Tuesday, January 14, 2025

ਖਾਲਸਾ ਕਾਲਜ ਵਿਖੇ ਸੱਭਿਆਚਾਰਕ ਮੁਕਾਬਲੇ ‘ਰੌਣਕ-2024’ ਦਾ ਹੋਇਆ ਸ਼ਾਨਦਾਰ ਅਗਾਜ਼

ਅੰਮ੍ਰਿਤਸਰ, 4 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਯੁਵਕ ਭਲਾਈ ਅਤੇ ਸੱਭਿਆਚਾਰਕ ਵਿਭਾਗ ਵੱਲੋਂ 6 ਅਪ੍ਰੈਲ ਤੱਕ ਚੱਲਣ ਵਾਲੇ ਸੱਭਿਆਚਾਰਕ ਮੁਕਾਬਲੇ ‘ਰੌਣਕ-2024’ ਦਾ ਪ੍ਰਿੰਸੀਪਲ ਡਾ. ਮਹਿਲ ਸਿੰਘ ਵੱਲੋਂ ਸ਼ਮ੍ਹਾ ਰੌਸ਼ਨ ਕਰ ਕੇ ਸ਼ਾਨਦਾਰ ਆਗਾਜ਼ ਕੀਤਾ ਗਿਆ।ਕਾਲਜ ਪ੍ਰਿੰਸੀਪਲ ਨੇ ਵਿਭਾਗ ਮੁੱਖੀ ਅਤੇ ਰਜਿਸਟਰਾਰ ਡਾ. ਦਵਿੰਦਰ ਸਿੰਘ ਵੱਲੋਂ ਕਰਵਾਏ ਸੱਭਿਆਚਾਰਕ ਮੁਕਾਬਲੇ ਦੀ ਵਧਾਈ ਦਿੰਦਿਆਂ ਕਿਹਾ ਕਿ ਇਨਸਾਨ ਦਾ ਮੁੱਢਲਾ ਫ਼ਰਜ਼ ਹੈ ਕਿ ਉਹ ਆਪਣੀ ਸੱਭਿਅਤਾ ਅਤੇ ਵਿਰਸੇ ਦੀ ਰਾਖੀ ’ਤੇ ਪਹਿਰਾ ਦੇਵੇ ਅਤੇ ਲੋਕਚਾਰੀ ਤੇ ਵਿਰਾਸਤ ਨੂੰ ਸੰਭਾਲਣ ਲਈ ਯਤਨਸ਼ੀਲ ਰਹੇ।
ਕਲਚਰਲ ਐਸੋਸੀਏਸ਼ਨ ਵੱਲੋਂ ਇੰਟਰ ਫ਼ੈਕਲਟੀ ਕਲਚਰਲ ਮੁਕਾਬਲਾ ਲਈ ਹਰ ਸਾਲ ਕਰਵਾਇਆ ਜਾਂਦਾ ਹੈ, ਜਿਸ ਵਿੱਚ ਵੱਖ-ਵੱਖ ਵਿਭਾਗਾਂ ਦੇ ਵਿਦਿਆਰਥੀ ਆਪਣੀਆਂ ਕਲਾਵਾਂ ਦੇ ਜੌਹਰ ਵਿਖਾਉਂਦੇ ਹਨ।3 ਰੋਜ਼ਾ ਇਸ ਪ੍ਰੋਗਰਾਮ ਦੌਰਾਨ ਵਿਦਿਆਰਥੀਆਂ ਵੱਲੋਂ ਅਲੱਗ-ਅਲੱਗ ਗੀਤਾਂ ਤੋਂ ਇਲਾਵਾ ਕਵੀਸ਼ਰੀ, ਕਵਿਤਾ ਗਾਇਨ, ਭੰਗੜਾ, ਗਿੱਧਾ ਆਦਿ ਦੀ ਪੇਸ਼ਕਾਰੀ ਦਿੱਤੀ ਜਾਵੇਗੀ।ਅੱਜ ਪਹਿਲੇ ਦਿਨ ਕਲਾਸੀਕਲ ਡਾਂਸ, ਸੋਲੋ ਡਾਂਸ, ਫੋਕ ਦੀ ਪੇਸ਼ਕਾਰੀ ਰਾਹੀਂ ਵਿਦਿਆਰਥੀਆਂ ਨੇ ਹਾਜ਼ਰੀਨ ਤੋਂ ਖੂਬ ਵਾਹ-ਵਾਹ ਖੱਟੀ।
ਡਾ. ਮਹਿਲ ਸਿੰਘ ਨੇ ਕਿਹਾ ਕਿ ਅਜੋਕੀ ਨੌਜਵਾਨ ਪੀੜ੍ਹੀ ਜੋ ਕਿ ਆਪਣੇ ਸੱਭਿਆਚਾਰ ਤੋਂ ਦੂਰ ਹੁੰਦੀ ਜਾ ਰਹੀ ਹੈ, ਉਸ ਨੂੰ ਵਿਰਸੇ ਨਾਲ ਜੋੜਨ ਲਈ ਵਿਭਾਗ ਵੱਲੋਂ ਸਲਾਹੁਣਯੋਗ ਉਪਰਾਲਾ ਕੀਤਾ ਗਿਆ ਹੈ।ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਆਪਣੇ ਵਿਰਸੇ ਅਤੇ ਸੱਭਿਅਤਾ ਦੀ ਸੰਭਾਲ ‘ਚ ਪੱਛੜ ਗਏ ਤਾਂ ਆਉਣ ਵਾਲੇ ਸਮੇਂ ’ਚ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਦੀ ਹੋਂਦ ਖ਼ਤਰੇ ’ਚ ਆ ਜਾਵੇਗੀ।ਉਨ੍ਹਾਂ ਕਿਹਾ ਕਿ ਸੱਭਿਆਚਾਰਕ ਮੁਕਾਬਲੇ ਨੌਜਵਾਨਾਂ ਨੂੰ ਜਿੱਤਣ ਅਤੇ ਵਿਰਸੇ ਨਾਲ ਜੋੜਣ ’ਚ ਅਹਿਮ ਭੂਮਿਕਾ ਨਿਭਾਉਂਦੇ ਹਨ।ਮੁੁਕਾਬਲੇ ਦੌਰਾਨ ਅਮਰਜੋਤੀ ਸੰਧੂ, ਮਨਪ੍ਰੀਤ ਸਿੰਘ ਮੰਨਾ ਅਤੇ ਅਨੂਰੀਤ ਕੌਰ ਲੇਹਲ ਨੇ ਜੱਜ ਅਤੇ ਡਾ. ਸੁਰਜੀਤ ਕੌਰ ਨੇ ਸੰਚਾਲਨ ਕੀਤਾ।ਜੇਤੂ ਵਿਦਿਆਰਥੀਆਂ ਨੂੰ ਇਨਾਮ ਵੀ ਤਕਸੀਮ ਕੀਤੇ ਗਏ।
ਇਸ ਮੌਕੇ ਡਾ. ਤਮਿੰਦਰ ਸਿੰਘ ਭਾਟੀਆ, ਡਾ. ਦੀਪਕ ਦੇਵਗਨ, ਡਾ. ਏ.ਕੇ ਕਾਹਲੋਂ, ਡਾ. ਸੁਰਜੀਤ ਕੌਰ ਤੋਂ ਇਲਾਵਾ ਹੋਰ ਸਟਾਫ਼ ਮੈਂਬਰ ਅਤੇ ਵੱਡੀ ਗਿਣਤੀ ’ਚ ਵਿਦਿਆਰਥੀ ਹਾਜ਼ਰ ਸਨ।

Check Also

ਲਾਇਨਜ਼ ਕਲੱਬ ਸੰਗਰੂਰ ਰਾਇਲ ਨੇ ਮਨਾਇਆ ਲੋਹੜੀ ਦਾ ਤਿਉਹਾਰ

ਸੰਗਰੂਰ, 14 ਜਨਵਰੀ (ਜਗਸੀਰ ਲੌਂਗੋਵਾਲ) – ਲਾਇਨਜ਼ ਕਲੱਬ ਸੰਗਰੂਰ ਰਾਇਲ ਨੇ ਕਲੱਬ ਦੇ ਪ੍ਰਧਾਨ ਰਾਜੀਵ …