ਘੱਲੂਘਾਰੇ ਦੇ ਸ਼ਹੀਦਾਂ ਦੇ ਪਰਿਵਾਰਕ ਮੈਂਬਰਾਂ ਨੂੰ ਸਿਰੋਪਾਓ ਨਾਲ ਦਿੱਤਾ ਸਨਮਾਨ
ਅੰਮ੍ਰਿਤਸਰ, 6 ਜੂਨ (ਪੰਜਾਬ ਪੋਸਟ ਬਿਊਰੋ) – ਜੂਨ 1984 ’ਚ ਭਾਰਤ ਦੀ ਤਤਕਾਲੀ ਕਾਂਗਰਸ ਸਰਕਾਰ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ
ਤਖ਼ਤ ਸਾਹਿਬ ’ਤੇ ਕੀਤੇ ਗਏ ਫ਼ੌਜੀ ਹਮਲੇ ਦੌਰਾਨ ਸ਼ਹੀਦ ਹੋਏ ਸੰਤ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲੇ, ਭਾਈ ਅਮਰੀਕ ਸਿੰਘ, ਬਾਬਾ ਠਾਰਾ ਸਿੰਘ ਤੇ ਜਨਰਲ ਸ਼ਬੇਗ ਸਿੰਘ ਸਮੇਤ ਹੋਰ ਸ਼ਹੀਦਾਂ ਦੀ ਯਾਦ ’ਚ ਸ਼੍ਰੋਮਣੀ ਕਮੇਟੀ ਵੱਲੋਂ ਸਾਲਾਨਾ ਸ਼ਹੀਦੀ ਸਮਾਗਮ ਕਰਵਾਇਆ ਗਿਆ।ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਏ ਇਸ ਸਮਾਗਮ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਬਾਬਾ ਨਿਹਾਲ ਸਿੰਘ ਤਰਨਾ ਦਲ ਹਰੀਆਂ ਵੇਲਾਂ, ਦਲ ਬਾਬਾ ਬਿਧੀ ਚੰਦ ਸੰਪ੍ਰਦਾ ਦੇ ਮੁਖੀ ਬਾਬਾ ਅਵਤਾਰ ਸਿੰਘ ਸੁਰਸਿੰਘ, ਸਾਬਕਾ ਜਥੇਦਾਰ ਭਾਈ ਜਸਬੀਰ ਸਿੰਘ ਖਾਲਸਾ ਸਮੇਤ ਕਈ ਪੰਥਕ ਸ਼ਖ਼ਸੀਅਤਾਂ ਨੇ ਸ਼ਮੂਲੀਅਤ ਕੀਤੀ।ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਰਾਗੀ ਜਥਿਆਂ ਨੇ ਗੁਰਬਾਣੀ ਕੀਰਤਨ ਕੀਤਾ।
ਸੰਗਤਾਂ ਨੂੰ ਸੰਬੋਧਨ ਕਰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸਿੱਖ ਸ਼ਕਤੀ ਨੂੰ ਸੰਗਠਤ ਹੋਣ ਦੀ ਲੋੜ ’ਤੇ ਜ਼ੋਰ ਦਿੱਤਾ।ਉਨ੍ਹਾਂ ਕਿਹਾ ਕਿ ਜੂਨ 1984 ਦੇ ਘੱਲੂਘਾਰੇ ਨੂੰ ਸਿੱਖ ਕਦੇ ਨਹੀਂ ਭੁੱਲ ਸਕਦੇ।ਉਨਾਂ ਕਿਹਾ ਕਿ ਭਾਰਤ ਦੀ ਤਤਕਾਲੀ ਸਰਕਾਰ ਵਲੋਂ ਕੀਤੇ ਇਸ ਜ਼ੁਲਮ ਦੇ ਇਨਸਾਫ਼ ਦੀ ਸਰਕਾਰਾਂ ਤੋਂ ਕੌਮ ਨੂੰ ਕੋਈ ਉਮੀਦ ਨਹੀਂ ਕਰਨੀ ਚਾਹੀਦੀ, ਬਲਕਿ ਇੱਕਜੁਟ ਹੋ ਕੇ ਸਵੈ-ਮੰਥਨ ਕਰਦਿਆਂ ਸਿੱਖ ਸ਼ਕਤੀ ਨੂੰ ਮਜਬੂਤ ਕਰਨਾ ਚਾਹੀਦਾ ਹੈ।ਹੁਣ ਤੱਕ ਕਈ ਸਰਕਾਰਾਂ ਬਣੀਆਂ ਪਰ ਸਿੱਖਾਂ ਨੂੰ ਕਿਸੇ ਨੇ ਵੀ ਨਿਆਂ ਨਹੀਂ ਦਿੱਤਾ।ਸਿੱਖ ਸ਼ਕਤੀ ਇੱਕਜੁਟ ਹੋਵੇਗੀ ਤਾਂ ਸਰਕਾਰਾਂ ਖੁਦ ਚੱਲ ਕੇ ਆਉਣਗੀਆਂ।
