ਚੋਣਾਂ ਦੌਰਾਨ ਸ਼ੱਕੀ ਵਿਅਕਤੀਆਂ ਤੇ ਰਹੇਗੀ ਸਖ਼ਤ ਨਜ਼ਰ – ਕਮਿਸ਼ਨਰ ਪੁਲਿਸ
ਅੰਮ੍ਰਿਤਸਰ, 27 ਮਾਰਚ (ਸੁਖਬੀਰ ਸਿੰਘ) – ਆ ਰਹੀਆਂ ਲੋਕ ਸਭਾ ਚੋਣਾਂ ਦੌਰਾਨ ਹਰੇਕ ਪੋਲਿੰਗ ਸਟੇਸ਼ਨ ‘ਤੇ ਤਿੱਖੀ ਨਜ਼ਰ ਰੱਖੀ ਜਾਵੇਗੀ ਤਾਂ ਜੋ ਕੋਈ ਸ਼ਰਾਰਤੀ
ਅਨਸਰ ਕਿਸੇ ਤਰ੍ਹਾਂ ਦੀ ਸ਼ਰਾਰਤ ਨਾ ਕਰ ਸਕੇ ਅਤੇ ਸਾਰੇ ਪੋਲਿੰਗ ਸਟੇਸ਼ਨਾਂ ਤੇ ਸੀ.ਸੀ.ਟੀ.ਵੀ ਕੈਮਰੇ ਲਗਾਏ ਜਾਣਗੇ।
ਇਨਾਂ ਸ਼ਬਦਾਂ ਦਾ ਪ੍ਰਗਟਾਵਾ ਜਿਲ੍ਹਾ ਚੋਣ ਅਧਿਕਾਰੀ ਘਨਸ਼ਾਮ ਥੋਰੀ ਨੇ ਪੁਲਿਸ ਅਧਿਕਾਰੀਆਂ ਅਤੇ ਪ੍ਰਸਾਸ਼ਨਿਕ ਅਧਿਕਾਰੀਆਂ ਨਾਲ ਮੀਟਿੰਗ ਕਰਨ ਉਪਰੰਤ ਕੀਤਾ।ਉਨਾਂ ਦੱਸਿਆ ਕਿ ਜਿਲ੍ਹੇ ਵਿੱਚ ਕੁੱਲ 361 ਵਲਨੂਰੇਬਲ ਸਥਾਨਾਂ ਅਤੇ 624 ਵਲਨੂਰੇਬਲ ਪੋਲਿੰਗ ਸਟੇਸ਼ਨਾਂ ਦੀ ਪਹਿਚਾਣ ਕੀਤੀ ਗਈ ਹੈ ਅਤੇ ਬਾਕੀ ਹੋਰ ਜਾਂਚ ਪੜਤਾਲ ਕੀਤੀ ਜਾ ਰਹੀ ਹੈ। ਉਨਾਂ ਦੱਸਿਆ ਕਿ ਜਿਲ੍ਹੇ ਵਿੱਚ ਸਖ਼ਤ ਚੌਕਸੀ ਵਰਤੀ ਜਾ ਰਹੀ ਹੈ ਅਤੇ ਕਿਸੇ ਵੀ ਸ਼ਰਾਰਤੀ ਅਨਸਰ ਨੂੰ ਹੁਲੜਬਾਜ਼ੀ ਨਹੀਂ ਕਰਨ ਦਿੱਤੀ ਜਾਵੇਗੀ।ਉਨਾਂ ਸਪੱਸ਼ਟ ਕੀਤਾ ਕਿ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ‘ਤੇ ਅਮਲ ਕਰਦੇ ਹੋਏ ਇਹ ਚੋਣਾਂ ਬਿਲਕੁੱਲ ਨਿਰਪੱਖ, ਪਾਰਦਰਸ਼ਤਾ ਅਤੇ ਭੈਅ ਮੁਕਤ ਮਾਹੌਲ ਵਿੱਚ ਨੇਪਰੇ ਚਾੜ੍ਹਨ ਲਈ ਯੋਗ ਪ੍ਰਬੰਧ ਕੀਤੇ ਗਏ ਹਨ।
ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਕਿਹਾ ਕਿ ਕਿਸੇ ਵੀ ਅਣਸੁਖਾਵੀਂ ਹਰਕਤ ‘ਤੇ ਕਾਬੂ ਪਾਉਣ ਲਈ ਪੁਲਿਸ ਫੋਰਸ ਤਿਆਰ ਹੈ ਅਤੇ ਕਿਸੇ ਵੀ ਵਿਅਕਤੀ ਨੂੰ ਸ਼ਰਾਰਤ ਨਹੀਂ ਕਰਨ ਦਿੱਤੀ ਜਾਵੇਗੀ।ਉਨਾਂ ਦੱਸਿਆ ਕਿ ਸ਼ਹਿਰ ਵਿੱਚ ਵੱਖ-ਵੱਖ ਥਾਵਾਂ ‘ਤੇ ਨਾਕੇ ਲਗਾ ਕੇ ਚੈਕਿੰਗ ਮੁਹਿੰਮ ਸ਼ੁਰੂ ਕਰ ਦਿੱਤੀ ਗਈ ਹੈ। ਉਨਾਂ ਕਿਹਾ ਕਿ ਹਰੇਕ ਵਿਧਾਨ ਸਭਾ ਹਲਕੇ ਵਿੱਚ ਸ਼ੱਕੀ ਵਿਅਕਤੀਆਂ ਉਤੇ ਲਗਾਤਾਰ ਨਜ਼ਰ ਰੱਖੀ ਜਾ ਰਹੀ ਹੈ।ਉਨਾਂ ਦੱਸਿਆ ਕਿ ਚੋਣਾਂ ਦੌਰਾਨ ਅਮਨ ਸ਼ਾਂਤੀ ਅਤੇ ਕਾਨੂੰਨੀ ਵਿਵਸਥਾ ਬਣਾਈ ਰੱਖਣ ਲਈ ਲੋਕਾਂ ਨੂੰ ਆਪਣੇ ਲਾਇਸੰਸੀ ਹਥਿਆਰ ਤੁਰੰਤ ਸਬੰਧਤ ਥਾਣਿਆਂ ਵਿੱਚ ਜਮ੍ਹਾਂ ਕਰਵਾਉਣ ਲਈ ਕਿਹਾ ਗਿਆ ਹੈ ਅਤੇ ਜਿਨ੍ਹਾਂ ਲੋਕਾਂ ਵਲੋਂ ਅਜੇ ਤੱਕ ਲਾਇਸੰਸੀ ਹਥਿਆਰ ਨਹੀਂ ਜਮ੍ਹਾਂ ਕਰਵਾਏ ਗਏ ਉਨਾਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਇਸ ਮੌਕੇ ਐਸ.ਐਸ.ਪੀ ਦਿਹਾਤੀ ਸਤਿੰਦਰ ਸਿੰਘ, ਵਧੀਕ ਡਿਪਟੀ ਕਮਿਸ਼ਨਰ ਨਿਕਾਸ ਕੁਮਾਰ, ਐਸ.ਡੀ.ਐਮ ਮਜੀਠਾ ਡਾ. ਹਰਨੂਰ ਕੌਰ ਢਿਲੋਂ, ਐਸ.ਡੀ.ਐਮ ਬਾਬਾ ਬਕਾਲਾ ਰਵਿੰਦਰ ਸਿੰਘ, ਐਸ.ਡੀ.ਐਮ ਲੋਪੋਕੇ ਮੈਡਮ ਅਮਨਦੀਪ ਕੌਰ, ਆਰ.ਟੀ.ਏ ਅਰਸ਼ਦੀਪ ਸਿੰਘ ਤੋਂ ਇਲਾਵਾ ਸਬੰਧਤ ਅਧਿਕਾਰੀ ਹਾਜ਼ਰ ਸਨ।
Punjab Post Daily Online Newspaper & Print Media