ਮਾਮਲਾ, ਸੁਲਤਾਨਪੁਰ ਲੋਧੀ ਵਿਖੇ ਗੁਰਦੁਆਰਾ ਸਾਹਿਬ ’ਤੇ ਪੁਲਿਸ ਗੋਲੀਬਾਰੀ ਦਾ
ਅੰਮ੍ਰਿਤਸਰ, 24 ਜਨਵਰੀ (ਪੰਜਾਬ ਪੋਸਟ ਬਿਊਰੋ) – ਗੁਰਦੁਆਰਾ ਸ੍ਰੀ ਅਕਾਲ ਬੁੰਗਾ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਪੁਲਿਸ ਗੋਲੀਬਾਰੀ ਤੇ ਮਰਯਾਦਾ ਦੇ ਕੀਤੇ ਉਲੰਘਣ ਦੇ ਮਾਮਲੇ ਦੀ ਗੰਭੀਰਤਾ ਨੂੰ ਵੇਖਦਿਆਂ ਸ਼੍ਰੋਮਣੀ ਕਮੇਟੀ ਵੱਲੋਂ 1 ਫ਼ਰਵਰੀ ਦੁਪਹਿਰ 12:00 ਵਜੇ ਸ੍ਰੀ ਅੰਮ੍ਰਿਤਸਰ ਵਿਖੇ ਵਿਸ਼ੇਸ਼ ਜਨਰਲ ਇਜਲਾਸ ਸੱਦ ਲਿਆ ਗਿਆ ਹੈ।ਅੱਜ ਇਥੇ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਪ੍ਰਧਾਨਗੀ ਹੇਠ ਅੰਤ੍ਰਿੰਗ ਕਮੇਟੀ ਦੇ ਅਹੁੱਦੇਦਾਰਾਂ ਦੀ ਹੋਈ ਇੱਕ ਵਿਸ਼ੇਸ਼ ਇਕੱਤਰਤਾ ਦੌਰਾਨ ਇਸ ਸਬੰਧੀ ਫੈਸਲਾ ਕੀਤਾ ਗਿਆ।ਐਡਵੋਕੇਟ ਧਾਮੀ ਨੇ ਕਿਹਾ ਕਿ ਪੰਜਾਬ ਦੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਸੁਲਤਾਨਪੁਰ ਲੋਧੀ ਦੇ ਗੁਰਦੁਆਰਾ ਸਾਹਿਬ ’ਤੇ ਗੋਲੀਬਾਰੀ ਕਰਕੇ ਸਿੱਖ ਭਾਵਨਾਵਾਂ ਨੂੰ ਭਾਰੀ ਸੱਟ ਮਾਰੀ ਹੈ, ਜਿਸ ਲਈ ਗ੍ਰਹਿ ਮੰਤਰੀ ਹੁੰਦਿਆਂ ਉਹ ਸਿੱਧੇ ਤੌਰ ’ਤੇ ਜਵਾਬਦੇਹ ਹਨ।ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ ’ਤੇ ਕਰਵਾਈ ਗਈ ਜਾਂਚ ਦੀ ਰਿਪੋਰਟ ਵਿੱਚ ਸਾਹਮਣੇ ਆਇਆ ਹੈ ਕਿ ਪੁਲਿਸ ਨੇ ਬਿਨਾਂ ਲੋੜ ਤੋਂ ਗੁਰਦੁਆਰਾ ਸਾਹਿਬ ਨੂੰ ਨਿਸ਼ਾਨਾ ਬਣਾਇਆ।ਪ੍ਰਧਾਨ ਧਾਮੀ ਨੇ ਕਿਹਾ ਕਿ ਸਰਕਾਰੀ ਸ਼ਹਿ ’ਤੇ ਪੁਲਿਸ ਵੱਲੋਂ ਗੁਰੂ ਘਰਾਂ ’ਤੇ ਹਮਲੇ ਬਰਦਾਸ਼ਤ ਨਹੀਂ ਕੀਤੇ ਜਾ ਸਕਦੇ।ਇਸ ਦੌਰਾਨ ਐਡਵੋਕੇਟ ਧਾਮੀ ਨੇ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੇ ਮਾਮਲੇ ਵਿਚ ਆਮ ਆਦਮੀ ਪਾਰਟੀ ਵੱਲੋਂ ਅਪਣਾਈ ਜਾ ਰਹੀ ਸਿੱਖ ਵਿਰੋਧੀ ਨੀਤੀ ਦੀ ਵੀ ਕਰੜੀ ਆਲੋਚਨਾ ਕੀਤੀ।