ਸਿੱਖ ਮਾਮਲਿਆਂ ’ਚ ਦਖ਼ਲਅੰਦਾਜ਼ੀ ਨੂੰ ਲੈ ਕੇ ਵਿਸ਼ੇਸ਼ ਇਜਲਾਸ 26 ਜੂਨ ਨੂੰ – ਐਡਵੋਕੇਟ ਧਾਮੀ
ਅੰਮ੍ਰਿਤਸਰ, 20 ਜੂਨ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪੰਜਾਬ ਸਰਕਾਰ ਵੱਲੋਂ ਵਿਧਾਨ ਸਭਾ ਵਿਚ ਪਾਸ ਕੀਤੇ ਗਏ ਸਿੱਖ
ਗੁਰਦੁਆਰਾ ਸੋਧ ਬਿੱਲ 2023 ਨੂੰ ਮੁੱਢੋਂ ਹੀ ਰੱਦ ਕਰ ਦਿੱਤਾ ਹੈ।ਇਥੇ ਪ੍ਰੈਸ ਕਾਨਫਰੰਸ ਦੌਰਾਨ ਗੱਲਬਾਤ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਆਖਿਆ ਕਿ 103 ਸਾਲਾਂ ਦੇ ਸ਼੍ਰੋਮਣੀ ਕਮੇਟੀ ਇਤਿਹਾਸ ਅੰਦਰ ਅੱਜ ਦਾ ਦਿਨ ਕਾਲੇ ਅੱਖਰਾਂ ਵਿੱਚ ਯਾਦ ਕੀਤਾ ਜਾਵੇਗਾ, ਜਦੋਂ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸਿੱਧੇ ਤੌਰ ’ਤੇ ਗੁਰਦੁਆਰਾ ਪ੍ਰਬੰਧਾਂ ਵਿਚ ਦਖ਼ਲਅੰਦਾਜ਼ੀ ਕਰਕੇ ਗੈਰ-ਸੰਵਿਧਾਨਕ ਬਿੱਲ ਪਾਸ ਕੀਤਾ ਗਿਆ।ਇਸ ਨੂੰ ਕਿਸੇ ਵੀ ਕੀਮਤ ’ਤੇ ਲਾਗੂ ਨਹੀਂ ਹੋਣ ਦਿੱਤਾ ਜਾਵੇਗਾ।ਅਜ਼ਾਦ ਭਾਰਤ ‘ਚ ਪੰਜਾਬ ਸਰਕਾਰ ਵੱਲੋਂ ਸ਼੍ਰੋਮਣੀ ਕਮੇਟੀ ’ਤੇ ਕੀਤਾ ਗਿਆ ਇਹ ਹਮਲਾ ਸਿੱਖ ਕੌਮ ਕਦੇ ਨਹੀਂ ਭੁੱਲੇਗੀ।ਇਸ ਹਰਕਤ ਦਾ ਹਰ ਪੱਧਰ ’ਤੇ ਜਵਾਬ ਦੇਣ ਦੀ ਰੂਪ ਰੇਖਾ ਤੈਅ ਕਰਨ ਲਈ ਸ਼੍ਰੋਮਣੀ ਕਮੇਟੀ ਦਾ ਵਿਸ਼ੇਸ਼ ਜਨਰਲ ਇਜਲਾਸ 26 ਜੂਨ ਨੂੰ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਸੱਦਿਆ ਗਿਆ ਹੈ।
