Thursday, July 3, 2025
Breaking News

ਐਡਵੋਕੇਟ ਧਾਮੀ ਨੇ ਭਾਈ ਰਾਜੋਆਣਾ ਨੂੰ ਭੁੱਖ ਹੜਤਾਲ ਵਾਪਸ ਲੈਣ ਲਈ ਲਿਖਿਆ ਪੱਤਰ

ਅੰਮ੍ਰਿਤਸਰ, 4 ਦਸੰਬਰ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੇਂਦਰੀ ਜੇਲ੍ਹ ਪਟਿਆਲਾ ਵਿਖੇ ਫਾਂਸੀ ਦੀ ਸਜ਼ਾ ਦਾ ਸਾਹਮਣਾ ਕਰ ਰਹੇ ਭਾਈ ਬਲਵੰਤ ਸਿੰਘ ਰਾਜੋਆਣਾ ਨੂੰ ਇਕ ਪੱਤਰ ਲਿਖ ਕੇ 5 ਦਸੰਬਰ 2023 ਤੋਂ ਭੁੱਖ ਹੜਤਾਲ ਸ਼ੁਰੂ ਕਰਨ ਦਾ ਫੈਸਲਾ ਵਾਪਸ ਲੈਣ ਦੀ ਅਪੀਲ ਕੀਤੀ ਹੈ।ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਭਾਈ ਰਾਜੋਆਣਾ ਨੂੰ ਇਹ ਪੱਤਰ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੇ ਫੈਸਲੇ ਅਤੇ ਪੰਥਕ ਨੁਮਾਇੰਦਿਆਂ ਦੀ ਇਕੱਤਰਤਾ ’ਚ ਪ੍ਰਾਪਤ ਹੋਏ ਸੁਝਾਵਾਂ ਦੀ ਰੋਸ਼ਨੀ ਵਿਚ ਲਿਖਿਆ ਹੈ।ਇਸ ਪੱਤਰ ਵਿਚ ਭਾਈ ਰਾਜੋਆਣਾ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਭੁੱਖ ਹੜਤਾਲ ’ਤੇ ਜਾਣ ਵਾਲਾ ਆਪਣਾ ਫੈਸਲਾ ਵਾਪਸ ਲੈਣ, ਕਿਉਂਕਿ ਇਹ ਗੁਰਮਤਿ ਫ਼ਲਸਫ਼ੇ ਅਨੁਸਾਰ ਠੀਕ ਨਹੀਂ ਹੈ।
ਪੱਤਰ ਵਿਚ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਭਾਈ ਰਾਜੋਆਣਾ ਨੂੰ ਅੰਤ੍ਰਿੰਗ ਕਮੇਟੀ ਦੇ ਫੈਸਲੇ ਤੋਂ ਜਾਣੂ ਕਰਵਾਉਂਦਿਆਂ ਕਿਹਾ ਹੈ ਕਿ ਇਸ ਸਬੰਧੀ ਰਾਸ਼ਟਰਪਤੀ ਕੋਲ ਸ਼੍ਰੋਮਣੀ ਕਮੇਟੀ ਵੱਲੋਂ ਪਾਈ ਗਈ ਪਟੀਸ਼ਨ ਪੰਥਕ ਭਾਵਨਾਵਾਂ ਦੀ ਤਰਜ਼ਮਾਨੀ ਅਨੁਸਾਰ ਸੀ, ਜਿਸ ਨੂੰ ਵਾਪਸ ਲੈਣਾ ਉਚਿਤ ਨਹੀਂ ਹੈ।ਐਡਵੋਕੇਟ ਧਾਮੀ ਨੇ ਪੱਤਰ ਵਿੱਚ ਲਿਖਿਆ ਕਿ ਉਨ੍ਹਾਂ ਦੇ ਮਾਮਲੇ ਵਿਚ ਸ਼੍ਰੋਮਣੀ ਕਮੇਟੀ ਵੱਲੋਂ 20 ਦਸੰਬਰ 2023 ਨੂੰ ਗੁਰਦੁਆਰਾ ਸ੍ਰੀ ਰਕਾਬ ਗੰਜ ਸਾਹਿਬ ਦਿੱਲੀ ਤੋਂ ਰਾਸ਼ਟਰਪਤੀ ਭਵਨ ਤੱਕ ਇਕ ਪੰਥਕ ਪ੍ਰਦਰਸ਼ਨ ਕਰਨ ਦਾ ਵੀ ਫੈਸਲਾ ਕੀਤਾ ਗਿਆ ਹੈ।

Check Also

ਨਿਗਮ ਵਲੋਂ ਲਗਾਏ ਹਫਤਾਵਾਰ ਕੈਂਪਾਂ ਵਿੱਚ ਭਰੀਆਂ ਗਈਆਂ ਪ੍ਰਾਪਰਟੀ ਟੈਕਸ ਰਿਟਰਨਾਂ

200 ਦੇ ਕਰੀਬ ਪਾਣੀ ਅਤੇ ਸੀਵਰੇਜ ਦੇ ਨਜਾਇਜ਼ ਕਨੈਕਸ਼ਨ ਕੀਤੇ ਗਏ ਰੈਗੂਲਰ – ਵਧੀਕ ਕਮਿਸ਼ਨਰ …