ਅੰਮ੍ਰਿਤਸਰ, 9 ਅਪ੍ਰੈਲ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਸਥਿਤ ਕੇਂਦਰੀ ਸਿੱਖ ਅਜਾਇਬ ਘਰ ’ਚ
ਕਾਰਸੇਵਾ ਸੰਪ੍ਰਦਾ ਗੁਰੂ ਕਾ ਬਾਗ ਦੇ ਮੁਖੀ ਬਾਬਾ ਹਜ਼ਾਰਾ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਹਰਚਰਨ ਸਿੰਘ ਮਹਾਲੋਂ, ਸੰਗੀਤ ਮਾਰਤੰਡ ਪਦਮਸ੍ਰੀ ਪ੍ਰੋਫ਼ੈਸਰ ਕਰਤਾਰ ਸਿੰਘ ਅਤੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਦੇ ਬਿਰਤਾਂਤ ਨੂੰ ਕਾਵਿ-ਰੂਪ ਵਿਚ ਦਰਜ਼ ਕਰਨ ਵਾਲੇ ਅਲਹ ਯਾਰ ਖ਼ਾਂ ਜੋਗੀ ਦੀਆਂ ਤਸਵੀਰਾਂ ਸੁਸ਼ੋਭਿਤ ਕੀਤੀਆਂ ਗਈਆਂ।ਤਸਵੀਰਾਂ ਤੋਂ ਪਰਦਾ ਹਟਾਉਣ ਦੀ ਰਸਮ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਨਿਭਾਈ, ਜਦਕਿ ਸਿੰਘ ਸਾਹਿਬ ਗਿਆਨੀ ਬਲਵਿੰਦਰ ਸਿੰਘ, ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਭਾਈ ਗੁਰਬਖ਼ਸ਼ ਸਿੰਘ ਖਾਲਸਾ, ਮੈਂਬਰ ਸੁਰਜੀਤ ਸਿੰਘ ਭਿੱਟੇਵੱਡ, ਜਥੇਦਾਰ ਮਹਿੰਦਰ ਸਿੰਘ ਹੁਸੈਨਪੁਰ ਤੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਵੀ ਮੌਜੂਦ ਸਨ।
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਪੰਥਕ ਖੇਤਰ ਵਿਚ ਸਮੇਂ-ਸਮੇਂ ਸੇਵਾਵਾਂ ਨਿਭਾਉਣ ਵਾਲੀਆਂ ਸ਼ਖ਼ਸੀਅਤਾਂ ਦੀਆਂ ਤਸਵੀਰਾਂ ਕੇਂਦਰੀ ਸਿੱਖ ਅਜਾਇਬ ਘਰ ਵਿਚ ਲਗਾ ਕੇ ਸਿੱਖ ਕੌਮ ਦੀ ਸਿਰਮੌਰ ਸੰਸਥਾ ਵੱਲੋਂ ਉਨ੍ਹਾਂ ਦਾ ਸਤਿਕਾਰ ਕੀਤਾ ਜਾਂਦਾ ਹੈ।ਉਨ੍ਹਾਂ ਕਿਹਾ ਕਿ ਅੱਜ ਜੋ ਤਸਵੀਰਾਂ ਸੁਸ਼ੋਭਿਤ ਕੀਤੀਆਂ ਗਈਆਂ ਹਨ, ਉਨ੍ਹਾਂ ਵਿਚ ਬਾਬਾ ਹਜ਼ਾਰਾਂ ਸਿੰਘ ਕਾਰਸੇਵਾ ਗੁਰੂ ਕਾ ਬਾਗ ਵਾਲਿਆਂ ਨੇ ਗੁਰਦੁਆਰਾ ਸਾਹਿਬ ਦੀ ਉਸਾਰੀ ਵਿਚ ਯੋਗਦਾਨ ਪਾਇਆ ਅਤੇ ਧਰਮ ਯੁੱਧ ਮੋਰਚੇ ਦੌਰਾਨ ਜੇਲ੍ਹ ਵੀ ਕੱਟੀ।ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਹਰਚਰਨ ਸਿੰਘ ਮਹਾਲੋਂ ਨੇ 1980 ਤੋਂ 1987 ਤੱਕ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਵਜੋਂ ਸੇਵਾਵਾਂ ਨਿਭਾਈਆਂ ਤੇ ਉਹ ਸ਼੍ਰੋਮਣੀ ਕਮੇਟੀ ਦੇ ਮੈਂਬਰ ਵਜੋਂ ਵੀ ਕਾਰਜਸ਼ੀਲ ਰਹੇ।ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਪਦਮਸ੍ਰੀ ਪ੍ਰੋਫ਼ੈਸਰ ਕਰਤਾਰ ਸਿੰਘ ਨੇ ਜਿਥੇ ਰਾਗ ਅਧਾਰਿਤ ਕੀਰਤਨ ਅਤੇ ਪੁਰਾਤਨ ਕਲਾ ਤੰਤੀ ਸਾਜ਼ਾਂ ਰਾਹੀਂ ਗੁਰਮਤਿ ਸੰਗੀਤ ਨੂੰ ਪ੍ਰਚਾਰਿਆ, ਉਥੇ ਸੰਗਤੀ ਨਾਲ ਸਬੰਧਤ 7 ਪੁਸਤਕਾਂ ਵੀ ਸੰਗਤ ਦੀ ਝੋਲੀ ਪਾਈਆਂ।ਅੱਲਾ ਯਾਰ ਯੋਗੀ ਨੇ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦਿਆਂ ਦੀਆਂ ਸ਼ਹਾਦਤਾਂ ਦੇ ਬਿਰਤਾਂਤ ਨੂੰ ਕਾਵਿ-ਰੂਪ ਵਿਚ ਸ਼ਹੀਦਾਨਿ ਵਫ਼ਾ ਅਤੇ ਗੰਜਿ-ਏ-ਸ਼ਹੀਦਾਂ ਰਾਹੀਂ ਬਿਆਨ ਕੀਤਾ ਹੈ, ਜੋ ਸਿੱਖ ਸੰਗਤਾਂ ਲਈ ਪ੍ਰੇਰਣਾ ਦਾ ਸੋਮਾ ਹੈ।
ਹਜ਼ੂਰੀ ਰਾਗੀ ਭਾਈ ਭੁਪਿੰਦਰ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਅਰਦਾਸ ਭਾਈ ਪ੍ਰੇਮ ਸਿੰਘ ਨੇ ਕੀਤੀ।ਪੁੱਜੀਆਂ ਸ਼ਖ਼ਸੀਅਤਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਵੀ ਕੀਤਾ ਗਿਆ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਸੁਰਜੀਤ ਸਿੰਘ ਭਿੱਟੇਵੱਡ, ਜਥੇਦਾਰ ਮਹਿੰਦਰ ਸਿੰਘ ਹੁਸੈਨਪੁਰ, ਵਧੀਕ ਸਕੱਤਰ ਬਿਜੈ ਸਿੰਘ, ਤੇਜਿੰਦਰ ਸਿੰਘ ਪੱਡਾ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਧੰਗੇੜਾ, ਮੀਤ ਸਕੱਤਰ ਹਰਭਜਨ ਸਿੰਘ ਵਕਤਾ, ਗੁਰਚਰਨ ਸਿੰਘ ਕੋਹਾਲਾ, ਬਲਵਿੰਦਰ ਸਿੰਘ ਖੈਰਾਬਾਦ, ਬਾਬਾ ਸੁਖਵਿੰਦਰ ਸਿੰਘ ਭੂਰੀਵਾਲੇ, ਬਾਬਾ ਸਤਨਾਮ ਸਿੰਘ ਗੁਰੂ ਕਾ ਬਾਗ, ਜਥੇਦਾਰ ਹਰਚਰਨ ਸਿੰਘ ਮਹਾਲੋਂ ਦੇ ਪਰਿਵਾਰ ਵਿੱਚੋਂ ਜਗਦੀਪ ਸਿੰਘ, ਭਾਈ ਸਰਬਜੀਤ ਸਿੰਘ, ਭਾਈ ਦਲਜੀਤ ਸਿੰਘ ਬਿੱਟੂ, ਨਰੈਣ ਸਿੰਘ ਚੌੜਾ, ਪਰਮਜੀਤ ਸਿੰਘ ਗਾਜੀ, ਪ੍ਰੋਫ਼ੈਸਰ ਕਰਤਾਰ ਸਿੰਘ ਦੇ ਪਰਿਵਾਰ ਵਿੱਚੋਂ ਅੰਮ੍ਰਿਤਪਾਲ ਸਿੰਘ ਚੰਡੀਗੜ੍ਹ, ਐਡਵੋਕੇਟ ਅਮਰਜੀਤ ਸਿੰਘ, ਭਾਈ ਸੁਖਵਿੰਦਰ ਸਿੰਘ, ਪ੍ਰਿੰਸੀਪਲ ਸੁਖਵਿੰਦਰ ਸਿੰਘ, ਬੀਬੀ ਸਤਵੰਤ ਕੌਰ, ਆਦਿ ਹਾਜ਼ਰ ਸਨ।
Check Also
ਸੰਸਦ ਵਿੱਚ ਉਠਿਆ ਕੈਂਸਰ ਦਾ ਗੰਭੀਰ ਮੁੱਦਾ: ਐਮ.ਪੀ ਔਜਲਾ ਨੇ ਤੁੰਗ ਢਾਬ ਡਰੇਨ ਨੂੰ ਦੱਸਿਆ ਵੱਡਾ ਕਾਰਨ
ਅੰਮ੍ਰਿਤਸਰ, 3 ਅਪ੍ਰੈਲ (ਜਗਦੀਪ ਸਿੰਘ) – ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਸੰਸਦ ਵਿੱਚ ਪੰਜਾਬ …
Punjab Post Daily Online Newspaper & Print Media