ਐਡਵੋਕੇਟ ਧਾਮੀ ਨੇ ਸਪੱਸ਼ਟ ਸ਼ਬਦਾਂ ਵਿਚ ਕਿਹਾ ਕਿ ਮਾਨ ਸਰਕਾਰ ਜੇਕਰ ਇਹ ਕਾਲਾ ਕਾਨੂੰਨ ਲਾਗੂ ਕਰਨ ਦੀ ਕੋਸ਼ਿਸ਼ ਕਰੇਗੀ ਤਾਂ ਉਸ ਨਾਲ ਸਖ਼ਤੀ ਨਾਲ ਨਜਿੱਠਣਾ ਵੀ ਸਿੱਖ ਕੌਮ ਜਾਣਦੀ ਹੈ।ਉਨ੍ਹਾਂ ਮੁੜ ਦੁਹਰਾਇਆ ਕਿ ਸਿੱਖ ਗੁਰਦੁਆਰਾ ਐਕਟ ਵਿਚ ਸੂਬਾ ਸਰਕਾਰ ਆਪਣੇ ਤੌਰ ’ਤੇ ਕੋਈ ਵੀ ਸੋਧ ਨਹੀਂ ਕਰ ਸਕਦੀ, ਇਹ ਸ਼੍ਰੋਮਣੀ ਕਮੇਟੀ ਦੇ ਜਨਰਲ ਹਾਊਸ ਦੀਆਂ ਸਿਫ਼ਾਰਸ਼ਾਂ ਨਾਲ ਹੀ ਹੋ ਸਕਦਾ ਹੈ।
ਐਡੋਵਕੇਟ ਧਾਮੀ ਨੇ ਕਿਹਾ ਕਿ ਪੰਜਾਬ ਸਰਕਾਰ ਗੁਰਬਾਣੀ ਪ੍ਰਸਾਰਣ ਨੂੰ ਮੁੱਦਾ ਬਣਾ ਕੇ ਸਿੱਖ ਸੰਸਥਾ ਨੂੰ ਕਮਜ਼ੋਰ ਕਰ ਰਹੀ ਹੈ।ਉਨ੍ਹਾਂ ਕਿਹਾ ਕਿ ਗੁਰਬਾਣੀ ਪ੍ਰਸਾਰਣ ਦੇ ਮਾਮਲੇ ਵਿਚ ਸ਼੍ਰੋਮਣੀ ਕਮੇਟੀ ਪਹਿਲਾਂ ਹੀ ਸਬ-ਕਮੇਟੀ ਰਾਹੀਂ ਕਾਰਜ ਕਰ ਰਹੀ ਹੈ।ਇਸ ਸਬੰਧ ਵਿਚ ਦੋ ਬੈਠਕਾਂ ਵਿਚ ਕਾਫ਼ੀ ਹੱਦ ਤੱਕ ਭਵਿੱਖੀ ਤਰਜੀਹਾਂ ਨਿਰਧਾਰਤ ਕੀਤੀਆਂ ਜਾ ਚੁੱਕੀਆਂ ਹਨ ਅਤੇ ਇਹ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ ਅਨੁਸਾਰ ਹੀ ਕੀਤਾ ਜਾ ਰਿਹਾ ਹੈ।
ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਭਾਈ ਮਨਜੀਤ ਸਿੰਘ, ਭੁਪਿੰਦਰ ਸਿੰਘ ਭਲਵਾਨ, ਰਵਿੰਦਰ ਸਿੰਘ ਖਾਲਸਾ, ਸਕੱਤਰ ਪ੍ਰਤਾਪ ਸਿੰਘ, ਬਲਵਿੰਦਰ ਸਿੰਘ ਕਾਹਲਵਾਂ, ਓ.ਐਸ.ਡੀ ਸਤਬੀਰ ਸਿੰਘ, ਮੀਤ ਸਕੱਤਰ ਸ਼ਾਹਬਾਜ਼ ਸਿੰਘ, ਇੰਚਾਰਜ ਹਰਭਜਨ ਸਿੰਘ ਵਕਤਾ, ਅਜ਼ਾਦਦੀਪ ਸਿੰਘ, ਗੁਰਮੀਤ ਸਿੰਘ ਸੈਣੀ ਰਾਏਪੁਰ, ਸੁਪਰਡੈਂਟ ਮਲਕੀਤ ਸਿੰਘ ਬਹਿੜਵਾਲ ਆਦਿ ਮੌਜੂਦ ਸਨ।
Punjab Post Daily Online Newspaper & Print Media