ਅੰਮ੍ਰਿਤਸਰ, 13 ਜੂਨ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਹਰਿਆਣਾ ਦੇ ਕਰੂਕਸ਼ੇਤਰ ਵਿਖੇ ਕਿਸਾਨਾਂ ਵੱਲੋਂ ਫਸਲਾਂ ਦੇ ਘਟੋ-ਘੱਟ ਸਮਰਥਨ
ਮੁੱਲ ਨੂੰ ਲੈ ਕੇ ਆਰੰਭੇ ਗਏ ਸੰਘਰਸ਼ ਦਾ ਸਮਰਥਨ ਕੀਤਾ ਹੈ।ਅੱਜ ਇਥੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਕਿਸਾਨ ਦੇਸ਼ ਦੀ ਰੀੜ੍ਹ ਦੀ ਹੱਡੀ ਹਨ, ਜਿਨ੍ਹਾਂ ਦੇ ਸਿਰ ’ਤੇ ਦੇਸ਼ ਦੀ ਅਰਥ ਵਿਵਸਥਾ ਅਤੇ ਲੋਕਾਂ ਦਾ ਜੀਵਨ ਨਿਰਭਰ ਕਰਦਾ ਹੈ।ਕਿਸਾਨਾਂ ਨੂੰ ਦਬਾਉਣਾ ਅਤੇ ਉਨ੍ਹਾਂ ਦੀਆਂ ਹੱਕੀ ਮੰਗਾਂ ਨਾਲ ਖਿਲਵਾੜ ਕਰਨਾ ਦੇਸ਼ ਦੇ ਇਸ ਅਹਿਮ ਵਰਗ ਨਾਲ ਅਨਿਆਂ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਘਟੋ-ਘੱਟ ਸਮਰਥਨ ਮੁੱਲ ’ਤੇ ਕਿਸਾਨਾਂ ਦੀਆਂ ਫਸਲਾਂ ਦੀ ਖਰੀਦ ਯਕੀਨੀ ਬਣਾਉਣਾ ਸਰਕਾਰਾਂ ਦੀ ਜੁੰਮੇਵਾਰੀ ਹੈ, ਪ੍ਰੰਤੂ ਦੁੱਖ ਦੀ ਗੱਲ ਹੈ ਕਿ ਹਰਿਆਣਾ ਦੇ ਕਿਸਾਨਾਂ ਨੂੰ ਇਸ ਲਈ ਸੰਘਰਸ਼ ਦੇ ਰਾਹ ਪੈਣਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਵੱਲੋਂ ਘਟੋ-ਘੱਟ ਸਮਰਥਨ ਮੁੱਲ ਅਤੇ ਇਸ ’ਤੇ ਖਰੀਦ ਨੂੰ ਕਾਨੂੰਨ ਦੇ ਦਾਇਰੇ ਵਿਚ ਲਿਆਉਣ ਦੀ ਮੰਗ ਬਿਲਕੁੱਲ ਜਾਇਜ਼ ਹੈ।ਉਨ੍ਹਾਂ ਇਸ ਗੱਲ ’ਤੇ ਅਫ਼ਸੋਸ ਜ਼ਾਹਿਰ ਕੀਤਾ ਕਿ ਹਰਿਆਣਾ ਸਰਕਾਰ ਵੱਲੋਂ ਨਾਮਜ਼ਦ ਹਰਿਆਣਾ ਐਡਹਾਕ ਗੁਰਦੁਆਰਾ ਕਮੇਟੀ ਵੱਲੋਂ ਗੁਰਦੁਆਰਾ ਸਾਹਿਬਾਨ ਤੋਂ ਲੰਗਰ ਨਹੀਂ ਦਿੱਤਾ ਜਾ ਰਿਹਾ, ਜਦਕਿ ਹਰਿਆਣਾ ਦੇ ਗੁਰਦੁਆਰਿਆਂ ਦਾ ਪ੍ਰਬੰਧ ਸ਼੍ਰੋਮਣੀ ਕਮੇਟੀ ਪਾਸ ਸੀ ਤਾਂ ਉਸ ਸਮੇਂ ਇਕ ਸਾਲ ਤੱਕ ਦਿੱਲੀ ਕਿਸਾਨ ਸੰਘਰਸ਼ ਲਈ ਲੰਗਰ ਸੇਵਾ ਨਿਰੰਤਰ ਜਾਰੀ ਰੱਖੀ ਗਈ ਸੀ।
ਐਡਵੋਕੇਟ ਧਾਮੀ ਨੇ ਪਟਿਆਲਾ ਵਿਖੇ ਪੰਜਾਬ ਸਰਕਾਰ ਵੱਲੋਂ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਵੱਲੋਂ ਲਗਾਏ ਧਰਨੇ ਨੂੰ ਜ਼ਬਰੀ ਚੁੱਕਵਾਉਣ ਦੀ ਵੀ ਕਰੜੀ ਨਿੰਦਾ ਕੀਤੀ।ਉਨ੍ਹਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਨਸੀਹਤ ਦਿੱਤੀ ਕਿ ਉਹ ਲੋਕ ਭਾਵਨਾਵਾਂ ਦੀ ਕਦਰ ਕਰਨ ਅਤੇ ਸੱਤਾ ਦੇ ਨਸ਼ੇ ’ਚ ਬਾਹਰ ਆ ਕੇ ਲੋਕ ਹਿਤੈਸ਼ੀ ਫੈਸਲੇ ਲੈਣ।
Check Also
ਕਵੀ ਤੇ ਸਾਹਿਤਕ ਫ਼ੋਟੋਗ੍ਰਾਫ਼ਰ ਹਰਭਜਨ ਸਿੰਘ ਬਾਜਵਾ ਦੇ ਦੇਹਾਂਤ ’ਤੇ ਕੇਂਦਰੀ ਪੰਜਾਬੀ ਲੇਖਕ ਸਭਾ ਵੱਲੋਂ ਦੁੱਖ ਦਾ ਪ੍ਰਗਟਾਵਾ
ਅੰਮ੍ਰਿਤਸਰ 14 ਸਤੰਬਰ (ਦੀਪ ਦਵਿੰਦਰ ਸਿੰਘ) – ਪੰਜਾਬੀ ਦੇ ਕਵੀ ਅਤੇ ਬੇਹੱਦ ਜ਼ਹੀਨ ਸਾਹਿਤਕ ਫ਼ੋਟੋਗ੍ਰਾਫ਼ਰ …
Punjab Post Daily Online Newspaper & Print Media