ਉਨ੍ਹਾਂ ਕਿਹਾ ਕਿ ਦਿੱਲੀ ਦੀ ਅਰਵਿੰਦ ਕੇਜਰੀਵਾਲ ਦੀ ਸਰਕਾਰ ਵੱਲੋਂ ਪਹਿਲਾਂ ਪ੍ਰੋ. ਭੁੱਲਰ ਦੀ ਰਿਹਾਈ ਸਬੰਧੀ ਫਾਈਲ ਕਈ ਵਾਰ ਅੱਗੇ ਪਾਈ ਗਈ, ਜਦਕਿ ਹੁਣ ਰੀਵਿਊ ਬੋਰਡ ਦੀ ਤਾਜ਼ਾ ਮੀਟਿੰਗ ਦੌਰਾਨ ਇਸ ਨੂੰ ਰੱਦ ਕਰਕੇ ਸਿੱਧ ਕੀਤਾ ਹੈ ਕਿ ਇਨ੍ਹਾਂ ਦਾ ਏਜੰਡਾ ਸਿੱਖ ਮਸਲਿਆਂ ਪ੍ਰਤੀ ਕਦੇ ਵੀ ਹਾਂ ਪੱਖੀ ਨਹੀਂ ਰਿਹਾ।ਉਨ੍ਹਾਂ ਕਿਹਾ ਕਿ ਬੇਅਦਬੀ ਮਾਮਲਿਆਂ ਵਿਚ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਖਿਲਾਫ਼ ਕੇਸ ਚਲਾਉਣ ਨੂੰ ਪੌਣੇ 2 ਸਾਲ ਬੀਤਣ ’ਤੇ ਵੀ ਸਰਕਾਰ ਵੱਲੋਂ ਪ੍ਰਵਾਨਗੀ ਨਹੀਂ ਦਿੱਤੀ ਗਈ।ਉਨ੍ਹਾਂ ਹਰਿਆਣਾ ਸਰਕਾਰ ਵੱਲੋਂ ਗੁਰਮੀਤ ਰਾਮ ਰਹੀਮ ਨੂੰ ਵਾਰ-ਵਾਰ ਪੈਰੋਲ ਦਿੱਤੇ ਜਾਣ ’ਤੇ ਸਵਾਲ ਉਠਾਏ।ਐਡਵੋਕੇਟ ਧਾਮੀ ਨੇ ਕਿਹਾ ਕਿ ਸਰਕਾਰਾਂ ਨੂੰ ਬੰਦੀ ਸਿੰਘਾਂ ਲਈ ਵੀ ਬਰਾਬਰ ਨੀਤੀ ਰੱਖਣੀ ਚਾਹੀਦੀ ਹੈ।ਉਨਾਂ ਨੇ ਸ਼੍ਰੋਮਣੀ ਕਮੇਟੀ ਦੇ ਸਮੂਹ ਮੈਂਬਰਾਂ, ਪੰਥਕ ਜਥੇਬੰਦੀਆਂ ਅਤੇ ਸੰਗਤਾਂ ਨੂੰ ਸ਼੍ਰੋਮਣੀ ਕਮੇਟੀ ਦੀਆਂ ਵੱਧ ਤੋਂ ਵੱਧ ਵੋਟਾਂ ਬਣਾਉਣ ਦੀ ਵੀ ਅਪੀਲ ਕੀਤੀ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਹਰਭਜਨ ਸਿੰਘ ਮਸਾਣਾਂ, ਜੂਨੀਅਰ ਮੀਤ ਪ੍ਰਧਾਨ ਗੁਰਬਖ਼ਸ਼ ਸਿੰਘ ਖ਼ਾਲਸਾ, ਜਨਰਲ ਸਕੱਤਰ ਭਾਈ ਰਾਜਿੰਦਰ ਸਿੰਘ ਮਹਿਤਾ, ਅੰਤ੍ਰਿੰਗ ਮੈਂਬਰ ਗੁਰਪ੍ਰੀਤ ਸਿੰਘ ਝੱਬਰ, ਖੁਸ਼ਵਿੰਦਰ ਸਿੰਘ ਭਾਟੀਆ, ਰਘਬੀਰ ਸਿੰਘ ਸਹਾਰਨਮਾਜਰਾ, ਅਮਰਜੀਤ ਸਿੰਘ ਭਲਾਈਪੁਰ, ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਸੁਰਜੀਤ ਸਿੰਘ ਤੁਗਲਵਾਲ, ਭਾਈ ਅਜਾਇਬ ਸਿੰਘ ਅਭਿਆਸੀ, ਬਿਕਰਮ ਸਿੰਘ ਕੋਟਲਾ, ਸਕੱਤਰ ਪ੍ਰਤਾਪ ਸਿੰਘ, ਓ.ਐਸ.ਡੀ ਸਤਬੀਰ ਸਿੰਘ ਧਾਮੀ, ਬਲਵਿੰਦਰ ਸਿੰਘ ਕਾਹਵਲਾਂ, ਕੁਲਵਿੰਦਰ ਸਿੰਘ ਰਮਦਾਸ, ਤੇਜਿੰਦਰ ਸਿੰਘ ਪੱਡਾ, ਜਸਵਿੰਦਰ ਸਿੰਘ ਜੱਸੀ, ਸ਼ਾਹਬਾਜ਼ ਸਿੰਘ, ਗੁਰਨਾਮ ਸਿੰਘ ਆਦਿ ਮੌਜੂਦ ਸਨ।