ਅੰਮ੍ਰਿਤਸਰ, 23 ਜੂਨ (ਸੁਖਬੀਰ ਸਿੰਘ) – ਆਯੂਸ਼ ਮੰਤਰਾਲਾ ਭਾਰਤ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜਿਲ੍ਹਾ ਪ੍ਰਸ਼ਾਸ਼ਨ ਦੀ ਅਗਵਾਈ ਹੇਠ ਜਿਲ੍ਹਾ
ਆਯੁਰਵੈਦਿਕ ਵਿਭਾਗ ਅਤੇ ਭਾਰਤੀ ਯੋਗ ਸੰਸਥਾ ਵਲੋਂ ਕੰਪਨੀ ਬਾਗ ਵਿਖੇ ਨੌਵਾਂ ਕੌਮਾਂਤਰੀ ਯੋਗ ਦਿਵਸ ਮਨਾਇਆ ਗਿਆ।
ਇਸ ਯੋਗ ਦਿਵਸ ਦੀ ਅਗਵਾਈ ਡਿਪਟੀ ਕਮਿਸ਼ਨਰ ਅਮਿਤ ਤਲਵਾੜ ਵਲੋਂ ਕੀਤੀ ਗਈ।1000 ਤੋਂ ਵੱਧ ਦੇ ਕਰੀਬ ਸ਼ਹਿਰੀਆਂ ਨੇ ਇਕੱਠੇ ਯੋਗ ਅਭਿਆਸ ਕੀਤਾ।ਇਸ ਸੈਸ਼ਨ ਵਿੱਚ ਸਰੀਰ ਨੂੰ ਚੁਸਤ ਅਤੇ ਤੰਦਰੁਸਤ ਰੱਖਣ ਲਈ ਕਈ ਆਸਨ ਜਿਵੇਂ ਤਾੜ ਆਸਨ, ਵਰਿਕਸ਼ ਆਸਨ, ਅਰਧ ਚੱਕਰ ਆਸਨ, ਵਕਰ ਆਸਨ, ਵਜਰ ਆਸਨ, ਊਸ਼ਟਰ ਆਸਨ, ਪਵਨ ਮੁਕਤ ਆਸਨ ਆਦਿ ਕਈ ਆਸਨ ਕਰਵਾਉਣ ਉਪਰੰਤ ਪ੍ਰਾਣਾਯਾਮ ਅਤੇ ਧਿਆਨ ਕਰਵਾਇਆ ਗਿਆ।
ਡਿਪਟੀ ਕਮਿਸ਼ਨਰ ਤਲਵਾੜ ਬਤੌਰ ਮੁੱਖ ਮਹਿਮਾਨ ਅਤੇ ਵਧੀਕ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਏ।ਉਨ੍ਹਾਂ ਆਪਣੇ ਸੰਬੋਧਨ ‘ਚ ਕਿਹਾ ਕਿ ਸਾਨੂੰ ਜੀਵਨ ਸਿਹਤਮੰਦ ਅਤੇ ਖੁਸ਼ਹਾਲ ਬਣਾਉਣ ਲਈ ਰੋਜ਼ਾਨਾ ਯੋਗ ਅਭਿਆਸ ਕਰਨੇ ਚਾਹੀਦੇ ਹਨ।ਉਨਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਵਲੋਂ ਸੀ.ਐਮ ਯੋਗਸ਼ਾਲਾ ਦੀ ਸ਼ੁਰੂਆਤ ਜਿਲ੍ਹੇ ਵਿੱਚ ਕੀਤੀ ਗਈ ਹੈ।ਜਿਸ ਤਹਿਤ 37 ਥਾਵਾਂ ’ਤੇ ਮੁਫ਼ਤ ਵਿੱਚ ਯੋਗਾ ਦੀ ਸਿਖਲਾਈ ਮਾਹਰਾਂ ਵਲੋਂ ਦਿੱਤੀ ਜਾ ਰਹੀ ਹੈ ਅਤੇ ਅਸੀਂ ਸ਼ਹਿਰਵਾਸੀਆਂ ਦੇ ਸਹਿਯੋਗ ਨਾਲ ਛੇਤੀ ਹੀ 100 ਸਥਾਨਾਂ ’ਤੇ ਇਹ ਸਿਖਲਾਈ ਦੇਵਾਂਗੇ।ਉਨਾਂ ਕਿਹਾ ਕਿ ਜੋ ਵੀ ਵਿਅਕਤੀ ਯੋਗ ਸਿਖਣਾ ਚਾਹੁੰਦਾ ਹੈ ਉਹ ਜਿਲ੍ਹਾ ਆਯੂਸ਼ ਅਫ਼ਸਰ ਨਾਲ ਸੰਪਰਕ ਕਰ ਸਕਦਾ ਹੈ।
ਉਨਾਂ ਕਿਹਾ ਕਿ ਯੋਗਾ ਸਾਡੀ ਵਿਰਾਸਤ ਦਾ ਹਿੱਸਾ ਹੈ ਅਤੇ ਅਜੋਕੇ ਜੀਵਨ ਜਾਂਚ ਦੌਰਾਨ ਜਦੋਂ ਕਿ ਸਰੀਰਿਕ ਕੰਮ ਘੱਟ ਗਏ ਹਨ ਇਸ ਦੀ ਮਹੱਤਤਾ ਹੋਰ ਵੀ ਵੱਧ ਜਾਂਦੀ ਹੈ।ਦੋਵਾਂ ਅਧਿਕਾਰੀਆਂ ਨੇ ਯੋਗਾ ਸੈਸ਼ਨ ਦੌਰਾਨ ਖੁਦ ਵੀ ਯੋਗ ਆਸਣ ਕੀਤੇ।ਇਸ ਮੌਕੇ ਭਾਰਤੀ ਯੋਗ ਸੰਸਥਾ ਦੇ ਪ੍ਰਤੀਨਿਧੀ ਵੱਡੀ ਗਿਣਤੀ ‘ਚ ਹਾਜ਼ਰ ਸਨ।
Check Also
ਵੋਟਰ ਸੂਚੀਆਂ ਦੀ ਸ਼ੁੱਧਤਾ ਅਤੇ ਪਾਰਦਰਸ਼ਤਾ ਯਕੀਨੀ ਬਣਾਉਣ ਲਈ ਹਰ ਅਧਿਕਾਰੀ ਆਪਣੀ ਜ਼ਿੰਮੇਵਾਰੀ ਨਿਭਾਵੇ – ਡਿਪਟੀ ਕਮਿਸ਼ਨਰ
ਅੰਮ੍ਰਿਤਸਰ, 19 ਜੂਨ (ਸੁਖਬੀਰ ਸਿੰਘ) – ਭਾਰਤੀ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਚਲਾਈ ਜਾ ਰਹੀ …
Punjab Post Daily Online Newspaper & Print Media