Sunday, July 27, 2025
Breaking News

15000/- ਰੁਪਏ ਰਿਸ਼ਵਤ ਲੈਂਦਾ ਪੁਲਿਸ ਚੌਕੀ ਇੰਚਾਰਜ਼ ਵਿਜੀਲੈਂਸ ਵਲੋਂ ਗ੍ਰਿਫ਼ਤਾਰ

ਅੰਮ੍ਰਿਤਸਰ, 27 ਮਾਰਚ (ਸੁਖਬੀਰ ਸਿੰਘ) – ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਅਦਾਲਤ ਕੰਪਲੈਕਸ ਅੰਮ੍ਰਿਤਸਰ ਸਥਿਤ ਪੁਲਿਸ ਚੌਕੀ ਦੇ ਇੰਚਾਰਜ਼ ਸਹਾਇਕ ਸਬ-ਇੰਸਪੈਕਟਰ ਗੁਰਜੀਤ ਸਿੰਘ ਨੂੰ 15000/- ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਹਰਜਿੰਦਰ ਸਿੰਘ ਵਾਸੀ ਪਿੰਡ ਫਤਿਹਪੁਰ ਜਿਲ੍ਹਾ ਅੰਮ੍ਰਿਤਸਰ ਦੀ ਸ਼ਿਕਾਇਤ `ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਉਸ ਵਲੋਂ 40 ਲੱਖ ਰੁਪਏ ਦੀ ਵਿੱਤੀ ਧੋਖਾਧੜੀ ਸਬੰਧੀ ਦਰਜ਼ ਕਰਵਾਈ ਗਈ ਪੁਲਿਸ ਸ਼ਿਕਾਇਤ `ਤੇ ਤੁਰੰਤ ਕਾਰਵਾਈ ਕਰਨ ਬਦਲੇ ਉਕਤ ਮੁਲਜ਼ਮ ਨੇ ਉਸ ਕੋਲੋਂ 50000/- ਰੁਪਏ ਰਿਸ਼ਵਤ ਮੰਗੀ।ਉਸਨੇ ਦੱਸਿਆ ਕਿ ਪੁਲਿਸ ਮੁਲਾਜ਼ਮ ਪਹਿਲਾਂ ਹੀ ਉਸ ਕੋਲ਼ੋਂ ਰਿਸ਼ਵਤ ਦੀ ਪਹਿਲੀ ਕਿਸ਼ਤ ਵਜੋਂ 20000 ਰੁਪਏ ਲੈ ਚੁੱਕਾ ਹੈ ਅਤੇ ਰਿਸ਼ਵਤ ਦੀ ਬਾਕੀ ਰਕਮ ਮੰਗ ਰਿਹਾ ਹੈ।
ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾ ਕੇ ਉਕਤ ਪੁਲਿਸ ਮੁਲਾਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਰਿਸ਼ਵਤ ਦੀ ਦੂਜੀ ਕਿਸ਼ਤ ਵਜੋਂ 15000/- ਰੁਪਏ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।
ਉਨ੍ਹਾਂ ਦੱਸਿਆ ਕਿ ਇਸ ਸਬੰਧੀ ਵਿਜੀਲੈਂਸ ਬਿਊਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ਼ ਕੀਤਾ ਗਿਆ ਹੈ।ਉਨ੍ਹਾਂ ਕਿਹਾ ਕਿ ਮੁਲਜ਼ਮ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।

Check Also

ਸਿੱਖਿਆ ਵਿਭਾਗ ਵਲੋਂ ਜ਼ੋਨ ਕਰਮਪੁਰਾ ਪੱਧਰੀ ਖੇਡ ਮੁਕਾਬਲਿਆਂ ਦੀ ਸ਼ੁਰੂਆਤ

ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਰਾਜ ਨੂੰ ‘ਰੰਗਲਾ ਪੰਜਾਬ’ ਬਣਾਉਣ ਅਤੇ …