Sunday, February 22, 2026

ਸ਼੍ਰੋਮਣੀ ਕਮੇਟੀ ਪ੍ਰਧਾਨ ਧਾਮੀ ਵਲੋਂ ਹੜ੍ਹ ਪੀੜਤਾਂ ਵਾਸਤੇ ਤਿੰਨ ਮੈਡੀਕਲ ਵੈਨਾਂ ਰਵਾਨਾ

ਮੈਡੀਕਲ ਟੀਮਾਂ ਸ੍ਰੀ ਅਨੰਦਪੁਰ ਸਾਹਿਬ, ਪਟਿਆਲਾ ਤੇ ਮੋਹਾਲੀ ’ਚ ਰਹਿਣਗੀਆਂ ਕਾਰਜਸ਼ੀਲ

ਅੰਮ੍ਰਿਤਸਰ, 11 ਜੁਲਾਈ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਹੜ੍ਹ ਪੜ੍ਹਿਤਾਂ ਲਈ ਜਿਥੇ ਰਿਹਾਇਸ਼ ਅਤੇ ਲੰਗਰ ਆਦਿ ਦੇ ਪ੍ਰਬੰਧ ਕੀਤੇ ਗਏ ਹਨ, ਉਥੇ ਹੀ ਮੈਡੀਕਲ ਸਹੂਲਤ ਨੂੰ ਮੁੱਖ ਰੱਖਦਿਆਂ ਵੱਖ-ਵੱਖ ਇਲਾਕਿਆਂ ਲਈ ਅੱਜ ਤਿੰਨ ਐਬੂਲੈਂਸ ਗੱਡੀਆਂ ਰਵਾਨਾ ਕੀਤੀਆਂ ਗਈਆਂ ਹਨ।ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਮੇਟੀ ਦੇ ਪ੍ਰਬੰਧ ਵਾਲੇ ਸ੍ਰੀ ਗੁਰੂ ਰਾਮਦਾਸ ਚੈਰੀਟੇਬਲ ਹਸਪਤਾਲ ਵੱਲ੍ਹਾ ਤੋਂ ਇਹ ਤਿੰਨ ਵੈਨਾਂ ਸ੍ਰੀ ਅਨੰਦਪੁਰ ਸਾਹਿਬ, ਪਟਿਆਲਾ ਅਤੇ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੋਹਾਲੀ) ਦੇ ਇਲਾਕਿਆਂ ਲਈ ਰਵਾਨਾ ਕੀਤੀਆਂ।ਐਡਵੋਕੇਟ ਧਾਮੀ ਨੇ ਕਿਹਾ ਕਿ ਕੁਦਰਤੀ ਆਫ਼ਤ ਕਾਰਨ ਬਹੁਤ ਸਾਰੇ ਇਲਾਕਿਆਂ ਵਿਚ ਪਾਣੀ ਭਰਨ ਕਰਕੇ ਸਥਾਨਕ ਲੋਕ ਵੱਡੀਆਂ ਮੁਸ਼ਕਲਾਂ ਵਿਚ ਹਨ। ਉਨ੍ਹਾਂ ਕਿਹਾ ਕਿ ਸਿੱਖ ਕੌਮ ਦੀ ਨੁਮਾਇੰਦਾ ਜਥੇਬੰਦੀ ਸ਼੍ਰੋਮਣੀ ਕਮੇਟੀ ਆਪਣਾ ਫ਼ਰਜ਼ ਸਮਝਦਿਆਂ ਮੁਸ਼ਕਲ ਸਮੇਂ ਪੀੜਤ ਪਰਿਵਾਰਾਂ ਦੇ ਨਾਲ ਖੜ੍ਹੀ ਹੈ ਅਤੇ ਹਰ ਤਰ੍ਹਾਂ ਦੀ ਸਹਾਇਤਾ ਲਈ ਵਚਨਬੱਧ ਹੈ।ਬੀਤੇ ਕੱਲ੍ਹ ਤੋਂ ਪ੍ਰਭਾਵਿਤ ਇਲਾਕਿਆਂ ਵਿੱਚ ਜਿਥੇ ਲੰਗਰ ਦੇ ਪ੍ਰਬੰਧ ਕੀਤੇ ਗਏ ਹਨ, ਉਥੇ ਹੀ ਵੱਖ-ਵੱਖ ਗੁਰਦੁਆਰਾ ਸਾਹਿਬਾਨ ਵਿਚ ਰਿਹਾਇਸ਼ ਦਾ ਵੀ ਪ੍ਰਬੰਧ ਕੀਤਾ ਗਿਆ ਹੈ।
ਉਨਾਂ ਕਿਹਾ ਕਿ ਅਜਿਹੇ ਸਮੇਂ ਸਿਹਤ ਸਹੂਲਤਾਂ ਦੀ ਵੱਡੀ ਲੋੜ ਨੂੰ ਸਮਝਦਿਆਂ ਅੱਜ ਸ੍ਰੀ ਗੁਰੂ ਰਾਮਦਾਸ ਚੈਰੀਟੇਬਲ ਹਸਪਤਾਲ ਵੱਲ੍ਹਾ ਤੋਂ ਰਵਾਨਾ ਕੀਤੀਆਂ ਗਈਆਂ ਵੈਨਾਂ ਵਿੱਚ ਡਾਕਟਰ ਸਮੇਤ ਮੈਡੀਕਲ ਟੀਮ ਦੇ ਨਾਲ-ਨਾਲ ਦਵਾਈਆਂ ਦਾ ਖਾਸ ਪ੍ਰਬੰਧ ਹੈ, ਜੋ ਲੋੜਵੰਦਾਂ ਨੂੰ ਮੁਫ਼ਤ ਦਿੱਤੀਆਂ ਜਾਣਗੀਆਂ।ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਵਚਨਬੱਧਤਾ ਪ੍ਰਗਟਾਈ ਕਿ ਹੜ੍ਹ ਪ੍ਰਭਾਵਿਤ ਲੋਕਾਂ ਲਈ ਸ਼੍ਰੋਮਣੀ ਕਮੇਟੀ ਵੱਲੋਂ ਰਾਹਤ ਸੇਵਾਵਾਂ ਲੋੜ ਬਣੀ ਰਹਿਣ ਤੱਕ ਨਿਰੰਤਰ ਜਾਰੀ ਰੱਖੀਆਂ ਜਾਣਗੀਆਂ।ਉਨ੍ਹਾਂ ਸੰਗਤਾਂ ਨੂੰ ਵੀ ਅਪੀਲ ਕੀਤੀ ਕਿ ਉਹ ਹੜ੍ਹ ਪ੍ਰਭਾਵਿਤ ਇਲਾਕਿਆਂ ਵਿਚ ਸੇਵਾਵਾਂ ਨਿਭਾਅ ਰਹੀਆਂ ਸ਼੍ਰੋਮਣੀ ਕਮੇਟੀ ਦੀਆਂ ਟੀਮਾਂ ਨਾਲ ਸਹਿਯੋਗ ਕਰਨ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਅਲਵਿੰਦਰਪਾਲ ਸਿੰਘ ਪੱਖੋਕੇ, ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਸਰਵਣ ਸਿੰਘ ਕੁਲਾਰ, ਅਵਤਾਰ ਸਿੰਘ ਵਣਵਾਲਾ, ਅਕਾਲੀ ਆਗੂ ਕੰਵਰਜੀਤ ਸਿੰਘ ਰੋਜੀ ਬਰਕੰਦੀ, ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਓ.ਐਸ.ਡੀ ਸਤਬੀਰ ਸਿੰਘ ਧਾਮੀ, ਮੈਡੀਕਲ ਟਰੱਸਟ ਦੇ ਐਡੀਸ਼ਨਲ ਸਕੱਤਰ ਅਤੇ ਡੀਨ ਡਾ. ਏ.ਪੀ ਸਿੰਘ, ਵਾਈਸ ਚਾਂਸਲਰ ਡਾ. ਮਨਜੀਤ ਸਿੰਘ ਉੱਪਲ, ਭਾਈ ਨਵਤੇਜ ਸਿੰਘ ਦਮਦਮੀ ਟਕਸਾਲ, ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਗੁਰਿੰਦਰ ਸਿੰਘ ਮਥਰੇਵਾਲ, ਸਿਮਰਜੀਤ ਸਿੰਘ, ਮੀਤ ਸਕੱਤਰ ਸ਼ਾਹਬਾਜ਼ ਸਿੰਘ, ਸ਼੍ਰੋਮਣੀ ਕਮੇਟੀ ਦੇ ਬੁਲਾਰੇ ਹਰਭਜਨ ਸਿੰਘ ਵਕਤਾ, ਇੰਚਾਰਜ਼ ਅਜ਼ਾਦਦੀਪ ਸਿੰਘ ਆਦਿ ਮੌਜ਼ੂਦ ਸਨ।

Check Also

ਬੀਬੀ ਭਾਨੀ ਜੀ ਦਾ ਜਨਮ ਦਿਹਾੜਾ ਮਨਾਇਆ

ਅੰਮ੍ਰਿਤਸਰ, 21 ਫ਼ਰਵਰੀ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਚੌਥੇ ਪਾਤਸ਼ਾਹ ਸ੍ਰੀ ਗੁਰੂ …