Wednesday, February 25, 2026

ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਸਤੰਬਰ ਮਹੀਨੇ ’ਚ ਮਨਾਈ ਜਾਵੇਗੀ- ਐਡਵੋਕੇਟ ਧਾਮੀ

ਸ਼੍ਰੋਮਣੀ ਕਮੇਟੀ ਪ੍ਰਧਾਨ ਦੀ ਅਗਵਾਈ ’ਚ ਹੋਈ ਧਰਮ ਪ੍ਰਚਾਰ ਕਮੇਟੀ ਦੀ ਇਕੱਤਰਤਾ

ਅੰਮ੍ਰਿਤਸਰ, 12 ਜਨਵਰੀ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਤੀਸਰੇ ਪਾਤਸ਼ਾਹ ਸ੍ਰੀ ਗੁਰੂ ਅਮਰ ਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ ਸਾਲਾ ਸ਼ਤਾਬਦੀ ਸਤੰਬਰ 2024 ਵਿੱਚ ਪੰਥਕ ਰਵਾਇਤਾਂ ਅਨੁਸਾਰ ਗੁਰਦੁਆਰਾ ਸ੍ਰੀ ਬਾਉਲੀ ਸਾਹਿਬ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਮਨਾਈ ਜਾਵੇਗੀ।ਸ਼ਤਾਬਦੀ ਨੂੰ ਸਮਰਪਿਤ ਜ਼ੋਰਦਾਰ ਧਰਮ ਪ੍ਰਚਾਰ ਲਹਿਰ ਤਹਿਤ ਪਿੰਡ ਪੱਧਰ ਤੱਕ ਧਰਮ ਪ੍ਰਚਾਰ ਕਮੇਟੀ ਵੱਲੋਂ ਪ੍ਰਚਾਰਕ ਜਥੇ ਸੰਗਤਾਂ ਨੂੰ ਗੁਰੂ ਸਾਹਿਬ ਜੀ ਦੇ ਇਤਿਹਾਸਕ ਦਿਹਾੜੇ ਬਾਰੇ ਜਾਗਰੂਕ ਕਰਨ ਦੇ ਨਾਲ-ਨਾਲ ਗੁਰ-ਇਤਿਹਾਸ ਅਤੇ ਸਿੱਖ ਸਿਧਾਂਤਾਂ ਨਾਲ ਜੋੜਣਗੇ।
ਇਹ ਪ੍ਰਗਟਾਵਾ ਕਰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਧਰਮ ਪ੍ਰਚਾਰ ਕਮੇਟੀ ਦੀ ਅੱਜ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਆਲਮਗੀਰ ਵਿਖੇ ਹੋਈ ਇਕੱਤਰਤਾ ਦੌਰਾਨ ਤੀਸਰੇ ਪਾਤਸ਼ਾਹ ਜੀ ਦੇ ਜੋਤੀ ਜੋਤਿ ਦਿਹਾੜੇ ਦੇ 450 ਸਾਲਾ ਸਮਾਗਮਾਂ ਸਬੰਧੀ ਰੂਪ ਰੇਖਾ ਤਿਆਰ ਕਰਨ ਲਈ ਇੱਕ ਉੱਚ-ਪੱਧਰੀ ਕਮੇਟੀ ਗਠਤ ਕਰਨ ਦਾ ਫੈਸਲਾ ਕੀਤਾ ਗਿਆ ਹੈ।ਸਿੱਖ ਧਰਮ ਇਤਿਹਾਸ ਦੇ ਸ਼ਤਾਬਦੀ ਦਿਹਾੜੇ ਕੌਮ ਅੰਦਰ ਵੱਡੀ ਅਹਿਮੀਅਤ ਰੱਖਦੇ ਹਨ, ਜਿਨ੍ਹਾਂ ਨੂੰ ਕੌਮੀ ਪ੍ਰੰਪਰਾਵਾਂ ਅਨੁਸਾਰ ਮਨਾਉਣਾ ਕੌਮ ਦਾ ਫਰਜ਼ ਹੈ।
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਦੱਸਿਆ ਕਿ ਇਸੇ ਸਾਲ ਫਰਵਰੀ ਮਹੀਨੇ ਵਿੱਚ ਆ ਰਹੀ ਜੈਤੋ ਦੇ ਮੋਰਚੇ ਦੀ 100 ਸਾਲਾ ਸ਼ਤਾਬਦੀ ਨੂੰ ਵਿਸ਼ਾਲ ਪੱਧਰ ’ਤੇ ਮਨਾਈ ਜਾਵੇਗੀ।ਉਨ੍ਹਾਂ ਦੱਸਿਆ ਕਿ ਇਹ ਸਮਾਗਮ 19 ਤੋਂ 21 ਫਰਵਰੀ ਤੱਕ ਗੁਰਦੁਆਰਾ ਸ੍ਰੀ ਗੰਗਸਰ ਸਾਹਿਬ ਜੈਤੋ (ਫਰੀਦਕੋਟ) ਵਿਖੇ ਕਰਵਾਏ ਜਾਣਗੇ।ਇਸ ਤੋਂ ਪਹਿਲਾਂ ਜੈਤੋ ਦੇ ਨਜ਼ਦੀਕੀ ਪਿੰਡਾਂ, ਸ਼ਹਿਰਾਂ, ਕਸਬਿਆਂ ਵਿੱਚ ਸਿੱਖੀ ਪ੍ਰਚਾਰ ਲਈ ਧਾਰਮਿਕ ਦੀਵਾਨਾਂ ਦੀ ਲੜੀ ਚਲਾਈ ਜਾਵੇਗੀ।ਜੈਤੋ ਮੋਰਚੇ ਦੀ ਇਸ ਪਹਿਲੀ ਸ਼ਤਾਬਦੀ ਮੌਕੇ ਇੱਕ ਇਤਿਹਾਸਕ ਵੀਡੀਓ ਡਾਕਊਮੈਂਟਰੀ ਵੀ ਤਿਆਰ ਕਰਵਾਈ ਜਾ ਰਹੀ ਹੈ ਅਤੇ ਧਾਰਮਿਕ ਸਾਹਿਤ ਵੀ ਉਚੇਚੇ ਤੌਰ ’ਤੇ ਤਿਆਰ ਕਰਵਾ ਕੇ ਵੰਡਿਆ ਜਾਵੇਗਾ।
ਐਡਵੋਕੇਟ ਧਾਮੀ ਨੇ ਕਿਹਾ ਕਿ ਇਸ ਵਾਰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਗੁਰਪੁਰਬ ਵੀ ਸ਼੍ਰੋਮਣੀ ਕਮੇਟੀ ਵੱਲੋਂ ਸੰਗਤ ਦੇ ਸਹਿਯੋਗ ਨਾਲ 17 ਜਨਵਰੀ ਨੂੰ ਕੌਮੀ ਪੱਧਰ ’ਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ ਮਨਾਇਆ ਜਾ ਰਿਹਾ ਹੈ।
ਧਰਮ ਪ੍ਰਚਾਰ ਕਮੇਟੀ ਦੀ ਇਕੱਤਰਤਾ ਵਿੱਚ ਮੈਂਬਰ ਭਾਈ ਅਜੈਬ ਸਿੰਘ ਅਭਿਆਸੀ, ਭਾਈ ਪ੍ਰਿਤਪਾਲ ਸਿੰਘ, ਮਨਜੀਤ ਸਿੰਘ ਬੱਪੀਆਣਾ, ਅਵਤਾਰ ਸਿੰਘ ਵਣਵਾਲਾ, ਤੇਜਿੰਦਰਪਾਲ ਸਿੰਘ ਲਾਡਵਾ, ਰਾਮਪਾਲ ਸਿੰਘ ਬਹਿਣੀਵਾਲ, ਗੁਰਮੀਤ ਸਿੰਘ ਬੂਹ, ਓ.ਐੱਸ.ਡੀ ਸਤਬੀਰ ਸਿੰਘ ਧਾਮੀ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ, ਮੀਤ ਸਕੱਤਰ ਪ੍ਰੋ. ਸੁਖਦੇਵ ਸਿੰਘ ਆਦਿ ਹਾਜ਼ਰ ਸਨ।

Check Also

ਖਾਲਸਾ ਕਾਲਜ ਦੇ 119ਵੇਂ ਕਨਵੋਕੇਸ਼ਨ ਦੌਰਾਨ 1430 ਵਿਦਿਆਰਥੀਆਂ ਨੂੰ ਵੰਡੀਆਂ ਡਿਗਰੀਆਂ

ਅੰਮ੍ਰਿਤਸਰ, 23 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ ) – ਹਰੇਕ ਵਿਦਿਆਰਥੀ ਦੀ ਜ਼ਿੰਦਗੀ ’ਚ ਡਿਗਰੀ ਵੰਡ …