Thursday, February 26, 2026

ਕੇਂਦਰੀ ਸਿੱਖ ਅਜਾਇਬ ਘਰ ’ਚ ਲਗਾਈਆਂ ਜਥੇਦਾਰ ਤਲਵੰਡੀ ਤੇ ਸ਼ਹੀਦ ਭਾਈ ਖੇਮਕਰਨ ਦੀਆਂ ਤਸਵੀਰਾਂ

ਅੰਮ੍ਰਿਤਸਰ, 13 ਮਈ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਸਥਿਤ ਕੇਂਦਰੀ ਸਿੱਖ ਅਜਾਇਬ ਘਰ ’ਚ ਅੱਜ ਦੋ ਸ਼ਖ਼ਸੀਅਤਾਂ ਜਥੇਦਾਰ ਦਲੀਪ ਸਿੰਘ ਤਲਵੰਡੀ ਤੇ ਭਾਈ ਅਮਰਜੀਤ ਸਿੰਘ ਖੇਮਕਰਨ ਦੀਆਂ ਤਸਵੀਰਾਂ ਲਗਾਈਆਂ ਗਈਆਂ। ਜਥੇਦਾਰ ਦਲੀਪ ਸਿੰਘ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਕਮੇਟੀ ਮੈਂਬਰ ਰਹੇ ਹਨ, ਜਦਕਿ ਭਾਈ ਅਮਰਜੀਤ ਸਿੰਘ ਖੇਮਕਰਨ 1984 ’ਚ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਫ਼ੌਜੀ ਹਮਲੇ ਦੌਰਾਨ ਸ਼ਹੀਦ ਹੋਏ ਹਨ।ਇਸ ਸਮੇਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਿੰਘ ਸਾਹਿਬ ਗਿਆਨੀ ਰਾਜਦੀਪ ਸਿੰਘ ਸਮੇਤ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਮੌਜੂਦ ਸਨ।
ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਕਿਹਾ ਕਿ ਜਥੇਦਾਰ ਦਲੀਪ ਸਿੰਘ ਤਲਵੰਡੀ ਨੇ ਲੰਮਾਂ ਸਮਾਂ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਵਜੋਂ ਸੇਵਾਵਾਂ ਨਿਭਾਈਆਂ।ਜਥੇਦਾਰ ਦਲੀਪ ਸਿੰਘ ਨੇ ਜੈਤੋ ਦੇ ਮੋਰਚੇ ਅਤੇ ਪੰਜਾਬੀ ਸੂਬਾ ਮੋਰਚਾ ਵਿੱਚ ਸਰਗਰਮ ਭੂਮਿਕਾ ਨਿਭਾਈ। ਜਥੇਦਾਰ ਦਲੀਪ ਸਿੰਘ ਨੇ 1955 ਵਿਚ ਮਾਸਟਰ ਤਾਰਾ ਸਿੰਘ ਨਾਲ ਮਰਨ ਵਰਤ ਰੱਖਿਆ ਅਤੇ ਸਿੰਘਾਂ ਦੇ ਜਥੇ ਲੈ ਕੇ ਦਿੱਲੀ ਜਾ ਕੇ ਗ੍ਰਿਫ਼ਤਾਰੀ ਵੀ ਦਿੱਤੀ।ਉਨ੍ਹਾਂ ਕਿਹਾ ਕਿ ਇਨ੍ਹਾਂ ਗਤੀਵਿਧੀਆਂ ਕਾਰਨ ਕਾਂਗਰਸ ਸਰਕਾਰ ਨੇ ਜਥੇਦਾਰ ਦਲੀਪ ਸਿੰਘ ਦੇ ਘਰ ਦੀ ਕੁਰਕੀ ਵੀ ਕਰ ਦਿੱਤੀ ਸੀ। ਭਾਈ ਗਰੇਵਾਲ ਨੇ ਕਿਹਾ ਕਿ ਇਸੇ ਤਰ੍ਹਾਂ ਸ਼ਹੀਦ ਭਾਈ ਅਮਰਜੀਤ ਸਿੰਘ ਨੇ 1984 ਵਿਚ ਸ੍ਰੀ ਦਰਬਾਰ ਸਾਹਿਬ ’ਤੇ ਹੋਏ ਫ਼ੌਜੀ ਹਮਲੇ ਦੌਰਾਨ 6 ਜੂਨ 1984 ਨੂੰ ਭਾਰਤੀ ਫ਼ੌਜਾਂ ਦਾ ਮੁਕਾਬਲਾ ਕਰਦਿਆਂ ਸ਼ਹੀਦੀ ਪ੍ਰਾਪਤ ਕੀਤੀ ਸੀ।ਜਥੇਦਾਰ ਦਲੀਪ ਸਿੰਘ ਤੇ ਸ਼ਹੀਦ ਭਾਈ ਅਮਰਜੀਤ ਸਿੰਘ ਖੇਮਕਰਨ ਦੇ ਪਰਿਵਾਰਕ ਮੈਂਬਰ ਅਤੇ ਪੁੱਜੀਆਂ ਸ਼ਖ਼ਸੀਅਤਾਂ ਨੂੰ ਗੁਰੂ ਬਖ਼ਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਭਾਈ ਗੁਰਬਖ਼ਸ਼ ਸਿੰਘ ਖਾਲਸਾ, ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ, ਸੁਖਵਰਸ਼ ਸਿੰਘ ਪੰਨੂ, ਸਕੱਤਰ ਪ੍ਰਤਾਪ ਸਿੰਘ, ਵਧੀਕ ਸਕੱਤਰ ਕੁਲਵਿੰਦਰ ਸਿੰਘ ਰਮਦਾਸ, ਮੈਨੇਜਰ ਸਤਨਾਮ ਸਿੰਘ ਮਾਂਗਾਸਰਾਏ ਸ਼ਹੀਦ ਭਾਈ ਅਮਰਜੀਤ ਸਿੰਘ ਦੀ ਪਤਨੀ ਬੀਬੀ ਮਲਕੀਤ ਕੌਰ, ਭਰਾ ਜਗਤਾਰ ਸਿੰਘ, ਗੁਰਜੰਟ ਸਿੰਘ, ਦਲ ਖਾਲਸਾ ਦੇ ਆਗੂ ਕੰਵਰਪਾਲ ਸਿੰਘ, ਨਰਾਇਣ ਸਿੰਘ ਚੌੜਾ ਤੇ ਸਤਨਾਮ ਸਿੰਘ ਆਦਿ ਹਾਜ਼ਰ ਸਨ।

Check Also

ਸ਼੍ਰੋਮਣੀ ਕਮੇਟੀ ਵੱਲੋਂ ਸਿੰਘ ਸਾਹਿਬ ਗਿਆਨੀ ਮੋਹਣ ਸਿੰਘ ਦੀ ਯਾਦ ’ਚ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਏ ਭੋਗ

ਅੰਮ੍ਰਿਤਸਰ, 26 ਫ਼ਰਵਰੀ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਮੁੱਖ ਗ੍ਰੰਥੀ ਸਿੰਘ …