Tuesday, January 21, 2025
Breaking News

ਤਖ਼ਤ ਸ੍ਰੀ ਹਜ਼ੂਰ ਸਾਹਿਬ ਪ੍ਰਬੰਧਕੀ ਬੋਰਡ ਐਕਟ ਨਾਲ ਸਰਕਾਰ ਵੱਲੋਂ ਦਖਲਅੰਦਾਜ਼ੀ ਬਰਦਾਸ਼ਤ ਨਹੀਂ- ਐਡਵੋਕੇਟ ਧਾਮੀ

ਮਹਾਰਾਸ਼ਟਰ ਦੇ ਮੁੱਖ ਮੰਤਰੀ ਨੂੰ ਪੱਤਰ ਲਿਖ ਕੇ ਪ੍ਰਗਟਾਇਆ ਸਖ਼ਤ ਇਤਰਾਜ਼
ਅੰਮ੍ਰਿਤਸਰ, 7 ਫ਼ਰਵਰੀ (ਪੰਜਾਬ ਪੋਸਟ ਬਿਊਰੋ) – ਤਖ਼ਤ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਗੁਰਦੁਆਰਾ ਬੋਰਡ ਵਿਚ ਸਰਕਾਰ ਵੱਲੋਂ ਸਿੱਖ ਸੰਸਥਾਵਾਂ ਦੇ ਮੈਂਬਰਾਂ ਦੀ ਗਿਣਤੀ ਘਟਾਉਣ ਦੀ ਕਾਰਵਾਈ ਦਾ ਗੰਭੀਰ ਨੋਟਿਸ ਲੈਂਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਇਹ ਬਹੁਤ ਹੀ ਦੁੱਖਦਾਈ ਅਤੇ ਨਿੰਦਣਯੋਗ ਹੈ।ਉਨ੍ਹਾਂ ਇਸ ਮਾਮਲੇ ਨੂੰ ਲੈ ਕੇ ਮਹਾਰਾਸ਼ਟਰ ਦੇ ਮੁੱਖ ਮੰਤਰੀ ੀ ਏਕਨਾਥ ਸ਼ਿੰਦੇ ਨੂੰ ਪੱਤਰ ਲਿਖ ਕੇ ਸਖ਼ਤ ਇਤਰਾਜ਼ ਪ੍ਰਗਟ ਕੀਤਾ ਹੈ ਅਤੇ ਮਾਮਲੇ ਦੀ ਗੰਭੀਰਤਾ ਨੂੰ ਵੇਖਦਿਆਂ ਮੁਲਾਕਾਤ ਲਈ ਸਮਾਂ ਮੰਗਿਆ ਹੈ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਧਾਮੀ ਨੇ ਕਿਹਾ ਕਿ ਮਹਾਰਾਸ਼ਟਰ ਸਰਕਾਰ ਦੇ ਮੰਤਰੀ ਮੰਡਲ ਵੱਲੋਂ ਤਖ਼ਤ ਸ੍ਰੀ ਹਜ਼ੂਰ ਸਾਹਿਬ ਪ੍ਰਬੰਧਕੀ ਬੋਰਡ ਦੇ ਐਕਟ ਵਿਚ ਮਨਮਰਜ਼ੀ ਦੀ ਸੋਧ ਸਿੱਖ ਗੁਰਦੁਆਰਾ ਪ੍ਰਬੰਧਾਂ ਵਿੱਚ ਸਿੱਧੀ ਦਖਲਅੰਦਾਜ਼ੀ ਹੈ।ਉਨ੍ਹਾਂ ਕਿਹਾ ਕਿ ਨਾਂਦੇੜ ਗੁਰਦੁਆਰਾ ਬੋਰਡ ਵਿੱਚ ਸਿੱਖ ਸੰਸਥਾਵਾਂ ਦੇ ਮੈਂਬਰਾਂ ਦੀ ਨੁਮਾਇੰਦਗੀ ਦਾ ਮੰਤਵ ਤਖ਼ਤ ਸਾਹਿਬ, ਸਬੰਧਤ ਸਿੱਖ ਗੁਰਧਾਮਾਂ ਦੀ ਮਰਿਆਦਾ ਦੇ ਮੱਦੇਨਜ਼ਰ ਬੋਰਡ ਦੇ ਕੰਮਕਾਜ ਨੂੰ ਪਾਰਦਰਸ਼ੀ ਅਤੇ ਧਾਰਮਿਕ ਢੰਗ ਨਾਲ ਯਕੀਨੀ ਬਣਾਉਣਾ ਹੈ।ਉਨ੍ਹਾਂ ਚਿੰਤਾ ਜਾਹਿਰ ਕੀਤੀ ਕਿ ਐਕਟ ਵਿੱਚ ਕੋਈ ਵੀ ਵਿਗਾੜ ਇਸ ਭਾਵਨਾ ਨੂੰ ਠੇਸ ਪਹੁੰਚਾਏਗਾ।
