ਅੰਮ੍ਰਿਤਸਰ, 4 ਜੁਲਾਈ (ਪੰਜਾਬ ਪੋਸਟ ਬਿਊਰੋ) – ਪੰਜਾਬੀ ਸੂਬਾ ਮੋਰਚਾ ਦੌਰਾਨ ਸਮੇਂ ਦੀ ਸਰਕਾਰ ਵੱਲੋਂ 4 ਜੁਲਾਈ 1955 ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ’ਤੇ
ਕੀਤੇ ਹਮਲੇ ਦੀ ਯਾਦ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸਮਾਗਮ ਕੀਤਾ ਗਿਆ।ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਹਜ਼ੂਰੀ ਰਾਗੀ ਭਾਈ ਹਰਵਿੰਦਰ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਅਰਦਾਸ ਭਾਈ ਬਲਜੀਤ ਸਿੰਘ ਨੇ ਕੀਤੀ।ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੇ ਕਥਾਵਾਚਕ ਭਾਈ ਹਰਮਿੱਤਰ ਸਿੰਘ ਨੇ ਸੰਗਤ ਨੂੰ ਇਸ ਘਟਨਾ ਦੇ ਇਤਿਹਾਸ ਬਾਰੇ ਜਾਣਕਾਰੀ ਦਿੱਤੀ।ਸਮਾਗਮ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਭਾਰਤ ਦੀ ਅਜ਼ਾਦੀ ਵਿਚ 80 ਫੀਸਦੀ ਤੋਂ ਵੱਧ ਕੁਰਬਾਨੀਆਂ ਵਾਲੇ ਸਿੱਖਾਂ ਦੇ ਸਭ ਤੋਂ ਪਵਿੱਤਰ ਅਸਥਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ’ਤੇ 4 ਜੁਲਾਈ 1955 ਨੂੰ ਸਰਕਾਰ ਵੱਲੋਂ ਹਮਲਾ ਕੀਤਾ ਗਿਆ।ਉਨ੍ਹਾਂ ਕਿਹਾ ਕਿ ਸਰਕਾਰਾਂ ਨੇ ਹਮੇਸ਼ਾਂ ਹੀ ਸਿੱਖਾਂ ਨਾਲ ਧੱਕਾ ਕੀਤਾ ਹੈ ਅਤੇ ਦੇਸ਼ ਦੀ ਅਜ਼ਾਦੀ ਦੇ ਮਹਿਜ਼ 8 ਸਾਲ ਮਗਰੋਂ ਇਹ ਹਮਲਾ ਸਿੱਖਾਂ ਦੀ ਪੰਜਾਬੀ ਸੂਬੇ ਦੀ ਹੱਕੀ ਮੰਗ ਨੂੰ ਦਬਾਉਣ ਲਈ ਕਾਂਗਰਸ ਸਰਕਾਰ ਦੀ ਧੱਕੇਸ਼ਾਹੀ ਦਾ ਪ੍ਰਤੱਖ ਪ੍ਰਗਟਾਵਾ ਸੀ।ਇਸ ਮਗਰੋਂ ਜੂਨ 1984 ਵਿਚ ਇੰਦਰਾ ਗਾਂਧੀ ਦੀ ਸਰਕਾਰ ਨੇ ਵੀ ਸਿੱਖ ਕੌਮ ਦੇ ਕੇਂਦਰੀ ਅਸਥਾਨ ’ਤੇ ਹਮਲਾ ਕਰਕੇ ਗਹਿਰੇ ਜ਼ਖ਼ਮ ਦਿੱਤੇ, ਜਿਸ ਨੂੰ ਕੌਮ ਕਦੇ ਵੀ ਨਹੀਂ ਭੁੱਲ ਸਕਦੀ।ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਨੇ ਸਿੱਖ ਗੁਰਦੁਆਰਾ ਐਕਟ ਨੂੰ ਖੰਡਿਤ ਕਰਨ ਦੀ ਕੋਝੀ ਹਰਕਤ ਕੀਤੀ ਹੈ।ਐਡਵੋਕੇਟ ਧਾਮੀ ਨੇ ਕਿਹਾ ਕਿ ਸਿੱਖ ਪੰਥ ਅਜਿਹੀਆਂ ਸਿੱਖ ਵਿਰੋਧੀ ਹਰਕਤਾਂ ਦਾ ਡਟਵਾਂ ਜਵਾਬ ਦਿੱਤਾ ਜਾਵੇਗਾ।ਸਮਾਗਮ ਦੌਰਾਨ ਢਾਡੀ ਭਾਈ ਗੁਰਭੇਜ ਸਿੰਘ ਚਵਿੰਡਾ, ਭਾਈ ਗੁਰਪ੍ਰੀਤ ਸਿੰਘ ਭੰਗੂ ਤੇ ਪ੍ਰਚਾਰਕ ਭਾਈ ਹਰਪ੍ਰੀਤ ਸਿੰਘ ਵਡਾਲਾ ਨੇ ਸੰਗਤ ਨਾਲ ਇਤਿਹਾਸ ਦੀ ਸਾਂਝ ਪਾਈ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਹਰਜਾਪ ਸਿੰਘ ਸੁਲਤਾਨਵਿੰਡ, ਸਕੱਤਰ ਪ੍ਰਤਾਪ ਸਿੰਘ, ਵਧੀਕ ਸਕੱਤਰ ਕੁਲਵਿੰਦਰ ਸਿੰਘ ਰਮਦਾਸ, ਬਲਵਿੰਦਰ ਸਿੰਘ ਕਾਹਲਵਾਂ, ਬਿਜੈ ਸਿੰਘ, ਮੀਤ ਸਕੱਤਰ ਪ੍ਰੋ. ਸੁਖਦੇਵ ਸਿੰਘ, ਸ਼ਾਹਬਾਜ਼ ਸਿੰਘ, ਸੁਪਰਡੰਟ ਮਲਕੀਤ ਸਿੰਘ ਬਹਿੜਵਾਲ ਅਤੇ ਸੰਗਤਾਂ ਮੌਜੂਦ ਸਨ।
Check Also
ਖਾਲਸਾ ਕਾਲਜ ਦੇ 119ਵੇਂ ਕਨਵੋਕੇਸ਼ਨ ਦੌਰਾਨ 1430 ਵਿਦਿਆਰਥੀਆਂ ਨੂੰ ਵੰਡੀਆਂ ਡਿਗਰੀਆਂ
ਅੰਮ੍ਰਿਤਸਰ, 23 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ ) – ਹਰੇਕ ਵਿਦਿਆਰਥੀ ਦੀ ਜ਼ਿੰਦਗੀ ’ਚ ਡਿਗਰੀ ਵੰਡ …
Punjab Post Daily Online Newspaper & Print Media