Sunday, February 22, 2026

ਜਿਲ੍ਹੇ ਵਿੱਚ ਹੜ੍ਹਾਂ ਦਾ ਫਿਲਹਾਲ ਕੋਈ ਖ਼ਤਰਾ ਨਹੀਂ – ਈ.ਟੀ.ਓ

ਕੈਬਨਿਟ ਮੰਤਰੀ ਨੇ ਜਿਲ੍ਹਾ ਅਧਿਕਾਰੀਆਂ ਨਾਲ ਲਿਆ ਮੌਜ਼ੂਦਾ ਸਥਿਤੀ ਦਾ ਜਾਇਜ਼ਾ

ਅੰਮ੍ਰਿਤਸਰ, 10 ਜੁਲਾਈ (ਸੁਖਬੀਰ ਸਿੰਘ) – ਭਾਰੀ ਬਰਸਾਤ ਕਾਰਨ ਪੈਦਾ ਹੋਏ ਹਾਲਾਤ ਨੂੰ ਧਿਆਨ ਵਿੱਚ ਰੱਖਦੇ ਹੋਏ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਜਿਲ੍ਹਾ ਅਧਿਕਾਰੀਆਂ ਨਾਲ ਮੌਜ਼ੂਦਾ ਸਥਿਤੀ ਦਾ ਜਾਇਜਾ ਲੈਣ ਮਗਰੋਂ ਕਿਹਾ ਕਿ ਫਿਲਹਾਲ ਅੰਮ੍ਰਿਤਸਰ ਜਿਲ੍ਹੇ ਵਿੱਚ ਹੜ੍ਹਾਂ ਦਾ ਕੋਈ ਖ਼ਤਰਾ ਨਹੀਂ ਹੈ, ਪਰ ਫਿਰ ਵੀ ਸਾਨੂੰ ਸਾਵਧਾਨ ਰਹਿਣ ਦੀ ਲੋੜ ਹੈ।ਅੱਜ ਜਿਲ੍ਹਾ ਪ੍ਰਬੰਧਕੀ ਕੰਪਲੈਕਸ ‘ਚ ਹਰਭਜਨ ਸਿੰਘ ਨੇ ਵੱਖ-ਵੱਖ ਵਿਭਾਗਾਂ ਦੇ ਮੁੱਖੀਆਂ ਵਲੋਂ ਕੀਤੇ ਗਏ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਮੀਟਿੰਗ ਕੀਤੀ।ਡਿਪਟੀ ਕਮਿਸ਼ਨਰ ਅਮਿਤ ਤਲਵਾੜ, ਕਮਿਸ਼ਨਰ ਕਾਰਪੋਰੇਸ਼ਨ ਸੰਦੀਪ ਰਿਸ਼ੀ, ਡੀ.ਸੀ.ਪੀ ਪਰਮਿੰਦਰ ਸਿੰਘ ਭੰਡਾਲ, ਐਸ.ਐਸ.ਪੀ ਸਤਿੰਦਰ ਸਿੰਘ, ਵਧੀਕ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸਮੇਤ ਸਾਰੇ ਐਸ.ਡੀ.ਐਮਾਂ ਅਤੇ ਵਿਭਾਗਾਂ ਦੇ ਮੁੱਖੀ ਹਾਜ਼ਰ ਸਨ।
ਮੰਤਰੀ ਹਰਭਜਨ ਸਿੰਘ ਨੇ ਦੱਸਿਆ ਕਿ ਬੀਤੇ ਦਿਨ ਉਨਾਂ, ਕੁਲਦੀਪ ਸਿੰਘ ਧਾਲੀਵਾਲ, ਡਿਪਟੀ ਕਮਿਸ਼ਨਰ ਅਤੇ ਪਾਰਟੀ ਦੇ ਸਾਰੇ ਵਿਧਾਇਕਾਂ ਨੇ ਜਿਲ੍ਹੇ ਦੀਆਂ ਨਾਜ਼ੁਕ ਥਾਵਾਂ ਦਾ ਦੌਰਾ ਕੀਤਾ ਹੈ।ਕੁੱਝ ਇਕ ਥਾਵਾਂ ਜਿਨਾਂ ਵਿੱਚ ਪਿੰਡ ਤਾਰਾਗੜ੍ਹ, ਧਰਦਿਓਂ, ਮਹਿਸਮਪੁਰਾ, ਖਿਲਚੀਆਂ, ਦਸ਼ਮੇਸ਼ ਨਗਰ, ਤਿੰਮੋਵਾਲ, ਮਾਲੋਵਾਲ, ਘੋਨੇਵਾਲ, ਭਿੰਡੀਸੈਂਦਾਂ, ਦਰਿਆ ਮੂਸਾ, ਨਵਾਂ ਪਿੰਡ ਆਦਿ ਸ਼ਾਮਲ ਹਨ ਵਿੱਚ ਕੁੱਝ ਇਕ ਥਾਵਾਂ ’ਤੇ ਪਾਣੀ ਰੁਕਣ ਦੀ ਸਮੱਸਿਆ ਸੀ, ਜਿਸ ਨੂੰ ਹੱਲ ਕਰਵਾ ਲਿਆ ਗਿਆ ਹੈ।ਉਨਾਂ ਦੱਸਿਆ ਕਿ ਰਾਵੀ ਦਰਿਆ ਦੀ ਸਥਿਤੀ ਫਿਲਹਾਲ ਖਤਰੇ ਤੋਂ ਬਾਹਰ ਹੈ ਅਤੇ ਦਰਿਆ ਸਤਲੁਜ ਜੋ ਕਿ ਬਿਆਸ ਨੇੜਿਓਂ ਲੰਘਦਾ ਹੈ ਵਿਚ ਵੀ ਪਾਣੀ ਦਾ ਕੋਈ ਖਤਰਾ ਨਹੀਂ ਹੈ।
