ਵਿਧਾਨ ਸਭਾ ਕਮੇਟੀ ਨੇ ਪੰਚਾਇਤੀ ਰਾਜ ਦੇ ਚੱਲ ਰਹੇ ਕੰਮਾਂ ਦਾ ਕੀਤਾ ਰੀਵਿਊ
ਅੰਮ੍ਰਿਤਸਰ 24 ਜਨਵਰੀ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਪੰਚਾਇਤੀ ਰਾਜ ਇਕਾਈਆਂ ਸਬੰਧੀ ਇਕ 13 ਮੈਂਬਰੀ ਵਿਧਾਨ ਸਭਾ ਕਮੇਟੀ ਦਾ ਗਠਨ ਕੀਤਾ ਗਿਆ ਹੈ।ਜਿਸ ਦਾ ਮੁੱਖ ਕਾਰਜ਼ ਸੂਬੇ ਵਿੱਚ ਚਲ ਰਹੇ ਪੰਚਾਇਤੀ ਰਾਜ ਵਿਕਾਸ ਕਾਰਜ਼ਾਂ ਦਾ ਨਿਰੀਖਣ ਅਤੇ ਵਿਕਾਸ ਕਾਰਜ਼ਾਂ ਵਿੱਚ ਆ ਰਹੀਆਂ ਮੁਸ਼ਕਿਲਾਂ ਨੂੰ ਦੂਰ ਕਰਨਾ ਹੈ।
ਅੱਜ ਵਿਧਾਨ ਸਭਾ ਕਮੇਟੀ ਜਿਸ ਦੇ ਚੇਅਰਮੈਨ ਹਲਕਾ ਸ੍ਰੀ ਚਮਕੌਰ ਸਾਹਿਬ ਤੋਂ ਵਿਧਾਇਕ ਡਾ. ਚਰਨਜੀਤ ਸਿੰਘ ਨੇ ਸਬੰਧਤ ਅਧਿਕਾਰੀਆਂ ਨਾਲ ਮੀਟਿੰਗ ਕਰਦੇ ਹੋਏ ਨਿਰਦੇਸ਼ ਦਿੱਤੇ ਕਿ ਵਿਕਾਸ ਕਾਰਜ਼ਾਂ ਨੂੰ ਸਮੇਂ ਸਿਰ ਪੂਰਾ ਕੀਤਾ ਜਾਵੇ ਅਤੇ ਵਿਕਾਸ ਕਾਰਜ਼ਾਂ ਵਿੱਚ ਕਿਸੇ ਕਿਸਮ ਦੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨਾਂ ਬਲਾਕ ਵੇਰਕਾ ਵਿਖੇ ਚੱਲ ਰਹੇ ਵਿਕਾਸ ਕਾਰਜ਼ਾਂ ਦਾ ਰੀਵਿਊ ਵੀ ਕੀਤਾ। ਚੇਅਰਮੈਨ ਨੇ ਬਲਾਕ ਵਿਕਾਸ ਤੇ ਪੰਚਾਇਤ ਅਫਸਰਾਂ ਨੂੰ ਕਿਹਾ ਕਿ ਉਹ ਆਪੋ ਆਪਣੇ ਇਲਾਕੇ ਵਿੱਚ ਸਮੇਂ ਸਮੇਂ ਸਿਰ ਵਿਕਾਸ ਕਾਰਜਾਂ ਦਾ ਮੁਲਾਂਕਣ ਕਰਨ ਅਤੇ ਜਿਥੇ ਕੋਈ ਕਮੀ ਪੇਸ਼ੀ ਪਾਈ ਜਾਂਦੀ ਹੈ ਨੂੰ ਤੁਰੰਤ ਦੂਰ ਕੀਤਾ ਜਾਵੇ।ਉਨਾਂ ਕਿਹਾ ਕਿ ਵਿਕਾਸ ਕਾਰਜ਼ਾਂ ਵਿੱਚ ਖਰਚ ਹੋਣ ਵਾਲਾ ਪੈਸਾ ਆਮ ਜਨਤਾ ਦਾ ਹੈ ਅਤੇ ਇੱਕ ਇੱਕ ਪੈਸੇ ਦਾ ਹਿਸਾਬ ਕਿਤਾਬ ਰੱਖਿਆ ਜਾਵੇ।ਡਾ. ਚਰਨਜੀਤ ਸਿੰਘ ਨੇ ਕਿਹਾ ਕਿ ਵਿਕਾਸ ਕਾਰਜ਼ਾਂ ਲਈ ਫੰਡਾਂ ਦੀ ਕੋਈ ਕਮੀ ਨਹੀਂ ਹੈ।ਲੋਕਾਂ ਦੀਆਂ ਮੁੱਢਲੀਆਂ ਜ਼ਰੂਰਤਾਂ ਨੂੰ ਮੁੱਖ ਰੱਖ ਕੇ ਹੀ ਵਿਕਾਸ ਦੇ ਕੰਮਾਂ ਨੂੰ ਤਰਜ਼ੀਹ ਦਿੱਤੀ ਜਾਵੇ।
ਇਸ ਮੌਕੇ ਵਿਧਾਇਕ ਡਾ. ਕੁੰਵਰ ਵਿਜੈ ਪ੍ਰਤਾਪ ਸਿੰਘ, ਵਿਧਾਇਕ ਜਸਵਿੰਦਰ ਸਿੰਘ ਰਮਦਾਸ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀਮਤੀ ਪਰਮਜੀਤ ਕੌਰ, ਜਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸੰਦੀਪ ਮਲਹੋਤਰਾ, ਐਕਸੀਐਨ ਪੰਚਾਇਤੀ ਰਾਜ ਕੁਲਵੰਤ ਸਿੰਘ, ਡਿਪਟੀ ਸੀ.ਈ.ਓ ਜਿਲ੍ਹਾ ਪ੍ਰੀਸ਼ਦ ਗੁਰਦਰਸ਼ਨ ਪਾਲ ਕੁੰਡਲ, ਐਸ.ਡੀ.ਓ ਬਿਕਰਮ ਸਿੰਘ, ਏ.ਪੀ.ਓ ਹਰਸਿਮਰਨ ਕੌਰ ਤੋਂ ਇਲਾਵਾ ਸਾਰੇ ਬਲਾਕਾਂ ਦੇ ਬੀ.ਡੀ.ਪੀ.ਓ ਸਕੱਤਰ ਵੀ ਹਾਜ਼ਰ ਸਨ।