Wednesday, July 30, 2025
Breaking News

ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਇਕੱਤਰਤਾ ਦੌਰਾਨ ਲਏ ਗਏ ਕਈ ਅਹਿਮ ਫੈਸਲੇ

ਸਾਬਕਾ ਜਥੇਦਾਰ ਗਿ. ਬਲਵੰਤ ਸਿੰਘ ਨੰਦਗੜ੍ਹ ਦੇ ਅਕਾਲ ਚਲਾਣੇ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ

ਅੰਮ੍ਰਿਤਸਰ, 5 ਜਨਵਰੀ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਪ੍ਰਧਾਨਗੀ ਹੇਠ ਅੱਜ ਇਥੇ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਵਿੱਚ ਗੁਰਦੁਆਰਾ ਸਾਹਿਬਾਨ ਅੰਦਰ ਸਿਰੋਪਾਓ ਦੇਣ ਦੇ ਪ੍ਰਚੱਲਣ ਨੂੰ ਬੰਦ ਕਰਦਿਆਂ ਇਸ ਤੋਂ ਹੋਣ ਵਾਲੀ ਵਿੱਤੀ ਬੱਚਤ ਨੂੰ ਕੌਮ ਦੀ ਨੌਜੁਆਨੀ ਦੇ ਅਕਾਦਮਿਕ ਵਿਕਾਸ ਲਈ ਵਰਤਣ ਦਾ ਫੈਸਲਾ ਕੀਤਾ ਗਿਆ ਹੈ।ਇਸ ਫੈਸਲੇ ਤਹਿਤ ਸਿਰੋਪਾਓ ਦੇਣ ਦੀ ਆਮ ਵਰਤੋਂ ’ਤੇ ਪਾਬੰਦੀ ਲਗਾਉਂਦਿਆਂ ਕੇਵਲ ਧਾਰਮਿਕ ਸ਼ਖ਼ਸੀਅਤਾਂ, ਨਗਰ ਕੀਰਤਨਾਂ ਦੌਰਾਨ ਪੰਜ਼ ਪਿਆਰਿਆਂ, ਰਾਗੀ ਅਤੇ ਧਰਮ ਪ੍ਰਚਾਰਕਾਂ ਤੱਕ ਹੀ ਸੀਮਤ ਕਰ ਦਿੱਤਾ ਗਿਆ ਹੈ।ਇਸ ਦੇ ਨਾਲ ਹੀ ਕਈ ਹੋਰ ਅਹਿਮ ਫੈਸਲਿਆਂ ਨੂੰ ਪ੍ਰਵਾਨਗੀ ਦਿੱਤੀ ਗਈ ਹੈ।
ਐਡਵੋਕੇਟ ਧਾਮੀ ਨੇ ਦੱਸਿਆ ਕਿ ਅੰਤ੍ਰਿੰਗ ਕਮੇਟੀ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ 1984 ‘ਚ ਕੀਤੇ ਫ਼ੌਜੀ ਹਮਲੇ ਦਾ ਬਦਲਾ ਲੈਣ ਵਾਲੇ ਸ਼ਹੀਦ ਭਾਈ ਬੇਅੰਤ ਸਿੰਘ ਦੀ ਨੂੰਹ ਬੀਬੀ ਸੰਦੀਪ ਕੌਰ ਨੂੰ ਸ਼੍ਰੋਮਣੀ ਕਮੇਟੀ ਵਿਚ ਨੌਕਰੀ ਦੇਣ ਦਾ ਵੀ ਫੈਸਲਾ ਕੀਤਾ ਗਿਆ ਹੈ।
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਅੱਗੇ ਦੱਸਿਆ ਕਿ ਬੀਤੇ ਸਮੇਂ ਸੁਲਤਾਨਪੁਰ ਲੋਧੀ ਵਿਖੇ ਗੁਰਦੁਆਰਾ ਅਕਾਲ ਬੁੰਗਾ ਛਾਉਣੀ ਨਿਹੰਗ ਸਿੰਘਾਂ ’ਤੇ ਪੁਲਿਸ ਵੱਲੋਂ ਤਾਬੜ-ਤੋੜ ਗੋਲੀਆਂ ਚਲਾਉਣ ਅਤੇ ਜੁੱਤੀਆਂ ਸਮੇਤ ਗੁਰਦੁਆਰਾ ਸਾਹਿਬ ਵਿਚ ਦਾਖ਼ਲ ਹੋ ਕੇ ਕੀਤੀ ਮਰਯਾਦਾ ਦੀ ਉਲੰਘਣਾ ਦੀ ਜਾਂਚ ਲਈ ਗਠਿਤ ਕੀਤੀ ਕਮੇਟੀ ਨੇ ਵੀ ਆਪਣੀ ਰਿਪੋਰਟ ਸੌਂਪ ਦਿੱਤੀ ਹੈ, ਜਿਸ ਨੂੰ ਅੰਤਿ੍ਰੰਗ ਕਮੇਟੀ ਨੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਪਾਸ ਭੇਜ ਦਿੱਤੀ ਹੈ।