ਆਪਣੇ ਸੰਬੋਧਨ ਦੌਰਾਨ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸਿੱਖ ਜਥੇਬੰਦੀਆਂ, ਮਹਾਪੁਰਖਾਂ, ਸਾਬਕਾ ਜਥੇਦਾਰਾਂ ਅਤੇ ਕੌਮ ਦੇ ਪ੍ਰਚਾਰਕਾਂ ਨੂੰ ਅਪੀਲ ਕੀਤੀ ਕਿ ਕਾਫਲੇ ਬਣਾ ਕੇ ਪਿੰਡ-ਪਿੰਡ ਸਿੱਖੀ ਪ੍ਰਚਾਰ ਦੀ ਲਹਿਰ ਸਿਰਜਣ ਲਈ ਅੱਗੇ ਆਉਣ।ਉਨ੍ਹਾਂ ਆਖਿਆ ਕਿ ਅੱਜ ਨਸ਼ਿਆਂ ਰਾਹੀਂ ਨੌਜੁਆਨੀਂ ਨੂੰ ਬਰਬਾਦ ਕੀਤਾ ਜਾ ਰਿਹਾ ਹੈ।ਇਸ ਦੇ ਨਾਲ ਹੀ, ਸੋਸ਼ਲ ਮੀਡੀਆ ’ਤੇ ਗੁੰਮਰਾਹਕੁਨ ਸਮੱਗਰੀ ਨਾਲ ਨੌਜੁਆਨੀ ਦੀ ਮਾਨਸਿਕਤਾ ਤਬਦੀਲ ਕੀਤੀ ਜਾ ਰਹੀ ਹੈ।ਉਨ੍ਹਾਂ ਕਿਹਾ ਕਿ ਸਿੱਖ ਸੰਸਥਾਵਾਂ ਸਿੱਖ ਸ਼ਕਤੀ ਦਾ ਸਰੋਤ ਹਨ, ਪਰ ਦੁੱਖ ਦੀ ਗੱਲ ਹੈ ਕਿ ਕੁੱਝ ਸਿੱਖ ਸੰਸਥਾਵਾਂ ਸਰਕਾਰੀ ਹੱਥਾਂ ਵਿੱਚ ਚਲੇ ਗਈਆਂ ਹਨ। ਇਸ ਵੱਲ ਕੌਮ ਨੂੰ ਧਿਆਨ ਦੇਣਾ ਪਵੇਗਾ ਤਾਂ ਜੋ ਸਿੱਖ ਸੰਸਥਾਵਾਂ ਸਿੱਖ ਪ੍ਰਭਾਵ ਹੇਠ ਹੀ ਰਹਿਣ।
ਸਮਾਗਮ ਦੌਰਾਨ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਵੀ ਸੰਗਤ ਨਾਲ ਵਿਚਾਰ ਸਾਂਝੇ ਕੀਤੇ ਅਤੇ ਜੂਨ 1984 ਦੇ ਘੱਲੂਘਾਰੇ ਨੂੰ ਉਸ ਸਮੇਂ ਦੀ ਕਾਂਗਰਸ ਸਰਕਾਰ ਦੀ ਮਨੁੱਖਤਾ ਮਾਰੂ ਕਾਰਵਾਈ ਕਿਹਾ।
ਇਸ ਮੌਕੇ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ, ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸੰਤ ਬਾਬਾ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲਿਆਂ ਦੇ ਸਪੁੱਤਰ ਭਾਈ ਈਸ਼ਰ ਸਿੰਘ, ਸ਼ਹੀਦ ਭਾਈ ਅਮਰੀਕ ਸਿੰਘ ਦੀ ਸਪੁੱਤਰੀ ਬੀਬੀ ਸਤਵੰਤ ਕੌਰ, ਭਰਾ ਭਾਈ ਮਨਜੀਤ ਸਿੰਘ ਭੂਰਾਕੋਹਨਾ, ਸ਼ਹੀਦ ਭਾਈ ਨਛੱਤਰ ਸਿੰਘ ਭਲਵਾਨ ਦੇ ਸਪੁੱਤਰ ਭਾਈ ਭੁਪਿੰਦਰ ਸਿੰਘ ਭਲਵਾਨ, ਫੈਡਰੇਸ਼ਨ ਆਗੂ ਕੰਵਰਚੜ੍ਹਤ ਸਿੰਘ ਸਮੇਤ ਸ਼ਹੀਦਾਂ ਦੇ ਕਈ ਪਰਿਵਾਰਕ ਮੈਂਬਰਾਂ ਨੂੰ ਗੁਰੂ ਬਖ਼ਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਸਿੱਖ ਸੰਘਰਸ਼ ਨਾਲ ਸਬੰਧਤ ਹੋਰ ਸ਼ਖ਼ਸੀਅਤਾਂ ਨੂੰ ਵੀ ਇਸ ਦੌਰਾਨ ਸਿਰੋਪਾਓ ਦੇ ਕੇ ਨਿਵਾਜਿਆ ਗਿਆ।
ਸਮਾਗਮ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਿੰਘ ਸਾਹਿਬ ਗਿਆਨੀ ਗੁਰਮਿੰਦਰ ਸਿੰਘ, ਗਿਆਨੀ ਸੁਲਤਾਨ ਸਿੰਘ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੈਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਗੁਰਮੁੱਖ ਸਿੰਘ ਤੇ ਗਿਆਨੀ ਮਲਕੀਤ ਸਿੰਘ, ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ, ਜੂਨੀਅਰ ਮੀਤ ਪ੍ਰਧਾਨ ਅਵਤਾਰ ਸਿੰਘ ਰਿਆ, ਅੰਤ੍ਰਿੰਗ ਮੈਂਬਰ ਪਰਮਜੀਤ ਸਿੰਘ ਖਾਲਸਾ, ਮਲਕੀਤ ਸਿੰਘ ਚੰਗਾਲ, ਮੈਂਬਰ ਭਾਈ ਰਜਿੰਦਰ ਸਿੰਘ ਮਹਿਤਾ, ਭਾਈ ਅਮਰਜੀਤ ਸਿੰਘ ਚਾਵਲਾ, ਹਰਜਾਪ ਸਿੰਘ ਸੁਲਤਾਨਵਿੰਡ, ਭੁਪਿੰਦਰ ਸਿੰਘ ਭਲਵਾਨ, ਭਾਈ ਅਜਾਇਬ ਸਿੰਘ ਅਭਿਆਸੀ, ਸੀਨੀਅਰ ਅਕਾਲੀ ਆਗੂ ਵਿਰਸਾ ਸਿੰਘ ਵਲਟੋਹਾ, ਅਮਰਬੀਰ ਸਿੰਘ ਢੋਟ, ਮੈਂਬਰ ਪਾਰਲੀਮੈਂਟ ਸਿਮਰਨਜੀਤ ਸਿੰਘ ਮਾਨ, ਈਮਾਨ ਸਿੰਘ ਮਾਨ, ਨਰਾਇਣ ਸਿੰਘ ਚੌੜਾ, ਕੰਵਰਪਾਲ ਸਿੰਘ, ਭਾਈ ਜਸਬੀਰ ਸਿੰਘ ਘੁੰਮਣ, ਸਕੱਤਰ ਪ੍ਰਤਾਪ ਸਿੰਘ, ਓ.ਐਸ.ਡੀ ਸਤਬੀਰ ਸਿੰਘ ਧਾਮੀ, ਮੈਨੇਜਰ ਸਤਨਾਮ ਸਿੰਘ ਮਾਂਗਾਸਰਾਏ, ਜਸਵਿੰਦਰ ਸਿੰਘ ਜੱਸੀ, ਰਾਜਿੰਦਰ ਸਿੰਘ ਰੂਬੀ, ਉਪਕਾਰ ਸਿੰਘ ਸੰਧੂ, ਭਾਈ ਬਲਵੰਤ ਸਿੰਘ ਗੋਪਾਲਾ ਆਦਿ ਮੌਜ਼ੂਦ ਸਨ।
Punjab Post Daily Online Newspaper & Print Media