Monday, September 14, 2026

ਅਮਰੀਕਾ ’ਚ ਭਾਰਤੀ ਅੰਬੈਸਡਰ ਸੰਧੂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ

ਅੰਮ੍ਰਿਤਸਰ, 30 ਅਗਸਤ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪੁੱਜੇ ਅਮਰੀਕਾ ’ਚ ਭਾਰਤੀ ਅੰਬੈਸਡਰ ਤਰਨਜੀਤ ਸਿੰਘ ਸੰਧੂ ਨੂੰ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਸੁਰਜੀਤ ਸਿੰਘ ਭਿੱਟੇਵੱਡ, ਸਕੱਤਰ ਪ੍ਰਤਾਪ ਸਿੰਘ ਤੇ ਹੋਰ ਅਧਿਕਾਰੀਆਂ ਨੇ ਸਨਮਾਨਿਤ ਕੀਤਾ। ਇਸ ਦੌਰਾਨ ਸ. ਤਰਨਜੀਤ ਸਿੰਘ ਸੰਧੂ ਨੇ ਆਪਣੇ ਦਾਦੇ ਦੇ ਨਾਂ ’ਤੇ ਬਣੇ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਸਥਿਤ ਸ. ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਪੁੱਜ ਕੇ ਆਪਣੇ ਪੁਰਖਿਆਂ ਦੀ ਯਾਦ ਤਾਜ਼ਾ ਕੀਤੀ।ਸੰਧੂ ਨੇ ਆਖਿਆ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸਮੁੱਚੀ ਮਨੁੱਖਤਾ ਲਈ ਆਸਥਾ ਦਾ ਕੇਂਦਰ ਹੈ, ਜਿਥੋਂ ਮਨੁੱਖ ਨੂੰ ਰੂਹਾਨੀ ਸ਼ਕਤੀ ਮਿਲਦੀ ਹੈ।ਉਹ ਵੀ ਹਰ ਸਾਲ ਗੁਰੂ ਸਾਹਿਬ ਦਾ ਆਸ਼ੀਰਵਾਦ ਲੈਣ ਲਈ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪੁੱਜਦੇ ਹਨ।ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਵਡੇਰੇ ਸ. ਤੇਜਾ ਸਿੰਘ ਸਮੁੰਦਰੀ ਨੇ ਸ਼੍ਰੋਮਣੀ ਕਮੇਟੀ ਦੀ ਸਥਾਪਨਾ ਸਮੇਂ ਵੱਡਾ ਯੋਗਦਾਨ ਪਾਇਆ ਸੀ ਅਤੇ ਕਈ ਮੋਰਚਿਆਂ ਵਿਚ ਹਿੱਸਾ ਲਿਆ। ਉਨ੍ਹਾਂ ਕਿਹਾ ਕਿ ਸਾਡੇ ਪਰਿਵਾਰ ਲਈ ਇਹ ਮਾਣ ਵਾਲੀ ਗੱਲ ਹੈ ਕਿ ਜਥੇਦਾਰ ਤੇਜਾ ਸਿੰਘ ਸਮੁੰਦਰੀ ਸਿੱਖ ਕੌਮ ਦੇ ਉੱਚ ਦੁਮਾਲੜੇ ਆਗੂ ਸਨ।ਸੰਧੂ ਨੇ ਹੋਰ ਗੱਲਬਾਤ ਕਰਦਿਆਂ ਕਿਹਾ ਕਿ ਮੌਜ਼ੂਦਾ ਸਮਾਂ ਤਕਨਾਲੋਜੀ ਦਾ ਯੁੱਗ ਹੈ ਅਤੇ ਸਿੱਖ ਕੌਮ ਨੂੰ ਵੀ ਆਪਣੀਆਂ ਵਿਦਿਅਕ ਸੰਸਥਾਵਾਂ ਵਿਚ ਵਿਦਿਆਰਥੀਆਂ ਨੂੰ ਤਕਨੀਕੀ ਸਿੱਖਿਆ ਵਿਚ ਮਾਹਿਰ ਬਣਾਉਣ ਲਈ ਵਧੇਰੇ ਯਤਨ ਕਰਨੇ ਚਾਹੀਦੇ ਹਨ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ ਨੇ ਕਿਹਾ ਕਿ ਸਿੱਖ ਕੌਮ ਲਈ ਇਹ ਵੱਡਾ ਫ਼ਖ਼ਰ ਹੈ ਕਿ ਸਿੱਖ ਆਗੂ ਸ. ਤੇਜਾ ਸਿੰਘ ਸਮੁੰਦਰੀ ਦੇ ਪੋਤਰੇ ਸ. ਤਰਨਜੀਤ ਸਿੰਘ ਸੰਧੂ ਅਮਰੀਕਾ ਵਿਚ ਭਾਰਤ ਦੇ ਰਾਜਦੂਤ ਵਜੋਂ ਨੁਮਾਇੰਦਗੀ ਕਰ ਰਹੇ ਹਨ।

Check Also

ਹਵਾ ਪ੍ਰਦੂਸ਼ਣ ਸਿਹਤ ਲਈ ਵੱਧ ਰਿਹਾ ਖਤਰਾ- ਇੰਡੀਅਨ ਮੈਡੀਕਲ ਐਸੋਸੀਏਸ਼ਨ

ਅੰਮ੍ਰਿਤਸਰ, 13 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਹਵਾ ਪ੍ਰਦੂਸ਼ਣ ਹੁਣ ਸਿਰਫ਼ ਸਰਦੀਆਂ ਦੀ ਸਮੱਸਿਆ …