Sunday, February 1, 2026

ਸ਼੍ਰੋਮਣੀ ਕਮੇਟੀ ਨੇ ਹਿਮਾਚਲ ਪ੍ਰਦੇਸ਼ ’ਚ ਹੜ੍ਹਾਂ ਕਾਰਨ ਫਸੇ ਲੋਕਾਂ ਨੂੰ ਵਾਪਸ ਲਿਆਉਣ ਦਾ ਕਾਰਜ਼ ਆਰੰਭਿਆ

ਪੀੜਤ ਕਿਸਾਨਾਂ ਲਈ 53 ਏਕੜ ਜ਼ਮੀਨ ’ਤੇ ਝੋਨੇ ਦੀ ਪਨੀਰੀ ਬੀਜ਼ਣ ਦਾ ਫੈਸਲਾ

ਅੰਮ੍ਰਿਤਸਰ, 13 ਜੁਲਾਈ (ਪੰਜਾਬ ਪੋਸਟ ਬਿਊਰੋ) – ਪੰਜਾਬ ਹੜ੍ਹਾਂ ਦੀ ਮਾਰ ਝੇਲ ਰਹੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਧਿਕਾਰੀ ਤੇ ਮੁਲਾਜ਼ਮ ਆਪਣੀ ਜਾਨ ਦੀ ਪ੍ਰਵਾਹ ਕੀਤੇ ਬਿਨਾਂ ਲੋੜਵੰਦਾਂ ਤੱਕ ਪਹੁੰਚ ਕੇ ਮਾਨਵਤਾ ਦੀ ਸੇਵਾ ਕਰ ਰਹੇ ਹਨ।ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸ਼੍ਰੋਮਣੀ ਕਮੇਟੀ ਪਹਿਲੇ ਦਿਨ ਤੋਂ ਹੀ ਹੜ੍ਹ ਪ੍ਰਭਾਵਿਤ ਇਲਾਕਿਆਂ ਅੰਦਰ ਸੇਵਾਵਾਂ ਨਿਭਾਅ ਰਹੀ ਹੈ।ਸ਼੍ਰੋਮਣੀ ਕਮੇਟੀ ਵੱਲੋਂ ਹਿਮਾਚਲ ਪ੍ਰਦੇਸ਼ ਵਿੱਚ ਫਸੇ ਲੋਕਾਂ ਨੂੰ ਸੁਰੱਖਿਅਤ ਪੰਜਾਬ ਲਿਆਉਣ ਦੇ ਯਤਨ ਜਾਰੀ ਹਨ।ਸਕੱਤਰ ਪ੍ਰਤਾਪ ਸਿੰਘ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਿਰਦੇਸ਼ਾਂ ’ਤੇ ਅੱਜ ਸ਼੍ਰੋਮਣੀ ਕਮੇਟੀ ਦੇ ਮੈਂਬਰ ਦਲਜੀਤ ਸਿੰਘ ਭਿੰਡਰ ਦੀ ਅਗਵਾਈ ਹੇਠ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਮੈਨੇਜਰ ਗੁਰਪ੍ਰੀਤ ਸਿੰਘ ਰੋਡੇ ਤੇ ਮੀਤ ਮੈਨੇਜਰ ਸੰਦੀਪ ਸਿੰਘ ਸਮੇਤ ਟੀਮ ਹਿਮਾਚਲ ਪ੍ਰਦੇਸ਼ ਦੇ ਮੰਡੀ ਸ਼ਹਿਰ ਪੁੱਜੀ ਸੀ, ਜਿਸ ਨੇ ਉਥੋਂ ਦੇ ਹਾਲਾਤਾਂ ਦਾ ਜਾਇਜ਼ਾ ਲਿਆ ਅਤੇ ਮੰਡੀ ਦੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਨਾਲ ਮਿਲ ਕੇ ਲੋੜਵੰਦਾਂ ਦੀ ਸਹਾਇਤਾ ਲਈ ਕਾਰਜ਼ ਆਰੰਭਿਆ।ਪ੍ਰਤਾਪ ਸਿੰਘ ਨੇ ਦੱਸਿਆ ਕਿ ਹਿਮਾਚਲ ਪ੍ਰਦੇਸ਼ ਸਥਿਤ ਗੁਰਦੁਆਰਾ ਸਾਹਿਬ ਦੇ ਦਰਸ਼ਨ ਕਰਨ ਗਏ ਵੱਡੀ ਗਿਣਤੀ ਸ਼ਰਧਾਲੂ ਹੜ੍ਹ ਆਉਣ ਕਰਕੇ ਇਥੇ ਰੁਕੇ ਹੋਏ ਹਨ, ਜਿਨ੍ਹਾਂ ਨੂੰ ਵਾਪਸ ਲਿਆਉਣ ਲਈ ਸ਼੍ਰੋਮਣੀ ਕਮੇਟੀ ਕਾਰਜਸ਼ੀਲ ਹੈਉਨ੍ਹਾਂ ਦੱਸਿਆ ਕਿ ਅੱਜ 50 ਲੋਕਾਂ ਨੂੰ ਲੈ ਕੇ ਇਕ ਬੱਸ ਸ੍ਰੀ ਅਨੰਦਪੁਰ ਸਾਹਿਬ ਲਈ ਰਵਾਨਾ ਕੀਤੀ ਗਈ। ਇਸੇ ਤਰ੍ਹਾਂ ਬਾਕੀ ਲੋਕਾਂ ਨੂੰ ਵੀ ਸੁਰੱਖਿਅਤ ਪੰਜਾਬ ਲਿਆਂਦਾ ਜਾਵੇਗਾ।
