Sunday, December 22, 2024

ਮੁੱਖ ਮੰਤਰੀ ਪੰਜਾਬ ਨੇ ਨਸ਼ਿਆਂ ਵਿਰੁੱਧ ਵੱਡੀ ਲੜਾਈ ਦੀ ਕੀਤੀ ਸ਼ੁਰੂਆਤ

ਮਾਨ ਦੀ ਅਗਵਾਈ ‘ਚ 35 ਹਜ਼ਾਰ ਨੌਜਵਾਨਾਂ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਕੀਤੀ ਅਰਦਾਸ, ਪੰਜਾਬ ਨੂੰ ਨਸ਼ਾ ਮੁਕਤ ਕਰਨ ਦਾ ਲਿਆ ਅਹਿਦ

ਅੰਮ੍ਰਿਤਸਰ, 18 ਅਕਤੂਬਰ (ਸੁਖਬੀਰ ਸਿੰਘ) – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਦੇ ਹਜ਼ਾਰਾਂ ਨੌਜਵਾਨ ਪੰਜਾਬ ਨੂੰ ਪੂਰੀ ਤਰ੍ਹਾਂ ਨਸ਼ਾ ਮੁਕਤ ਬਣਾਉਣ ਲਈ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਅਰਦਾਸ ਵਿੱਚ ਸ਼ਾਮਲ ਹੋਏ।
ਅਰਦਾਸ ਦੌਰਾਨ ਮੁਖ ਮੰਤਰੀ ਨਾਲ ਸ਼ਾਮਲ ਹੋਏ ਪੀਲੀਆਂ ਪਗਾਂ, ਪਟਕੇ ਤੇ ਚੁੰਨੀਆਂ ਨਾਲ ਸੱਜੇ ਹਜ਼ਾਰਾਂ ਨੌਜਵਾਨਾਂ ਨੇ ਪਰਮਾਤਮਾ ਅੱਗੇ ਅਰਦਾਸ ਕੀਤੀ ਕਿ ਪੰਜਾਬ ਵਿਚੋਂ ਇਸ ਸਰਾਪ ਦੀ ਜੜ੍ਹ ਵੱਢਣ ਦੇ ਉਦੇਸ਼ ਨਾਲ ਸ਼ੁਰੂ ਕੀਤੇ ਇਸ ਪਵਿੱਤਰ ਮਿਸ਼ਨ ਦੀ ਕਾਮਯਾਬੀ ਲਈ ਬਲ ਬਖ਼ਸ਼ਣ।ਉਨ੍ਹਾਂ ਸੂਬੇ ਵਿਚੋਂ ਨਸ਼ਿਆਂ ਦੇ ਮੁਕੰਮਲ ਖ਼ਾਤਮੇ ਅਤੇ ਨੌਜਵਾਨਾਂ ਦੀ ਤਾਕਤ ਨੂੰ ਉਸਾਰੂ ਦਿਸ਼ਾ ਵੱਲ ਲਾਉਣ ਦੇ ਮੰਤਵ ਨਾਲ ਸ਼ੁਰੂ ਕੀਤੇ ਇਸ ਮਿਸ਼ਨ ਦੀ ਸਫ਼ਲਤਾ ਲਈ ਸ੍ਰੀ ਦਰਬਾਰ ਸਾਹਿਬ ਵਿਖੇ ਅਰਦਾਸ ਗ੍ਰੰਥੀ ਸਿੰਘ ਬਲਜੀਤ ਸਿੰਘ ਨੇ ਕੀਤੀ।
ਮੁੱਖ ਮੰਤਰੀ ਮਾਨ ਨੇ ਕਿਹਾ ਕਿ ਸਦੀਆਂ ਤੋਂ ਸ੍ਰੀ ਹਰਿਮੰਦਰ ਸਾਹਿਬ ਹਰੇਕ ਨੇਕ ਕਾਰਜ਼ ਲਈ ਮਨੁੱਖਤਾ ਵਾਸਤੇ ਪ੍ਰੇਰਨਾ ਦਾ ਸਰੋਤ ਰਿਹਾ ਹੈ।ਅਰਦਾਸ ਦਾ ਇਕੋ-ਇਕ ਮੰਤਵ ਸੂਬੇ ਵਿਚੋਂ ਨਸ਼ਿਆਂ ਦੇ ਸਰਾਪ ਦਾ ਅੰਤ ਕਰਨ ਲਈ ਸ਼ੁਰੂ ਕੀਤੇ ਇਸ ਨਿਵੇਕਲੇ ਮਿਸ਼ਨ ਦੀ ਸਫ਼ਲਤਾ ਲਈ ਪਰਮਾਤਮਾ ਦਾ ਆਸ਼ੀਰਵਾਦ ਲੈਣਾ ਹੈ।