ਭਾਈ ਬਲਵੰਤ ਸਿੰਘ ਰਾਜੋਆਣਾ ਅਤੇ ਹੋਰ ਬੰਦੀ ਸਿੰਘਾਂ ਦੇ ਮਾਮਲੇ ’ਚ ਬਣੀ ਪੰਜ਼ ਮੈਂਬਰੀ ਕਮੇਟੀ ਦੀ ਕਾਰਵਾਈ ਬਾਰੇ ਗੱਲ ਕਰਦਿਆਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਕੋਲੋਂ ਮੁਲਾਕਾਤ ਲਈ ਸਮਾਂ ਮੰਗਿਆ ਗਿਆ ਸੀ, ਪ੍ਰੰਤੂ ਉਨ੍ਹਾਂ ਨੇ ਗ੍ਰਹਿ ਮੰਤਰੀ ਨਾਲ ਰਾਬਤਾ ਕਰਨ ਲਈ ਕਿਹਾ ਹੈ।ਜਿਸ ਨੂੰ ਦੇਖਦਿਆਂ ਅਗਲੀ ਕਾਰਵਾਈ ਨੂੰ ਸਿਰੇ ਚੜ੍ਹਾਉਣ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਕੀਤੀ ਅਪੀਲ ਦੇ ਮੱਦੇਨਜ਼ਰ ਉਨ੍ਹਾਂ ਨੇ 31 ਦਸੰਬਰ ਤੋਂ ਸਮਾਂ ਵਧਾ ਕੇ 27 ਜਨਵਰੀ ਤੱਕ ਕਰ ਦਿੱਤਾ ਹੈ।
ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਵਲੋਂ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਸਾਬਕਾ ਜਥੇਦਾਰ ਅਤੇ ਸ਼੍ਰੋਮਣੀ ਕਮੇਟੀ ਦੇ ਸਾਬਕਾ ਮੈਂਬਰ ਗਿਆਨੀ ਬਲਵੰਤ ਸਿੰਘ ਨੰਦਗੜ੍ਹ ਦੇ ਅਕਾਲ ਚਲਾਣੇ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਸ਼ੋਕ ਮਤਾ ਪਾਸ ਕੀਤਾ ਗਿਆ।
ਇਕੱਤਰਤਾ ’ਚ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਹਰਭਜਨ ਸਿੰਘ ਮਸਾਣਾ, ਜੂਨੀਅਰ ਮੀਤ ਪ੍ਰਧਾਨ ਗੁਰਬਖ਼ਸ਼ ਸਿੰਘ ਖਾਲਸਾ, ਜਨਰਲ ਸਕੱਤਰ ਲਈ ਭਾਈ ਰਾਜਿੰਦਰ ਸਿੰਘ ਮਹਿਤਾ, ਅੰਤ੍ਰਿੰਗ ਕਮੇਟੀ ਮੈਂਬਰ ਰਘਬੀਰ ਸਿੰਘ ਸਹਾਰਨਮਾਜਰਾ, ਖੁਸ਼ਵਿੰਦਰ ਸਿੰਘ ਭਾਟੀਆ, ਇੰਦਰਮੋਹਨ ਸਿੰਘ ਲਖਮੀਰਵਾਲਾ, ਗੁਰਪ੍ਰੀਤ ਸਿੰਘ ਝੱਬਰ, ਬੀਬੀ ਮਲਕੀਤ ਕੌਰ ਕਮਾਲਪੁਰ, ਅਮਰਜੀਤ ਸਿੰਘ ਭਲਾਈਪੁਰ, ਬੀਬੀ ਜਸਪਾਲ ਕੌਰ, ਜਸਵੰਤ ਸਿੰਘ ਪੁੜੈਣ, ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ, ਓ.ਐਸ.ਡੀ ਸਤਬੀਰ ਸਿੰਘ ਧਾਮੀ, ਵਧੀਕ ਸਕੱਤਰ ਸੁਖਮਿੰਦਰ ਸਿੰਘ, ਕੁਲਵਿੰਦਰ ਸਿੰਘ ਰਮਦਾਸ, ਗੁਰਿੰਦਰ ਸਿੰਘ ਮਥਰੇਵਾਲ, ਤੇਜਿੰਦਰ ਸਿੰਘ ਪੱਡਾ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਧੰਗੇੜਾ ਆਦਿ ਹਾਜ਼ਰ ਸਨ।

Check Also

ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ

ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …