ਅੰਮ੍ਰਿਤਸਰ, 21 ਸਤੰਬਰ (ਸੁਖਬੀਰ ਸਿੰਘ) – ਖੁਲ੍ਹੇ ਬੋਰਵੈਲ ਬੱਚਿਆਂ ਦੀ ਸੁਰੱਖਿਆ ਅਤੇ ਧਰਤੀ ਹੇਠਲੇ ਪਾਣੀ ਨੂੰ ਦੂਸ਼ਿਤ ਕਰਨ ਦਾ ਕਾਰਨ ਬਣਦੇ ਹਨ।ਸੋ ਕਿਸੇ ਵੀ
ਹਾਲਤ ਵਿੱਚ ਪਿੰਡ ਜਾਂ ਸ਼ਹਿਰ ਇਹ ਬੋਰਵੈਲ ਖੁੱਲ੍ਹੇ ਨਾ ਛੱਡੇ ਜਾਣ। ਡਿਪਟੀ ਕਮਿਸ਼ਨਰ ਅਮਿਤ ਤਲਵਾੜ ਨੇ ਕਮਿਸ਼ਨਰ ਕਾਰਪੋਰੇਸ਼ਨ, ਸਮੂਹ ਐਸ.ਡੀ.ਐਮ, ਡੀ.ਡੀ.ਪੀ.ਓ, ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ, ਮੁੱਖ ਖੇਤੀਬਾੜੀ ਅਫ਼ਸਰ, ਵਾਟਰ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਨੂੰ ਇਹ ਹਦਾਇਤ ਜਾਰੀ ਕਰਦਿਆਂ ਲਿਖਿਆ ਹੈ ਕਿ ਮਾਨਯੋਗ ਸੁਪਰੀਮ ਕੋਰਟ ਵਲੋਂ ਵੀ ਇਸ ਸਬੰਧੀ ਵਿਸ਼ੇਸ਼ ਹਦਾਇਤਾਂ ਆਪਣੇ 6 ਅਗਸਤ 2010 ਦੇ ਹੁਕਮਾਂ ਵਿੱਚ ਜਾਰੀ ਕੀਤੀਆਂ ਗਈਆਂ ਹਨ, ਜਿਨਾਂ ਦੀ ਪਾਲਣਾ ਕਰਨਾ ਯਕੀਨੀ ਬਣਾਇਆ ਜਾਵੇ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਨਾਂ ਖੁਲ੍ਹੇ ਬੋਰਵੈਲ ਦੇ ਖਤਰਿਆਂ ਤੋਂ ਲੋਕਾਂ ਅਤੇ ਕਿਸਾਨਾਂ ਨੂੰ ਜਾਣੂ ਕਰਵਾਇਆ ਜਾਵੇ ਤਾਂ ਜੋ ਉਹ ਆਪਣੇ ਬੋਰਵੈਲ ਖੁਲ੍ਹੇ ਨਾ ਛੱਡਣ।ਉਨਾਂ ਕਿਹਾ ਕਿ ਸਬੰਧਤ ਵਿਭਾਗ ਅਜਿਹੇ ਬੋਰਵੈਲਾਂ ਦੀ ਪਛਾਣ ਕਰਨ ਲਈ ਖੇਤਰੀ ਪੱਧਰ ’ਤੇ ਉਪਰਾਲੇ ਕਰੇ। ਉਨਾਂ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਦੇ ਅਧਿਕਾਰੀਆਂ ਨੂੰ ਲਿਖਿਆ ਕਿ ਉਹ ਯਕੀਨੀ ਬਣਾਵੇ ਕਿ ਕਿਸਾਨਾਂ ਵਲੋਂ ਆਪਣੇ ਖੇਤਾਂ ਵਿੱਚ ਕੋਈ ਵੀ ਬੋਰਵੈਲ ਖੁੱਲ੍ਹੇ ਨਾ ਛੱਡਣ।ਇਸ ਤੋਂ ਇਲਾਵਾ ਗ੍ਰਾਮ ਪੰਚਾਇਤਾਂ ਦੇ ਮੈਂਬਰ ਅਤੇ ਪੰਚਾਇਤ ਸਕੱਤਰ ਪਿੰਡਾਂ ਵਿੱਚ ਅਜਿਹੇ ਖੁੱਲ੍ਹੇ ਬੋਰਵੈਲ ਤੁਰੰਤ ਬੰਦ ਕਰਵਾਉਣ।ਉਨਾਂ ਪੰਜਾਬ ਜਲ ਸਰੋਤ ਅਤੇ ਵਿਕਾਸ ਨਿਗਮ, ਪੰਜਾਬ ਰੂਰਲ ਵਾਟਰ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਨੂੰ ਹਦਾਇਤ ਕੀਤੀ ਕਿ ਉਹ ਯਕੀਨੀ ਬਣਾਉਣ ਕਿ ਉਨਾਂ ਦੀਆਂ ਆਪਣੀਆਂ ਸਕੀਮਾਂ ਦੇ ਬੋਰਵੈਲ ਖੁੱਲੇ੍ਹ ਨਾ ਰਹਿਣ।ਉਨਾਂ ਸਬੰਧਤ ਐਸ.ਡੀ.ਐਮ ਅਤੇ ਡੀ.ਐਸ.ਪੀ ਨੂੰ ਸਾਂਝੇ ਤੋਰ ’ਤੇ ਇਲਾਕੇ ਵਿੱਚ ਵਿਸ਼ੇਸ਼ ਮੁਹਿੰਮ ਚਲਾਉਣ ਦੀ ਵੀ ਹਦਾਇਤ ਕੀਤੀ।
ਉਨਾਂ ਕਿਹਾ ਕਿ ਜੇਕਰ ਕਿਸੇ ਜ਼ਮੀਨ ਮਾਲਕ ਵਲੋਂ ਖੁੱਲ੍ਹੇ ਪਏ ਬੋਰਵੈਲ ਨੂੰ ਇਕ ਮਹੀਨੇ ਦੇ ਅੰਦਰ ਬੰਦ ਨਹੀਂ ਕੀਤਾ ਜਾਂਦਾ ਤਾਂ ਉਸ ਵਿਰੁੱਧ ਕਾਰਵਾਈ ਕੀਤੀ ਜਾਵੇ।ਉਨਾਂ ਸਪੱਸ਼ਟ ਕੀਤਾ ਕਿ ਜੇਕਰ ਖੁਲ੍ਹੇ ਬੋਰਵੈਲ ਕਾਰਨ ਕੋਈ ਦੁਰਘਟਨਾ ਵਾਪਰਦੀ ਹੈ ਤਾਂ ਸਬੰਧਤ ਜ਼ਮੀਨ ਮਾਲਕ ਖਿਲਾਫ਼ ਭਾਰਤੀ ਪੈਨਲ ਕੋਡ ਦੀਆਂ ਧਾਰਾਵਾਂ ਅਧੀਨ ਕਾਨੂੰਨੀ ਕਾਰਵਾਈ ਅਤੇ ਜ਼ੁਰਮਾਨਾ ਕੀਤਾ ਜਾਵੇਗਾ।
Check Also
ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਪਰਸਨ ਡੀ.ਐਲ.ਐੱਸ.ਏ ਅੰਮ੍ਰਿਤਸਰ ਵੱਲੋਂ ਕੇਂਦਰੀ ਜੇਲ੍ਹ ਦਾ ਅਚਨਚੇਤੀ ਦੌਰਾ
ਅੰਮ੍ਰਿਤਸਰ, 1 ਅਗਸਤ (ਜਗਦੀਪ ਸਿੰਘ) – ਸ੍ਰੀਮਤੀ ਜਤਿੰਦਰ ਕੌਰ ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ ਅੰਮ੍ਰਿਤਸਰ-ਕਮ-ਚੇਅਰਪਰਸਨ, …
Punjab Post Daily Online Newspaper & Print Media