Saturday, October 24, 2026

ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਬੰਦੀ ਸਿੰਘਾਂ ਸਬੰਧੀ ਗਠਿਤ ਪੰਜ ਮੈਂਬਰੀ ਕਮੇਟੀ ਦੀ ਇਕੱਤਰਤਾ

ਬੰਦੀ ਸਿੰਘਾਂ ਦੀ ਰਿਹਾਈ ਲਈ ਯਤਨ ਨਿਰੰਤਰ ਜਾਰੀ ਰੱਖੇ ਜਾਣਗੇ- ਐਡਵੋਕੇਟ ਧਾਮੀ

ਅੰਮ੍ਰਿਤਸਰ, 20 ਜਨਵਰੀ (ਪੰਜਾਬ ਪੋਸਟ ਬਿਊਰੋ) – ਭਾਈ ਬਲਵੰਤ ਸਿੰਘ ਰਾਜੋਆਣਾ ਦੀ ਸਜ਼ਾ ਤਬਦੀਲੀ ਅਤੇ ਹੋਰ ਬੰਦੀ ਸਿੰਘਾਂ ਦੀ ਰਿਹਾਈ ਸਬੰਧੀ ਚਾਰਾਜ਼ੋਈ ਵਾਸਤੇ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਗਠਿਤ ਕੀਤੀ ਗਈ ਪੰਜ਼ ਮੈਂਬਰੀ ਕਮੇਟੀ ਦੀ ਅੱਜ ਹੋਈ ਇਕੱਤਰਤਾ ਦੌਰਾਨ ਸਰਕਾਰ ਨਾਲ ਜਲਦ ਬੈਠਕ ਹੋਣ ਦੀ ਆਸ ਪ੍ਰਗਟਾਉਂਦਿਆਂ ਯਤਨ ਨਿਰੰਤਰ ਜਾਰੀ ਰੱਖਣ ਦੀ ਵਚਨਬੱਧਤਾ ਪ੍ਰਗਟਾਈ ਗਈ ਹੈ।ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿੱਚ ਹੋਈ ਇਕੱਤਰਤਾ ਵਿੱਚ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ, ਅਜੀਤ ਪ੍ਰਕਾਸ਼ਨ ਸਮੂਹ ਦੇ ਮੁੱਖ ਸੰਪਾਦਕ ਡਾ. ਬਰਜਿੰਦਰ ਸਿੰਘ ਹਮਦਰਦ, ਸੀਨੀਅਰ ਅਕਾਲੀ ਆਗੂ ਵਿਰਸਾ ਸਿੰਘ ਵਲਟੋਹਾ ਅਤੇ ਬੀਬੀ ਕਮਲਦੀਪ ਕੌਰ ਰਾਜੋਆਣਾ ਹਾਜ਼ਰ ਸਨ।
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਧਾਮੀ ਨੇ ਇਕੱਤਰਤਾ ਮਗਰੋਂ ਮੀਡੀਆ ਨੂੰ ਦੱਸਿਆ ਕਿ ਪੰਜ ਮੈਂਬਰੀ ਕਮੇਟੀ ਦੀ ਹੁਣ ਤੱਕ ਦੀ ਕਾਰਵਾਈ ਦਾ ਮੁਲਾਂਕਣ ਕਰਦਿਆਂ ਇਹ ਮਹਿਸੂਸ ਕੀਤਾ ਗਿਆ ਹੈ ਕਿ ਇਹ ਕਾਰਜ਼ ਸਹਿਜ਼ ਅਤੇ ਗੰਭੀਰਤਾ ਨਾਲ ਕੀਤਾ ਜਾਣ ਵਾਲਾ ਹੈ।ਜਿਸ ਵਿੱਚ ਕੁੱਝ ਸਮਾਂ ਲੱਗ ਸਕਦਾ ਹੈ।ਭਾਵੇਂ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ 27 ਜਨਵਰੀ ਤੱਕ ਦਾ ਸਮਾਂ ਦਿੱਤਾ ਗਿਆ ਹੈ, ਪਰ ਇਸ ਨੂੰ ਸਰਕਾਰ ਨਾਲ ਗੱਲਬਾਤ ਰਾਹੀਂ ਸਕਾਰਾਤਮਕ ਅੰਜ਼ਾਮ ਤੱਕ ਪਹੁੰਚਾਉਣ ਲਈ ਹੋਰ ਯਤਨ ਲੋੜੀਂਦੇ ਹਨ।ਉਨ੍ਹਾਂ ਕਿਹਾ ਕਿ ਮੌਜ਼ੂਦਾ ਸਮੇਂ ਅਯੁੱਧਿਆ ਵਿਖੇ 22 ਜਨਵਰੀ ਦੇ ਸਮਾਗਮ ਦੇ ਮੱਦੇਨਜ਼ਰ ਇਸ ਤੋਂ ਮਗਰੋਂ ਹੀ ਗੱਲਬਾਤ ਅੱਗੇ ਵਧਣ ਦੀ ਸੰਭਾਵਨਾ ਹੈ।
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਬੰਦੀ ਸਿੰਘਾਂ ਦੇ ਮਾਮਲੇ ’ਤੇ ਕੇਂਦਰ ਸਰਕਾਰ ਦਾ 2019 ਦਾ ਨੋਟੀਫਿਕੇਸ਼ਨ ਲਾਗੂ ਕਰਵਾਉਣਾ ਮੁੱਖ ਪਹਿਲ ਹੈ, ਜਦਕਿ ਇਸ ਦੇ ਨਾਲ ਹੀ ਸਜ਼ਾਵਾਂ ਪੂਰੀਆਂ ਕਰ ਚੁੱਕੇ ਹੋਰ ਸਿੱਖ ਬੰਦੀਆਂ ਦੀ ਰਿਹਾਈ ਦਾ ਮਾਮਲਾ ਵੀ ਉਠਾਇਆ ਜਾਵੇਗਾ।ਉਨ੍ਹਾਂ ਕਿਹਾ ਕਿ ਪੰਜ਼ ਮੈਂਬਰੀ ਕਮੇਟੀ ਦੀ ਚੱਲ ਰਹੀ ਕਾਰਵਾਈ ਅਤੇ ਭਾਵਨਾ ਬਾਰੇ ਜਲਦ ਹੀ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਵੀ ਜਾਣੂ ਕਰਵਾਇਆ ਜਾਵੇਗਾ।

Check Also

ਖ਼ਾਲਸਾ ਯੂਨੀਵਰਸਿਟੀ ਵੱਲੋਂ ਵਿਸ਼ਵ ਦਿਲ ਦਿਵਸ-2026 ਮਨਾਇਆ ਗਿਆ

ਅੰਮ੍ਰਿਤਸਰ, 23 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਦਿਲ ਦੀ ਸਿਹਤ ਪ੍ਰਤੀ ਜਾਗਰੂਕਤਾ ਪੈਦਾ ਕਰਨ ਅਤੇ …