Friday, October 18, 2024

ਪ੍ਰਧਾਨ ਬਣਨ ਮਗਰੋਂ ਦਫ਼ਤਰ ਪੁੱਜੇ ਐਡਵੋਕੇਟ ਧਾਮੀ ਦਾ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਨੇ ਕੀਤਾ ਸਵਾਗਤ

ਅੰਮ੍ਰਿਤਸਰ, 11 ਨਵੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਤੀਜੀ ਵਾਰ ਮੁੜ ਪ੍ਰਧਾਨ ਬਣਨ ਮਗਰੋਂ ਸ਼੍ਰੋਮਣੀ ਕਮੇਟੀ ਦਫ਼ਤਰ ਪੁੱਜੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅਧਿਕਾਰੀਆਂ ਨਾਲ ਇਕੱਤਰਤਾ ਕਰਕੇ ਪ੍ਰਬੰਧਾਂ ਨੂੰ ਹੋਰ ਸੁਚਾਰੂ ਢੰਗ ਨਾਲ ਚਲਾਉਣ ਸਬੰਧੀ ਨਿਰਦੇਸ਼ ਜਾਰੀ ਕੀਤੇ।ਐਡਵੋਕੇਟ ਧਾਮੀ ਨੇ ਕਿਹਾ ਕਿ ਸਿੱਖ ਕੌਮ ਦੀ ਇਹ ਮਾਣਮੱਤੀ ਸੰਸਥਾ ਵੱਡੀਆਂ ਕੁਰਬਾਨੀਆਂ ਨਾਲ ਹੋਂਦ ਵਿੱਚ ਆਈ ਹੈ।ਇਤਿਹਾਸਕ ਗੁਰਦੁਆਰਾ ਸਾਹਿਬਾਨ ਦੇ ਪ੍ਰਬੰਧਾਂ ਦੇ ਨਾਲ ਸਿੱਖ ਧਰਮ ਦੇ ਪ੍ਰਚਾਰ ਪ੍ਰਸਾਰ ਲਈ ਸ਼੍ਰੋਮਣੀ ਕਮੇਟੀ ਨੇ ਜਿਕਰਯੋਗ ਪ੍ਰਾਪਤੀਆਂ ਕੀਤੀਆਂ ਹਨ।ਉਨ੍ਹਾਂ ਕਿਹਾ ਕਿ ਅੱਜ ਇਸ ਸੰਸਥਾ ਨੂੰ ਕਮਜ਼ੋਰ ਕਰਨ ਦੀਆਂ ਸਾਜ਼ਿਸ਼ਾਂ ਹੋ ਰਹੀਆਂ ਹਨ, ਜਿਸ ਪ੍ਰਤੀ ਸੁਚੇਤ ਹੋਣ ਦੀ ਵੱਡੀ ਲੋੜ ਹੈ।ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਅਧਿਕਾਰੀਆਂ ਨੂੰ ਤਨਦੇਹੀ ਤੇ ਇਮਾਨਦਾਰੀ ਨਾਲ ਡਿਊਟੀ ਕਰਨ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਸੰਸਥਾ ਦੀਆਂ ਪ੍ਰਾਪਤੀਆਂ ਨੂੰ ਸੰਗਤ ਤੱਕ ਪਹੁੰਚਾਉਣ ਲਈ ਸਾਰਿਆਂ ਨੂੰ ਆਪਣੀ ਜਿੰਮੇਵਾਰੀ ਨਭਾਉਣੀ ਚਾਹੀਦੀ ਹੈ।
ਇਸ ਦੌਰਾਨ ਐਡਵੋਕੇਟ ਧਾਮੀ ਨੇ ਸ਼੍ਰੋਮਣੀ ਕਮੇਟੀ ਦੇ ਸਮੂਹ ਮੈਂਬਰਾਂ ਦਾ ਉਨ੍ਹਾਂ ’ਤੇ ਭਰੋਸਾ ਪ੍ਰਗਟ ਕਰਨ ਲਈ ਧੰਨਵਾਦ ਕੀਤਾ।ਉਨ੍ਹਾਂ ਇਹ ਵੀ ਕਿਹਾ ਕਿ ਸਾਰੀਆਂ ਪੰਥਕ ਧਿਰਾਂ ਦੇ ਸਹਿਯੋਗ ਨਾਲ ਪੰਥਕ ਕਾਰਜ ਕੀਤੇ ਜਾਣਗੇ।ੲਸ ਤੋਂ ਪਹਿਲਾਂ ਸ਼੍ਰੋਮਣੀ ਕਮੇਟੀ ਦਫਤਰ ਪਹੁੰਚਣ ’ਤੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਨੇ ਫੁੱਲਾਂ ਦੇ ਗੁਲਦਸਤੇ ਦੇ ਕੇ ਸਵਾਗਤ ਕੀਤਾ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ, ਓ.ਐਸ.ਡੀ ਸਤਬੀਰ ਸਿੰਘ ਧਾਮੀ, ਵਧੀਕ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ, ਕੁਲਵਿੰਦਰ ਸਿੰਘ ਰਮਦਾਸ, ਗੁਰਿੰਦਰ ਸਿੰਘ ਮਥਰੇਵਾਲ, ਬਿਜੈ ਸਿੰਘ, ਗੁਰਮੀਤ ਸਿੰਘ ਬੁੱਟਰ, ਤੇਜਿੰਦਰ ਸਿੰਘ ਪੱਡਾ, ਪ੍ਰੀਤਪਾਲ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਧੰਗੇੜਾ, ਮੀਤ ਸਕੱਤਰ ਗੁਰਚਰਨ ਸਿੰਘ ਕੁਹਾਲਾ, ਕੁਲਦੀਪ ਸਿੰਘ ਰੋਡੇ, ਜਸਵਿੰਦਰ ਸਿੰਘ ਜੱਸੀ, ਸ਼ਾਹਬਾਜ ਸਿੰਘ, ਬਲਵਿੰਦਰ ਸਿੰਘ ਖੈਰਾਬਾਦ, ਪਰਮਜੀਤ ਸਿੰਘ, ਮਨਜੀਤ ਸਿੰਘ ਤਲਵੰਡੀ, ਹਰਭਜਨ ਸਿੰਘ ਵਕਤਾ, ਸੁਖਬੀਰ ਸਿੰਘ, ਸੁਪਰਡੈਂਟ ਨਿਸ਼ਾਨ ਸਿੰਘ, ਮੈਨੇਜਰ ਬਘੇਲ ਸਿੰਘ, ਜਗਤਾਰ ਸਿੰਘ ਸ਼ਹੂਰਾ, ਹਰਪ੍ਰੀਤ ਸਿੰਘ, ਨਰਿੰਦਰ ਸਿੰਘ, ਸਤਨਾਮ ਸਿੰਘ ਆਦਿ ਹਾਜਰ ਸਨ।

Check Also

ਡਾ. ਓਬਰਾਏ ਦੇ ਯਤਨਾਂ ਸਦਕਾ ਹਰਵਿੰਦਰ ਸਿੰਘ ਦਾ ਮ੍ਰਿਤਕ ਸਰੀਰ ਦੁਬਈ ਤੋਂ ਭਾਰਤ ਪੁੱਜਾ

ਅੰਮ੍ਰਿਤਸਰ, 17 ਅਕਤੂਬਰ (ਜਗਦੀਪ ਸਿੰਘ) – ਖਾੜੀ ਮੁਲਕਾਂ ਅੰਦਰ ਲੋਕਾਂ ਦੇ ਮਸੀਹਾ ਵਜੋਂ ਜਾਣੇ ਜਾਂਦੇ …