ਮਾਨ ਨੇ ਕਿਹਾ ਕਿ ਇਸ ਮੁਹਿੰਮ ਵਿੱਚ ਵੱਡੀ ਗਿਣਤੀ ਨੌਜਵਾਨਾਂ ਦੀ ਹਾਜ਼ਰੀ ਇਸ ਗੱਲ ਦੀ ਗਵਾਹੀ ਭਰਦੀ ਹੈ ਕਿ ਪੰਜਾਬ ਦੀ ਨੌਜਵਾਨ ਪੀੜ੍ਹੀ ਇਸ ਨੇਕ ਕਾਰਜ ਲਈ ਸੂਬਾ ਸਰਕਾਰ ਦਾ ਸਹਿਯੋਗ ਕਰਨ ਲਈ ਤਿਆਰ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਨਸ਼ਿਆਂ ਖ਼ਿਲਾਫ਼ ਇਹ ਆਪਣੀ ਤਰ੍ਹਾਂ ਦੀ ਪਹਿਲੀ ਲੋਕ ਲਹਿਰ ਹੈ, ਜਿਸ ਨਾਲ ਇਸ ਸਰਾਪ ਦਾ ਲੱਕ ਤੋੜਿਆ ਜਾਵੇਗਾ।ਉਨ੍ਹਾਂ ਕਿਹਾ ਕਿ ‘ਹੋਪ ਪਹਿਲਕਦਮੀ’ ਤਹਿਤ ਸ਼ੁਰੂ ਕੀਤੇ ਇਸ ਨਸ਼ਾ ਵਿਰੋਧੀ ਮਿਸ਼ਨ ਵਿੱਚ ਅਰਦਾਸ ਕਰੋ, ਹਲਫ਼ ਲਵੋ ਤੇ ਖੇਡੋ ਦੀ ਤਿੰਨ ਪੜਾਵੀ ਰਣਨੀਤੀ ਉਲੀਕੀ ਗਈ ਹੈ।ਇਸ ਮੁਹਿੰਮ ਦੇ ਪਹਿਲੇ ਪੜਾਅ ਵਜੋਂ ਹਜ਼ਾਰਾਂ ਨੌਜਵਾਨ ਅੱਜ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਕੀਤੀ ਅਰਦਾਸ ਵਿੱਚ ਸ਼ਾਮਲ ਹੋਏ।ਉਨ੍ਹਾਂ ਦੱਸਿਆ ਕਿ ਆਨਲਾਈਨ ਅਰਦਾਸ ਰਾਹੀਂ ਹਜ਼ਾਰਾਂ ਹੋਰ ਲੋਕ ਵੀ ਇਸ ਮੁਹਿੰਮ ਨਾਲ ਜੁੜੇ ਹਨ।ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਨੂੰ ਪੂਰੀ ਤਰ੍ਹਾਂ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਾਹਿਗੁਰੂ ਦੀ ਅਪਾਰ ਬਖ਼ਸ਼ਿਸ਼ ਸਦਕਾ ਇਹ ਮੁਹਿੰਮ ਸ਼ੁਰੂ ਕੀਤੀ ਗਈ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਪਹਿਲੀ ਦਫ਼ਾ ਨਸ਼ਿਆਂ ਖ਼ਿਲਾਫ਼ ਮੁਹਿੰਮ ਜ਼ਮੀਨੀ ਪੱਧਰ ‘ਤੇ ਸ਼ੁਰੂ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਉਹ ਦਿਨ ਦੂਰ ਨਹੀਂ, ਜਦੋਂ ਲੋਕਾਂ ਦੇ ਸਰਗਰਮ ਸਹਿਯੋਗ ਅਤੇ ਤਾਲਮੇਲ ਨਾਲ ਇਸ ਖ਼ਤਰੇ ਦਾ ਬਿਲਕੁੱਲ ਸਫ਼ਾਇਆ ਕੀਤਾ ਜਾਵੇਗਾ।ਉਨਾਂ ਕਿਹਾ ਕਿ ਇਕ ਪਾਸੇ ਨਸ਼ਾ ਤਸਕਰਾਂ ਨੂੰ ਜੇਲ੍ਹਾਂ ਵਿੱਚ ਸੁੱਟ ਕੇ ਨਸ਼ਿਆਂ ਦੀ ਸਪਲਾਈ ਲਾਈਨ ਨੂੰ ਤੋੜਿਆ ਜਾ ਰਿਹਾ ਹੈ, ਦੂਜੇ ਪਾਸੇ ਨਸ਼ਾ ਪੀੜ੍ਹਤਾਂ ਦੇ ਇਲਾਜ ਤੇ ਮੁੜ-ਵਸੇਬੇ ‘ਤੇ ਧਿਆਨ ਕੇਂਦਰਿਤ ਕੀਤਾ ਜਾ ਰਿਹਾ ਹੈ।

Check Also

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ

ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …