ਅੰਮ੍ਰਿਤਸਰ, 9 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਵਿਖੇ ਪੜ੍ਹ ਰਹੇ ਵਿਦਿਆਰਥੀਆਂ ਦੀ ਸਾਲਾਨਾ ਪ੍ਰੀਖਿਆ ’ਚ ਸਫਲਤਾ ਲਈ ਅਰਦਾਸ ਦਿਵਸ ਮਨਾਇਆ ਗਿਆ।ਸਕੂਲ ਪ੍ਰਿੰਸੀਪਲ ਡਾ. ਇੰਦਰਜੀਤ ਸਿੰਘ ਗੋਗੋਆਣੀ ਦੇ ਸਹਿਯੋਗ ਨਾਲ ਕਰਵਾਏ ਗਏ ਇਸ ਧਾਰਮਿਕ ਸਮਾਗਮ ’ਚ ਜੁਗੋ-ਜੁਗ ਅਟਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ’ਚ ਅਧਿਆਪਕਾਂ ਤੇ ਵਿਦਿਆਰਥੀਆਂ ਵਲੋਂ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ।ਉਪਰੰਤ ਸਕੂਲ ਦੇ ਸੰਗੀਤ ਅਧਿਆਪਕ ਅੰਮ੍ਰਿਤਪਾਲ ਸਿੰਘ ਤੇ ਵਿਦਿਆਰਥੀਆਂ ਵਲੋਂ ਧੁਰ ਕੀ ਬਾਣੀ ਦਾ ਇਲਾਹੀ ਕੀਰਤਨ ਕੀਤਾ ਗਿਆ।
ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਜੁਆਇੰਟ ਸਕੱਤਰ ਗੁਰਪ੍ਰੀਤ ਸਿੰਘ ਗਿੱਲ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਜਦੋਂ ਤੁਸੀਂ ਕਿਸੇ ਵੀ ਖੇਤਰ ’ਚ ਵੱਡੀਆਂ ਉਪਲੱਬਧੀਆਂ ਹਾਸਲ ਕਰਦੇ ਹੋ ਤਾਂ ਸਭ ਤੋਂ ਵੱਧ ਖੁਸ਼ੀ ਤੁਹਾਡੇ ਮਾਪਿਆਂ ਅਤੇ ਅਧਿਆਪਕਾਂ ਨੂੰ ਹੀ ਹੁੰਦੀ ਹੈ।ਉਨ੍ਹਾਂ ਕਿਹਾ ਕਿ ਸਿਲੇਬਸ ਦੀ ਪੜ੍ਹਾਈ ਦੇ ਨਾਲ-ਨਾਲ ਆਪਣੇ ਘਰੇਲੂ ਕੰਮਾਂ ’ਚ ਵੀ ਹੱਥ ਵਟਾਉਣਾ ਚਾਹੀਦਾ ਹੈ।
ਡਾ. ਗੋਗੋਆਣੀ ਨੇ ਅਰਦਾਸ ਸਮਾਗਮ ’ਚ ਵੱਖ-ਵੱਖ ਅਦਾਰਿਆਂ ਤੋਂ ਆਏ ਪ੍ਰਿੰਸੀਪਲ, ਸਟਾਫ਼ ਮੈਂਬਰਾਂ ਅਤੇ ਸੰਗਤ ਦਾ ਧੰਨਵਾਦ ਕਰਦਿਆਂ ਵਿਦਿਆਰਥੀਆਂ ਨੂੰ ਇਮਤਿਹਾਨ ’ਚ ਚੰਗੇ ਅੰਕ ਪ੍ਰਾਪਤ ਕਰਨ ਲਈ ਅਸ਼ੀਰਵਾਦ ਦਿੰਦਿਆਂ ਕਿਹਾ ਕਿ ਅਮੀਰ ਪਰੰਪਰਾਵਾਂ ਜੀਵਨ ’ਚ ਇਕ ਅਮਿੱਟ ਛਾਪ ਛੱਡਦੀਆਂ ਹਨ।ਇਹ ਸਾਨੂੰ ਜ਼ਿੰਦਗੀ ਜਿਊਣਾ ਸਿਖਾਉਂਦੀਆਂ ਹਨ।
ਇਸ ਮੌਕੇ ਕੌਂਸਲ ਵਲੋਂ ਕਰਵਾਈ ਜਾਂਦੀ ਧਾਰਮਿਕ ਪ੍ਰੀਖਿਆ ਵਿਚੋਂ ਪਹਿਲਾ, ਦੂਜਾ, ਤੀਜ਼ਾ ਸਥਾਨ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਨਕਦ ਇਨਾਮ ਦੇ ਕੇ ਗਿੱਲ, ਪ੍ਰਿੰ: ਡਾ. ਗੋਗੋਆਣੀ ਅਤੇ ਹਾਜ਼ਰ ਮੈਂਬਰਾਂ ਵਲੋਂ ਹੌਂਸਲਾ ਅਫਜ਼ਾਈ ਕੀਤੀ ਗਈ।ਸਕੂਲ ਦੀਆਂ ਸਾਲਾਨਾ ਗਤੀਵਿਧੀਆਂ ’ਤੇ ਆਧਾਰਿਤ ਸਕੂਲ ਦਾ ਸਾਲਾਨਾ ਮੈਗਜ਼ੀਨ ‘ਬਿਬੇਕਸਰ’ ਵੀ ਰਿਲੀਜ਼ ਕੀਤਾ ਗਿਆ।ਸਮਾਗਮ ’ਚ ਕੌਂਸਲ ਦੇ ਜੁਆਇੰਟ ਸਕੱਤਰ ਲਖਵਿੰਦਰ ਸਿੰਘ ਢਿੱਲੋਂ, ਮੈਂਬਰ ਡਾ. ਸਰਬਜੀਤ ਸਿੰਘ ਹੁਸ਼ਿਆਰ ਨਗਰ, ਖ਼ਾਲਸਾ ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ, ਖ਼ਾਲਸਾ ਕਾਲਜ ਵੂਮੈਨ ਪ੍ਰਿੰਸੀਪਲ ਡਾ: ਸੁਰਿੰਦਰ ਕੌਰ, ਖ਼ਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਪ੍ਰਿੰਸੀਪਲ ਸ੍ਰੀਮਤੀ ਪੁਨੀਤ ਕੌਰ ਨਾਗਪਾਲ, ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ ਜੀ.ਟੀ ਰੋਡ ਪ੍ਰਿੰਸੀਪਲ ਹਰਪ੍ਰੀਤ ਕੌਰ, ਖ਼ਾਲਸਾ ਕਾਲਜ ਚਵਿੰਡਾ ਦੇਵੀ ਪ੍ਰਿੰਸੀਪਲ ਪ੍ਰੋ: ਹਰਦੇਵ ਸਿੰਘ, ਪਿਸ਼ੌਰਾ ਸਿੰਘ ਗਿੱਲ, ਰਾਜਬਿੰਦਰ ਸਿੰਘ, ਸ਼ਰਨਜੀਤ ਸਿੰਘ, ਸਕੂਲ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸੀ।ਸਟੇਜ ਦੀ ਰਣਕੀਰਤ ਸਿੰਘ ਸੰਧੂ ਨੇ ਸੰਭਾਲੀ।