ਸਕੱਤਰ ਪ੍ਰਤਾਪ ਸਿੰਘ ਨੇ ਦੱਸਿਆ ਕਿ ਹੜ੍ਹਾਂ ਕਾਰਨ ਕਿਸਾਨਾਂ ਦੀ ਫਸਲਾਂ ਦਾ ਵੱਡਾ ਨੁਕਸਾਨ ਹੋਇਆ ਹੈ, ਜਿਸ ਨੂੰ ਵੇਖਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ਼੍ਰੋਮਣੀ ਕਮੇਟੀ ਪ੍ਰਬੰਧ ਵਾਲੇ ਵੱਖ-ਵੱਖ ਗੁਰਦੁਆਰਾ ਸਾਹਿਬਾਨ ਦੀ ਜ਼ਮੀਨ ਵਿਚ ਪਨੀਰੀ ਬੀਜਣ ਦੇ ਆਦੇਸ਼ ਕੀਤੇ ਹਨ।ਗੁਰਦੁਆਰਾ ਬਾਬਾ ਗਾਂਧਾ ਸਿੰਘ ਜੀ ਬਰਨਾਲਾ ਵਿਖੇ 10 ਕਿਲ੍ਹੇ, ਗੁਰਦੁਆਰਾ ਸਾਹਿਬ ਪਾਤਸ਼ਾਹੀ ਦਸਵੀਂ ਹੇਰਾਂ ਲੁਧਿਆਣਾ ਵਿਖੇ 12 ਕਿਲ੍ਹੇ, ਗੁਰਦੁਆਰਾ ਸ੍ਰੀ ਨਾਨਕਿਆਣਾ ਸਾਹਿਬ ਸੰਗਰੂਰ ਵਿਖੇ 15 ਕਿਲ੍ਹੇ, ਗੁਰਦੁਆਰਾ ਸ੍ਰੀ ਮੰਜੀ ਸਾਹਿਬ ਕੋਟਾਂ ਵਿਖੇ 5 ਕਿਲ੍ਹੇ, ਸ੍ਰੀ ਦਰਬਾਰ ਸਾਹਿਬ ਨਾਲ ਸਬੰਧਤ ਜਲਾਲਬਾਦ ਫਾਰਮ ਵਿਖੇ 8 ਕਿਲ੍ਹੇ ਅਤੇ ਗੁਰਦੁਆਰਾ ਬਾਬਾ ਬੀਰ ਸਿੰਘ ਜੀ ਰੱਤੋਕੇ ਵਿਖੇ 3 ਕਿਲ੍ਹੇ ਝੋਨੇ ਦੀ ਪਨੀਰੀ ਬੀਜ਼ਣ ਦਾ ਫੈਸਲਾ ਕੀਤਾ ਗਿਆ ਹੈ।ਉਨ੍ਹਾਂ ਦੱਸਿਆ ਕਿ ਪਨੀਰੀ ਪਛੇਤੀਆਂ ਕਿਸਮਾਂ ਦੀ ਬੀਜ਼ੀ ਜਾਵੇਗੀ, ਤਾਂ ਜੋ ਪੀੜਤ ਕਿਸਾਨਾਂ ਨੂੰ ਇਸ ਦਾ ਲਾਭ ਮਿਲ ਸਕੇ।ਉਨਾਂ ਕਿਹਾ ਕਿ ਜਿਥੇ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਵਾਲੇ ਵੱਖ-ਵੱਖ ਗੁਰਦੁਆਰਾ ਸਾਹਿਬਾਨ ਤੋਂ ਲੰਗਰ ਤਿਆਰ ਕਰਕੇ ਪਾਣੀ ਦੀ ਮਾਰ ਹੇਠ ਆਏ ਲੋਕਾਂ ਤੱਕ ਪੁੱਜਦਾ ਕੀਤਾ ਜਾ ਰਿਹਾ ਹੈ, ਉਥੇ ਹੀ ਮੈਡੀਕਲ ਟੀਮਾਂ ਵੀ ਆਪਣੀਆਂ ਸੇਵਾਵਾਂ ਦੇ ਰਹੀਆਂ ਹਨ।ਲੋੜ ਅਨੁਸਾਰ ਪੀੜਤ ਪਰਿਵਾਰਾਂ ਲਈ ਗੁਰਦੁਆਰਾ ਸਾਹਿਬਾਨ ਅੰਦਰ ਰਿਹਾਇਸ਼ ਦੇ ਵੀ ਪੁਖਤਾ ਪ੍ਰਬੰਧ ਕੀਤੇ ਗਏ ਹਨ।

Check Also

ਨਗਰ ਨਿਗਮ ਵਲੋਂ ਸ਼ਹਿਰ ਦੇ ਪ੍ਰਮੁੱਖ ਖੇਤਰਾਂ ਵਿੱਚ ਵੱਡੇ ਪੱਧਰ ’ਤੇ ਐਂਟੀ-ਇੰਕਰੋਚਮੈਂਟ ਮੁਹਿੰਮ

ਅੰਮ੍ਰਿਤਸਰ, 30 ਜਨਵਰੀ (ਜਗਦੀਪ ਸਿੰਘ) – ਸ਼ਹਿਰ ਵਿੱਚ ਸੁਚਾਰੂ ਟ੍ਰੈਫਿਕ ਵਿਵਸਥਾ, ਲੋਕ ਸੁਵਿਧਾ, ਪੈਦਲ ਯਾਤਰੀਆਂ …