ਉਨ੍ਹਾਂ ਕਿਹਾ ਕਿ ਮਹਾਰਾਸ਼ਟਰ ਸਰਕਾਰ ਦਾ ਗੁਰਦੁਆਰਾ ਬੋਰਡ ਵਿਚ ਸਰਕਾਰੀ ਨਾਮਜ਼ਦ ਮੈਂਬਰਾਂ ਦੀ ਗਿਣਤੀ ਵਧਾਉਣ ਅਤੇ ਸਿੱਖ ਸੰਸਥਾਵਾਂ ਦੇ ਮੈਂਬਰਾਂ ਨੂੰ ਘਟਾਉਣ ਦਾ ਫੈਸਲਾ ਸਿੱਖ ਗੁਰਧਾਮਾਂ ’ਤੇ ਸਿੱਧਾ ਕਬਜ਼ਾ ਕਰਨ ਦੀ ਕਾਰਵਾਈ ਹੈ, ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ।ਸਰਕਾਰ ਨੇ ਸੋਧ ਦਾ ਪ੍ਰਸਤਾਵ ਪੇਸ਼ ਕਰਨ ਤੋਂ ਪਹਿਲਾਂ ਸਿੱਖਾਂ ਦੀਆਂ ਨੁਮਾਇੰਦਾ ਸੰਸਥਾਵਾਂ ਅਤੇ ਜਥੇਬੰਦੀਆਂ ਨਾਲ ਕੋਈ ਅਗਾਊਂ ਸਲਾਹ-ਮਸ਼ਵਰਾ ਨਹੀਂ ਕੀਤਾ।
ਐਡਵੋਕੇਟ ਧਾਮੀ ਨੇ ਮੁੱਖ ਮੰਤਰੀ ਏਕਨਾਥ ਸ਼ਿੰਦੇ ਨੂੰ ਅਪੀਲ ਕੀਤੀ ਕਿ ਉਹ ਸਿੱਖ ਗੁਰਧਾਮਾਂ ਦੇ ਪ੍ਰਬੰਧਾਂ ਵਿੱਚ ਸਰਕਾਰੀ ਪ੍ਰਭਾਵ ਵਧਾਉਣ ਵਾਲੀਆਂ ਕਾਰਵਾਈਆਂ ਨੂੰ ਤੁਰੰਤ ਬੰਦ ਕਰਨ ਅਤੇ ਸ੍ਰੀ ਹਜ਼ੂਰ ਸਾਹਿਬ ਗੁਰਦੁਆਰਾ ਬੋਰਡ ਨਾਲ ਸਬੰਧਤ ਐਕਟ 1956 ਨੂੰ ਤੋੜਨ ਦੀ ਕਾਰਵਾਈ ਨੂੰ ਤੁਰੰਤ ਰੋਕਣ। ਉਨ੍ਹਾਂ ਕਿਹਾ ਕਿ ਨਾਂਦੇੜ ਗੁਰਦੁਆਰਾ ਬੋਰਡ ਵਿੱਚ ਪਹਿਲਾਂ ਵਾਂਗ ਸਿੱਖ ਸੰਸਥਾਵਾਂ ਦੇ ਨੁਮਾਇੰਦਿਆਂ ਦੀ ਸ਼ਮੂਲੀਅਤ ਯਕੀਨੀ ਬਣਾਈ ਜਾਵੇ।ਇਸ ਸੋਧ ਨੂੰ ਲੈ ਕੇ ਸਮੁੱਚੇ ਸਿੱਖ ਜਗਤ ਅੰਦਰ ਵੱਡੇ ਰੋਸ ਦੀ ਲਹਿਰ ਹੈ।

Check Also

ਸਰੀਰ ਦਾਨੀ ਗੁਰਮੇਲ ਸਿੰਘ ਦੀ ਜੀਵਨ ਸਾਥਣ ਦੇ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾ

ਸੰਗਰੂਰ, 19 ਜਨਵਰੀ (ਜਗਸੀਰ ਲੌਂਗੋਵਾਲ) – ਦੇਸ਼ ਭਗਤ ਯਾਦਗਾਰ ਕਮੇਟੀ ਲੌਂਗੋਵਾਲ ਦੇ ਸਮਰਪਿਤ ਮੈਂਬਰ ਅਤੇ …