ਅੰਮ੍ਰਿਤਸਰ, 10 ਫ਼ਰਵਰੀ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਤਖ਼ਤ ਸ੍ਰੀ ਹਜ਼ੂਰ
ਸਾਹਿਬ ਪ੍ਰਬੰਧਕੀ ਬੋਰਡ ਵਿੱਚ ਸਰਕਾਰ ਵੱਲੋਂ ਨਾਮਜ਼ਦ ਮੈਂਬਰਾਂ ਦੀ ਗਿਣਤੀ ਵਧਾਉਣ ਦੇ ਮਾਮਲੇ ਵਿੱਚ ਮਹਾਰਾਸ਼ਟਰ ਸਰਕਾਰ ਦੀ ਅੜੀ ਨੂੰ ਸਿੱਖ ਭਾਵਨਾਵਾਂ ਦੀ ਅਣਦੇਖੀ ਕਰਾਰ ਦਿੱਤਾ ਹੈ।ਐਡਵੋਕੇਟ ਧਾਮੀ ਨੇ ਕਿਹਾ ਕਿ ਸਰਕਾਰ ਵੱਲੋਂ ਹੁਣ ਇਹ ਕਹਿਣਾ ਕਿ ਬੋਰਡ ਵਿਚ ਕੇਵਲ ਸਿੱਖ ਮੈਂਬਰ ਹੀ ਲਏ ਜਾਣਗੇ, ਕਿਸੇ ਤਰ੍ਹਾਂ ਤਰਕਸੰਗਤ ਨਹੀਂ ਹੈ।ਉਨ੍ਹਾਂ ਮਹਾਰਾਸ਼ਟਰ ਸਰਕਾਰ ਨੂੰ ਸਵਾਲ ਕੀਤਾ ਕਿ ਜਿਹੜੀਆਂ ਸਿੱਖ ਸੰਸਥਾਵਾਂ ਦੇ ਮੈਂਬਰਾਂ ਦੀ ਕਟੌਤੀ ਕੀਤੀ ਜਾ ਰਹੀ ਹੈ, ਕੀ ਉਨ੍ਹਾਂ ਵੱਲੋਂ ਨਾਮਜ਼ਦ ਮੈਂਬਰ ਸਿੱਖ ਨਹੀਂ ਸਨ?
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਸਰਕਾਰ ਦਾ ਸਪੱਸ਼ਟੀਕਰਨ ਕੇਵਲ ਗੁੰਮਰਾਹ ਕਰਨ ਵਾਲਾ ਹੈ, ਜਦਕਿ ਸੱਚਾਈ ਇਹ ਹੈ ਕਿ ਸਰਕਾਰ ਗੁਰਦੁਆਰਾ ਪ੍ਰਬੰਧਾਂ ਨੂੰ ਆਪਣੇ ਹੱਥਾਂ ’ਚ ਲੈਣਾ ਚਾਹੁੰਦੀ ਹੈ।ਉਨ੍ਹਾਂ ਕਿਹਾ ਕਿ ਬੀਤੇ ਕੱਲ੍ਹ ਤਖ਼ਤ ਸ੍ਰੀ ਹਜ਼ੂਰ ਸਾਹਿਬ ਵਿਖੇ ਸਿੱਖ ਸੰਗਤਾਂ ਦਾ ਵੱਡਾ ਸਮੂਹ ਸਰਕਾਰ ਦੇ ਫੈਸਲੇ ਵਿਰੁੱਧ ਆਪਣੀ ਭਾਵਨਾ ਪ੍ਰਗਟ ਕਰ ਚੁੱਕਾ ਹੈ, ਜਿਸ ਨੂੰ ਗੰਭੀਰਤਾ ਨਾਲ ਲੈਣ ਦੀ ਲੋੜ ਹੈ।
ਐਡਵੋਕੇਟ ਧਾਮੀ ਨੇ ਕਿਹਾ ਕਿ ਤਖ਼ਤ ਸ੍ਰੀ ਹਜ਼ੂਰ ਸਾਹਿਬ ਸਿੱਖਾਂ ਦੇ ਸਤਿਕਾਰਤ ਤਖ਼ਤਾਂ ਵਿੱਚੋਂ ਇਕ ਹੈ, ਜਿਥੋਂ ਦੇ ਪ੍ਰਬੰਧ ਅਤੇ ਸੇਵਾ ਸੰਭਾਲ ਲਈ 1956 ਵਿਚ ਬਣਾਏ ਗਏ ਐਕਟ ਨੂੰ ਖੰਡਿਤ ਕਰਨ ਅਤੇ ਤੋੜਨ ਦੀ ਕਿਸੇ ਤਰ੍ਹਾਂ ਦੀ ਲੋੜ ਮਹਿਸੂਸ ਨਹੀਂ ਹੁੰਦੀ।
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਮਹਾਰਾਸ਼ਟਰ ਸਰਕਾਰ ਸਿੱਖ ਜਗਤ ’ਤੇ ਆਪਣਾ ਫੈਸਲਾ ਠੋਸਣ ਤੋਂ ਗੁਰੇਜ਼ ਕਰੇ।
Check Also
ਭਗਵੰਤ ਮਾਨ ਸਰਕਾਰ ਵੱਲੋਂ ਅੰਮ੍ਰਿਤਸਰ ਵਿੱਚ ਬਿਹਤਰ ਸਵੱਛਤਾ ਸੇਵਾਵਾਂ ਯਕੀਨੀ ਬਣਾਉਣ ਲਈ 60 ਐਮ.ਐਲ.ਡੀ ਸੀਵਰੇਜ ਟ੍ਰੀਟਮੈਂਟ ਪਲਾਂਟ ਨੂੰ ਮਨਜ਼ੂਰੀ
ਚੰਡੀਗੜ੍ਹ, 6ਅਗਸਤ:(ਪੰਜਾਬ ਪੋਸਟ ਬਿਊਰੋ) – ਸਾਲਾਂ ਤੋਂ ਅੰਮ੍ਰਿਤਸਰ ਦਾ ਸੀਵਰੇਜ ਸਿਸਟਮ ਇਸ ਪਵਿੱਤਰ ਸ਼ਹਿਰ ਦੀਆਂ …
Punjab Post Daily Online Newspaper & Print Media