ਉਨਾਂ ਦਰਿਆਵਾਂ ਦੇ ਨਾਲ ਲੱਗਦੇ ਇਲਾਕਿਆਂ ਵਿਚ ਹੜ੍ਹ ਦੀ ਸਥਿਤੀ ਨਾਲ ਨਿਪਟਣ ਲਈ ਅਧਿਕਾਰੀਆਂ ਦੀਆਂ ਪਿੰਡ ਪੱਧਰ ਉਤੇ ਡਿਊਟੀਆਂ ਲਗਾਉਣ, ਲੋਕਾਂ ਨੂੰ ਸੁੱਰਖਿਅਤ ਥਾਵਾਂ ਤੇ ਲਿਜਾਣ, ਉਨਾਂ ਦੇ ਖਾਣ-ਪੀਣ ਦਾ ਪ੍ਰਬੰਧ ਕਰਨ ਅਤੇ ਪਸ਼ੂਆਂ ਦੇ ਚਾਰੇ ਆਦਿ ਦਾ ਪ੍ਰਬੰਧ ਕਰਨ ਲਈ ਤਿਆਰ ਰਹਿਣ ਵਾਸਤੇ ਕਿਹਾ।
ਕੈਬਨਿਟ ਮੰਤਰੀ ਨੇ ਸਿਹਤ ਵਿਭਾਗ ਨੂੰ ਹਦਾਇਤ ਕਰਦਿਆਂ ਕਿਹਾ ਕਿ ਪਿੰਡਾਂ ਵਿੱਚ ਪਾਣੀ ਦੀਆਂ ਟੈਂਕੀਆਂ ਦੀ ਕਲੋਰਾਈਜੇਸ਼ਨ ਨੂੰ ਯਕੀਨੀ ਬਣਾਉਣ ਦੇ ਨਾਲ ਨਾਲ ਬਰਸਾਤ ਦੇ ਸੀਜ਼ਨ ਵਿੱਚ ਪੈਦਾ ਹੋਣ ਵਾਲੀਆਂ ਬਿਮਾਰੀਆਂ ਦੀ ਰੋਕਥਾਮ ਲਈ ਲੋੜੀਂਦੀਆਂ ਦਵਾਈਆਂ ਦਾ ਪ੍ਰਬੰਧ ਕਰਨ।ਉਨਾਂ ਦੱਸਿਆ ਕਿ ਸਾਡੇ ਕੋਲ ਵੱਖ-ਵੱਖ ਪਿੰਡਾਂ/ਸ਼ਹਿਰਾਂ ਵਿੱਚ ਸਕੂਲਾਂ ਦੇ ਹੀ 7000 ਤੋਂ ਵੱਧ ਕਮਰੇ ਹਨ।ਜਿਥੇ ਕਿ ਲੋੜ ਵੇਲੇ ਲੋਕਾਂ ਨੂੰ ਰੱਖਿਆ ਜਾ ਸਕਦਾ ਹੈ। ਇਸੇ ਤਰ੍ਹਾਂ ਸਾਡੀਆਂ ਅਨਾਜ ਮੰਡੀਆਂ ਅਤੇ ਹੋਰ ਸਥਾਨ ਲੋੜ ਵੇਲੇ ਕੰਮ ਆ ਸਕਦੇ ਹਨ।
ਇਸ ਮੌਕੇ ਡਿਪਟੀ ਕਮਿਸ਼ਨਰ ਅਮਿਤ ਤਲਵਾੜ ਨੇ ਕਿਹਾ ਕਿ ਭਾਵੇਂ ਹੜ੍ਹ ਦਾ ਕੋਈ ਖ਼ਤਰਾ ਨਹੀਂ, ਫਿਰ ਵੀ ਸਾਰੇ ਐਸ.ਡੀ.ਐਮ ਆਪਣੇ ਆਪਣੇ ਇਲਾਕੇ ਵਿੱਚ ਲਗਾਤਾਰ ਮੌਜੂਦਾ ਸਥਿਤੀ ’ਤੇ ਨਜ਼ਰ ਰੱਖ ਰਹੇ ਹਨ।ਇਸ ਤੋਂ ਇਲਾਵਾ ਫੌਜ, ਬੀ.ਐਸ.ਐਫ਼, ਐਨ.ਡੀ.ਆਰ.ਐਫ ਨਾਲ ਵੀ ਸਾਡਾ ਪੂਰਾ ਸੰਪਰਕ ਹੈ, ਜੋ ਕਿ ਲੋੜ ਵੇਲੇ ਸਾਡੀ ਮਦਦ ’ਤ ਆ ਸਕਦੇ ਹਨ। ਉਨਾਂ ਸਾਰੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਇਕ ਟੀਮ ਵਜੋਂ ਕੰਮ ਕਰਨ ਅਤੇ ਨਾ ਆਪ ਛੁੱਟੀ ਲੈਣ ਅਤੇ ਨਾ ਹੀ ਆਪਣੇ ਕਰਮਚਾਰੀਆਂ ਨੂੰ ਬਿਨਾਂ ਅਤਿ ਜ਼ਰੂਰੀ ਲੋੜ ਤੋਂ ਛੁੱਟੀ ਦੇਣ।

Check Also

ਬੀਬੀ ਭਾਨੀ ਜੀ ਦਾ ਜਨਮ ਦਿਹਾੜਾ ਮਨਾਇਆ

ਅੰਮ੍ਰਿਤਸਰ, 21 ਫ਼ਰਵਰੀ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਚੌਥੇ ਪਾਤਸ਼ਾਹ ਸ੍ਰੀ ਗੁਰੂ …