ਹੋਰ ਵਧਣਗੀਆਂ। ਕਿਸਾਨ, ਉਦਯੋਗ ਜਾਂ ਕਾਰਪੋਰੇਟ, ਸਭ ਨੂੰ ਇਹ ਸਮਝਣਾ ਚਾਹੀਦਾ ਹੈ ਕਿ ਅਸੀਂ ਕਿਸ ਮੁਕਾਮ ’ਤੇ ਪਹੁੰਚ ਗਏ ਹਾਂ।
ਪੀ.ਪੀ.ਸੀ.ਬੀ ਮੈਂਬਰ ਜੀ.ਐਸ ਮਜੀਠੀਆ ਨੇ ਉਦਾਹਰਣ ਦਿੰਦਿਆਂ ਕਿਹਾ ਕਿ ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ ਦੇ ਆਲੇ ਦੁਆਲੇ ਵਾਹਨਾਂ, ਪਰਾਲੀ ਅਤੇ ਕੂੜੇ ਨੂੰ ਸਾੜਨ ਕਾਰਨ ਪਿਛਲੇ ਸਾਲਾਂ ਦੌਰਾਨ ਪਵਿੱਤਰ ਸ੍ਰੀ ਹਰਿਮੰਦਰ ਸਾਹਿਬ ਦੀ ਸੋਨੇ ਦੀ ਪਰਤ ਆਪਣੀ ਚਮਕ ਗੁਆ ਰਹੀ ਸੀ, ਜਿਸ ਨੂੰ ਬਚਾਉਣ ਦੇ ਉਪਰਾਲੇ ਕੀਤੇ ਗਏ ਹਨ।
ਇਸ ਤੋਂ ਪਹਿਲਾਂ ਕਾਲਜ ਪ੍ਰਿੰਸੀਪਲ ਡਾ. ਕੰਵਲਜੀਤ ਸਿੰਘ ਨੇ ਬੁਲਾਰਿਆਂ ਅਤੇ ਆਏ ਮਹਿਮਾਨਾਂ ਨੂੰ ‘ਜੀ ਆਇਆਂ’ ਕਿਹਾ ਅਤੇ ਹਰੇ ਪੌਦੇ ਦੇ ਕੇ ਸਨਮਾਨਿਤ ਕੀਤਾ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਸਰ, 02 ਅਕਤੂਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media